ਲੁਧਿਆਣਾ,(ਪ੍ਰੀਤੀ ਸ਼ਰਮਾ) – ਪੁਲਿਸ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ ਗਿੱਲ ਵੱਲੋਂ ਜਾਬਤਾ ਫੌਜ਼ਦਾਰੀ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਜਗਰਾਂਓ ਪੁਲ ਤੋਂ ਭਾਈਬਾਲਾ ਚੌਂਕ ਤੱਕ ਮੁੱਖ ਸੜਕ, ਦਫਤਰ ਪੁਲਿਸ ਕਮਿਸ਼ਨਰੇਟ, ਡੀ.ਸੀ. ਕੰਪਲੈਕਸ ਅਤੇ ਅਦਾਲਤੀ ਕੰਪਲੈਕਸ ਤੇ ਇਹਨਾਂ ਨਾਲ ਲਗਦੇ ਇਲਾਕਿਆਂ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਲਾਊਡ ਸਪੀਕਰ ਦੀ ਵਰਤੋਂ ਕਰਨ ‘ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਗਏ ਹਨ। ਇਹ ਹੁਕਮ 2 ਮਹੀਨੇ ਲਈ ਲਾਗੂ ਰਹਿਣਗੇ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਦਫਤਰ ਪੁਲਿਸ ਕਮਿਸ਼ਨਰੇਟ, ਦਫ਼ਤਰ ਡਿਪਟੀ ਕਮਿਸ਼ਨਰ ਅਤੇ ਅਦਾਲਤੀ ਕੰਪਲੈਕਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮਾਂ ਸਬੰਧੀ ਆਉਂਦੇ ਹਨ। ਉਹਨਾਂ ਦੱਸਿਆ ਕਿ ਅਕਸਰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਵਰਕਰ, ਵੱਖ-ਵੱਖ ਮੁਲਾਜਮ ਜੱਥੇਬੰਦੀਆਂ ਅਤੇ ਹੋਰ ਵਰਗਾਂ ਦੇ ਲੋਕਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਧਰਨੇ, ਰੋਸ ਰੈਲੀਆ ਅਤੇ ਮੁਜਾਹਰੇ ਕਰਕੇ ਪਬਲਿਕ ਆਰਡਰ ਵਿੱਚ ਰੁਕਾਵਟ ਪਾਈ ਜਾਂਦੀ ਹੈ। ਜਿਸ ਨਾਲ ਆਮ ਲੋਕਾਂ ਨੂੰ ਭਾਰੀ ਮੁਸ਼ਕਲ ਪੇਸ਼ ਆਉਂਦੀ ਹੈ ਅਤੇ ਸਰਕਾਰੀ ਕੰਮ-ਕਾਜ਼ ਵਿੱਚ ਵੀ ਵਿਘਨ ਪੈਂਦਾ ਹੈ, ਇਸੇ ਤਰ੍ਹਾਂ ਜਗਰਾਂਓ ਪੁਲ ਤੋਂ ਭਾਈਬਾਲਾ ਚੌਂਕ ਤੱਕ ਟ੍ਰੈਫਿਕ ਵਿੱਚ ਵੀ ਵਿਘਨ ਪੈਂਦਾ ਹੈ। ਉਹਨਾਂ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।