ਅੰਮ੍ਰਿਤਸਰ –: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗਏ ਦੋ ਦਿਨਾਂ ਸੈਮੀਨਾਰ ਦੇ ਆਖਰੀ ਦਿਨ ਬੋਲਦਿਆਂ ਕਿਹਾ ਕਿ ਚੁਣੌਤੀਆਂ ਦਾ ਸਾਹਮਣਾ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੧੯੨੦ ਤੋਂ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਚਲਾਇਆ ਜਾ ਰਿਹਾ ਹੈ। ਇਸ ਸੰਸਥਾ ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਫਿਰ ਵੀ ਨਸ਼ਿਆਂ ਦਾ ਰੁਝਾਨ ਕਾਫੀ ਹੈ ਜਿਸ ਲਈ ਤਕਨਾਲੋਜੀ ਦੇ ਸਾਧਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਨੂੰ ਧਰਮ ਦੀ ਯੂਨੀਵਰਸਿਟੀ ਬਣਾਇਆ ਜਾਵੇਗਾ। ਧਰਮ ਪ੍ਰਚਾਰ ਕਮੇਟੀ ਦੇ ਅਧੀਨ ਸਮੂਹ ਮਿਸ਼ਨਰੀ ਕਾਲਜ, ਗੁਰਮਤਿ ਵਿਦਿਆਲੇ ਤੇ ਪ੍ਰਾਈਵੇਟ ਵਿਦਿਆਲਿਆਂ ਦੇ ਸੰਚਾਲਕਾਂ ਨਾਲ ਸੰਪਰਕ ਕਰਕੇ ਇਨ੍ਹਾਂ ਦਾ ਸਲੇਬਸ ਇੱਕ ਕੀਤਾ ਜਾਵੇਗਾ ਤੇ ਇਨ੍ਹਾਂ ਨੂੰ ਇਸ ਯੂਨੀਵਰਸਿਟੀ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਮਤਿ ਦਾ ਪ੍ਰਚਾਰ ਕਰਨ ਵਾਲੇ ਪ੍ਰਚਾਰਕਾਂ ਦੇ ਕਿਰਦਾਰ ਨੂੰ ਹੋਰ ਉੱਚਾ ਚੁਕਿਆ ਜਾਵੇਗਾ ਤੇ ਇਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਜੋ ਇਹ ਹਰੇਕ ਤਰ੍ਹਾਂ ਨਾਲ ਗੁਰਮਤਿ ਦੀ ਗੱਲ ਕਰ ਸਕਣ।
ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਸਿਰਫ ਤੇ ਸਿਰਫ ਸਿੱਖੀ ਨੂੰ ਪ੍ਰਫੁੱਲਿਤ ਕਰਨਾ ਹੀ ਹੈ। ਇਸ ਮੌਕੇ ਉਨ੍ਹਾਂ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵੱਲੋਂ ਸਲਾਹਕਾਰ ਕਮੇਟੀ ਦੇ ਗਠਨ ਸੰਬੰਧੀ ਮੰਗ ਨੂੰ ਮੌਕੇ ‘ਤੇ ਹੀ ਪ੍ਰਵਾਨ ਕੀਤਾ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਵਿਸ਼ਵ ਪੱਧਰ ਦੀ ਪੁਸਤਕ ਪ੍ਰਦਰਸ਼ਨੀ ਸਮੇਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਸਤਕਾਂ ਦਾ ਸਟਾਲ ਲਗਾਇਆ ਹੈ। ਜਥੇਦਾਰ ਅਵਤਾਰ ਸਿੰਘ ਨੇ ਇਹ ਐਲਾਨ ਵੀ ਕੀਤਾ ਕਿ ਹਰ ਸਾਲ ਪੰਜ ਚੰਗੇ ਪ੍ਰਚਾਰਕਾਂ ਨੂੰ ਸਨਮਾਨਿਆ ਜਾਵੇਗਾ। ਅੰਤ ਵਿੱਚ ਉਨ੍ਹਾਂ ਸਿੱਖ ਪੰਥ ਦੀ ਹੋਂਦ ਨੂੰ ਲੈ ਕੇ ਹੋਈ ਵਿਚਾਰ ਚਰਚਾ ਲਈ ਧੰਨਵਾਦ ਕੀਤਾ।
ਇਸ ਮੌਕੇ ਸ.ਸੁਖਦੇਵ ਸਿੰਘ ਭੌਰ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਨਮਸਕਾਰ ਕਰਦਾ ਹਾਂ ਜਿਨ੍ਹਾਂ ਪੰਥ ਨੂੰ ਸ਼ਕਤੀ ਬਖ਼ਸ਼ੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਦਾ ਕੇਂਦਰ ਗੁਰਦੁਆਰੇ ਹਨ, ਪਰ ਇਸ ਤੋਂ ਅੱਗੇ ਵਧਣ ਦੀ ਜ਼ਰੂਰਤ ਹੈ ਤਾਂ ਕਿ ਪੰਥ ਨਾਲੋਂ ਟੁੱਟਿਆਂ ਨੂੰ ਜੋੜਨ ਵਾਸਤੇ ਠੋਸ ਯਤਨ ਅਰੰਭੇ ਜਾ ਸਕਣ।
ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਨੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾ ਭੇਟ ਕਰਦਿਆਂ ਕਿਹਾ ਕਿ ਸਮੇਂ ਦੇ ਹਾਣੀ ਹੁੰਦਿਆਂ ਹੋਇਆ ਕਾਲਜਾਂ ਅੰਦਰ ਹਰ ਭਾਸ਼ਾ ਨੂੰ ਬੋਲਣ ਵਾਲਾ ਗਿਆਨ ਹੋਣਾ ਚਾਹੀਦਾ ਹੈ। ਇਸ ਮੌਕੇ ਭਾਈ ਰਵਿੰਦਰ ਸਿੰਘ, ਭਾਈ ਅਨੂਪ ਸਿੰਘ, ਭਾਈ ਕਰਨੈਲ ਸਿੰਘ ਤੇ ਗਿਆਨੀ ਸੰਤੋਖ ਸਿੰਘ ਵਾਲੇ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਚਾਰ ਨੂੰ ਹੋਰ ਸਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਸੁਝਾਅ ਪੱਤਰ ਸੌਂਪਿਆ।
ਇਸ ਮੌਕੇ ਸ.ਦਲਮੇਘ ਸਿੰਘ ਤੇ ਸ.ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਵਿਚਾਰਾਂ ਦੀ ਸਾਂਝ ਪਾਈ ਤੇ ਸ.ਸਤਬੀਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਆਈਆਂ ਪੰਥਕ ਸਖ਼ਸ਼ੀਅਤਾਂ ਦਾ ਧੰਨਵਾਦ ਕੀਤਾ। ਮੰਚ ਦਾ ਸੰਚਾਲਨ ਪ੍ਰੋਫੈਸਰ ਸੁਖਦੇਵ ਸਿੰਘ ਇੰਚਾਰਜ ਪੱਤਰ ਵਿਹਾਰ ਕੋਰਸ ਨੇ ਕੀਤਾ। ਇਸ ਮੌਕੇ ਪ੍ਰੋਫੈਸਰ ਰਵੇਲ ਸਿੰਘ, ਭਾਈ ਅਨੂਪ ਸਿੰਘ ਤੇ ਭਾਈ ਕਰਨੈਲ ਸਿੰਘ ਨੂੰ ਪ੍ਰਿੰਸੀਪਲ ਗੰਗਾ ਸਿੰਘ ਐਵਾਰਡ ਨਾਲ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ.ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਬੀਬੀ ਕਿਰਨਜੋਤ ਕੌਰ, ਸ.ਹਰਜਾਪ ਸਿੰਘ ਸੁਲਤਾਨਵਿੰਡ, ਸ.ਜਸਵਿੰਦਰ ਸਿੰਘ ਐਡਵੋਕੇਟ ਤੇ ਬਾਬਾ ਟੇਕ ਸਿੰਘ ਧਨੌਲਾ ਮੈਂਬਰ ਸ਼੍ਰੋਮਣੀ ਕਮੇਟੀ, ਸ.ਮਨਜੀਤ ਸਿੰਘ ਸਕੱਤਰ, ਸ.ਦਿਲਜੀਤ ਸਿੰਘ ਬੇਦੀ, ਸ.ਪਰਮਜੀਤ ਸਿੰਘ ਸਰੋਆ ਤੇ ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ, ਸ. ਸੰਤੋਖ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ.ਕੁਲਵਿੰਦਰ ਸਿੰਘ ਰਾਮਦਾਸ ਇੰਚਾਰਜ ਪਬਲੀਸਿਟੀ ਵਿਭਾਗ, ਪ੍ਰਿੰਸੀਪਲ ਸ.ਬਲਦੇਵ ਸਿੰਘ, ਸ. ਜੋਗੇਸ਼ਵਰ ਸਿੰਘ, ਸ. ਰਾਜਪਾਲ ਸਿੰਘ ਤੇ ਸ. ਗੁਰਬਚਨ ਸਿੰਘ ਪ੍ਰਿੰਸੀਪਲ, ਗਿਆਨੀ ਸਰਵਣ ਸਿੰਘ, ਗਿਆਨੀ ਹਰਬੰਸ ਸਿੰਘ ਤੇਗ, ਗਿਆਨੀ ਜਸਵਿੰਦਰ ਸਿੰਘ, ਗਿਆਨੀ ਇਕਬਾਲ ਸਿੰਘ, ਗਿਆਨੀ ਸਤਨਾਮ ਸਿੰਘ, ਹੈੱਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਭਾਈ ਜਗਦੇਵ ਸਿੰਘ ਐਮ.ਏ., ਭਾਈ ਕਰਨੈਲ ਸਿੰਘ ਗਰੀਬ, ਭਾਈ ਗੁਰਦੇਵ ਸਿੰਘ, ਭਾਈ ਅਮਰੀਕ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਜਗਬੀਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਜੱਜ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਪਰਮਿੰਦਰ ਸਿੰਘ, ਭਾਈ ਸਰਬਜੀਤ ਸਿੰਘ ਤੇ ਭਾਈ ਮਨਜੀਤ ਸਿੰਘ ਪ੍ਰਚਾਰਕ ਤੋਂ ਇਲਾਵਾ ਪੁਰਾਤਨ ਪ੍ਰਚਾਰਕ ਅਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ, ਗੁਰਮਤਿ ਵਿਦਿਆਲਾ ਭੂਰਾਕੋਹਨਾ, ਬੇਬੇ ਨਾਨਕੀ ਮਿਸ਼ਨਰੀ ਕਾਲਜ ਸੁਲਤਾਨਪੁਰ ਲੋਧੀ ਤੇ ਗੁਰੂ ਨਾਨਕ ਗੁਰਮਤਿ ਵਿਦਿਆਲਾ ਡੇਰਾ ਬਾਬਾ ਨਾਨਕ ਦਾ ਸਟਾਫ ਤੇ ਵਿਦਿਆਰਥੀ ਮੌਜੂਦ ਸਨ।