ਲੁਧਿਆਣਾ:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਨਾਗਕਲਾਂ ਜਹਾਂਗੀਰ ਅੰਮ੍ਰਿਤਸਰ ਵਿਖੇ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਮਾਰਚ ਮਹੀਨੇ ਵਿੱਚ ਲਗਾਏ ਜਾਣ ਵਾਲੇ ਕਿਸਾਨ ਮੇਲਿਆਂ ਵਿਚੋਂ ਇਹ ਦੂਜਾ ਮੇਲਾ ਸੀ। ਇਸ ਕਿਸਾਨ ਮੇਲੇ ਦੇ ਉਦਘਾਟਨੀ ਸਮਾਰੋਹ ਵਿੱਚ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਅਮਰਜੀਤ ਸਿੰਘ ਖਹਿਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏੇ ਜਦ ਕਿ ਯੂਨੀਵਰਸਿਟੀ ਦੇ ਪ੍ਰਬੰਧਕੀ ਬੋਰਡ ਦੇ ਮੈਂਬਰ ਸ: ਹਰਦੇਵ ਸਿੰਘ ਰਿਆੜ ਅਤੇ ਸਰਦਾਰਨੀ ਕਰਮਜੀਤ ਕੌਰ ਦਾਨੇਵਾਲੀਆ ਵਿਸੇਸ ਮਹਿਮਾਨ ਵਜੋਂ ਸ਼ਾਮਿਲ ਹੋਏ। ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਕੀਤੀ।
ਡਾ: ਖਹਿਰਾ ਨੇ ਇਸ ਮੌਕੇ ਕਿਹਾ ਕਿ ਸਾਨੂੰ ਗਿਆਨ ਅਤੇ ਵਿਗਿਆਨ ਦਾ ਹਾਣੀ ਬਣਨਾ ਚਾਹੀਦਾ ਹੈ ਅਤੇ ਇਸ ਤੋਂ ਵਾਂਝੇ ਕਿਸੇ ਵੀ ਮੁਲਕ ਅਤੇ ਕੌਮ ਨੇ ਤਰੱਕੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਤਰੱਕੀ ਅਤੇ ਵਿਕਾਸ ਲਈ ਨਵੀਆਂ ਖੋਜਾਂ ਤੋਂ ਆਪਣੇ ਆਪ ਨੂੰ ਜਾਣੂੰ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਚੰਗੇਰੀ ਖੇਤੀ ਲਈ ਸਾਨੂੰ ਅੱਵਲ ਦਰਜੇ ਦੀ ਸਿਖਲਾਈ ਪ੍ਰਾਪਤ ਕਰਨੀ ਚਾਹੀਦੀ ਹੈ। ਡਾ: ਖਹਿਰਾ ਨੇ ਕਿਹਾ ਕਿ ਸਾਨੂੰ ਖੇਤੀ ਵਪਾਰਕ ਨਜ਼ਰੀਏ ਨਾਲ ਕਰਨੀ ਚਾਹੀਦੀ ਹੈ ਅਤੇ ਹਰ ਕਿਸਮ ਦੇ ਖਰਚੇ ਦਾ ਰਿਕਾਰਡ ਰੱਖਣਾ ਚਾਹੀਦਾ ਹੈ।
ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਢਿੱਲੋਂ ਨੇ ਆਪਣੀ ਪ੍ਰਧਾਨਗੀ ਭਾਸ਼ਣ ਵਿੱਚ ਕਿਹਾ ਕਿ ਇਹ ਮੇਲੇ ਗਿਆਨ ਦੇ ਮੇਲੇ ਹਨ ਅਤੇ ਇਹ ਮੇਲੇ ਵਿਗਿਆਨੀਆਂ ਅਤੇ ਕਿਸਾਨਾਂ ਵਿੱਚ ਮੇਲ ਮਿਲਾਪ ਦਾ ਉੱਤਮ ਜ਼ਰੀਆ ਹਨ। ਉਨ੍ਹਾਂ ਕਿਹਾ ਕਿ ਇਸ ਮੇਲ ਮਿਲਾਪ ਤੋਂ ਯੂਨੀਵਰਸਿਟੀ ਦੇ ਵਿਗਿਆਨੀ ਕਿਸਾਨਾਂ ਤੋਂ ਕੁਝ ਸਿੱਖਦੇ ਹਨ ਅਤੇ ਕਿਸਾਨ ਵੀ ਵਿਗਿਆਨੀਆਂ ਕੋਲੋਂ ਸਿੱਖਦੇ ਹਨ। ਕਿਸਾਨਾਂ ਦੀਆਂ ਲੋੜਾਂ ਅਨੁਸਾਰ ਖੋਜ ਨੂੰ ਦਿਸ਼ਾ ਦਿੱਤੀ ਜਾਂਦੀ ਹੈ। ਡਾ: ਢਿੱਲੋਂ ਨੇ ਕਿਹਾ ਕਿ ਜਿਵੇਂ ਕਿ ਇਸ ਵਾਰ ਕਿਸਾਨ ਮੇਲੇ ਦਾ ਮੁੱਖ ਸੰਦੇਸ਼ ‘‘ਬੇਲੋੜੇ ਰਸਾਇਣਾਂ ਤੇ ਖਰਚ ਘਟਾਓ-ਵਾਤਾਵਰਨ ਬਚਾਓ, ਮੁਨਾਫ਼ਾ ਵਧਾਓ’’ ਰੱਖਿਆ ਗਿਆ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਾਨੂੰ ਰਸਾਇਣਾਂ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮੁੱਢਲੀਆਂ ਲਾਗਤਾਂ ਵਿੱਚ ਕਮੀ ਆਵੇਗੀ ਅਤੇ ਵਾਤਾਵਰਨ ਵੀ ਗੰਧਲਾ ਹੋਣ ਤੋਂ ਬਚੇਗਾ। ਉਨ੍ਹਾ ਕਿਹਾ ਕਿ ਸਾਨੂੰ ਝਾੜ ਨੂੰ ਨਹੀਂ ਦੇਖਣਾ ਚਾਹੀਦਾ ਸਗੋਂ ਹਿਸਾਬੀ ਕਿਤਾਬੀ ਬਣ ਕੇ ਮੁਨਾਫ਼ੇ ਨੂੰ ਵੇਖਣਾ ਚਾਹੀਦਾ ਹੈ। ਸਹਿਕਾਰੀ ਤੌਰ ਤੇ ਮਸ਼ੀਨੀਕਰਨ ਅਤੇ ਮੰਡੀਕਰਨ ਕਰ ਅਸੀਂ ਖੁਦ ਚੁਣੌਤੀਆਂ ਤੇ ਠੱਲ੍ਹ ਪਾ ਸਕਦੇ ਹਾਂ। ਖੇਤੀ ਵਿਭਿੰਨਤਾ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ 12 ਲੱਖ ਪਰਿਵਾਰ ਆਪਣੇ ਲਈ ਖਾਣਯੋਗ ਦਾਲਾਂ ਅਤੇ ਸਬਜ਼ੀਆਂ ਪੈਦਾ ਕਰ ਲੈਣ ਤਾਂ ਇਸ ਨਾਲ ਵੀ ਵੱਡੀ ਗਿਣਤੀ ਵਿੱਚ ਪੰਜਾਬ ਦਾ ਖੇਤਰ ਖੇਤੀ ਵਿਭਿੰਨਤਾ ਵਾਲੇ ਪਾਸੇ ਤੋਰਿਆ ਜਾ ਸਕਦਾ ਹੈ।
ਸਰਦਾਰਨੀ ਦਾਨੇਵਾਲੀਆ ਨੇ ਕਿਹਾ ਕਿ ਸਾਨੂੰ ਰੀਸੋ ਰੀਸੀ ਛਿੜਕਾਅ ਅਤੇ ਰਸਾਇਣਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਖੇਤੀ ਵਿੱਚ ਮਹਿਲਾਵਾਂ ਦਾ ਉੱਤਮ ਯੋਗਦਾਨ ਹੁੰਦਾ ਹੈ ਅਤੇ ਮਹਿਲਾਵਾਂ ਦੀ ਅਜਿਹੇ ਕਿਸਾਨ ਮੇਲਿਆਂ ਵਿੱਚ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਹੱਥੀਂ ਕੰਮ ਕਰਨ ਲਈ ਪ੍ਰੇਰਿਆ ਅਤੇ ਨਸ਼ਾਖੋਰੀ ਤੋਂ ਦੂਰ ਰਹਿਣ ਲਈ ਕਿਹਾ। ਸ: ਰਿਆੜ ਨੇ ਇਸ ਮੌਕੇ ਕਿਹਾ ਕਿ ਇਸ ਯੂਨੀਵਰਸਿਟੀ ਦੇ ਵਿਗਿਆਨੀ ਦੁਨੀਆਂ ਦੇ ਉੱਤਮ ਵਿਗਿਆਨੀਆਂ ਵਿੱਚੋਂ ਇਕ ਹਨ। ਉਨ੍ਹਾਂ ਕਿਹਾ ਇਹ ਇਲਾਕੇ ਲਈ ਬੜੇ ਮਾਣ ਦੀ ਗੱਲ ਹੈ ਕਿ ਯੂਨੀਵਰਸਿਟੀ ਵੱਲੋਂ ਇਹ ਕਿਸਾਨ ਮੇਲਾ ਨਾਗਕਲਾਂ ਜਹਾਂਗੀਰ ਵਿਖੇ ਲਗਾਇਆ ਗਿਆ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਘਰੇਲੂ ਬਗੀਚੀ ਵੱਲ ਮੁੜਨ ਨੂੰ ਕਿਹਾ। ਇਸ ਮੌਕੇ ਜ਼ਿਲ੍ਹੇ ਦੇ ਖੇਤੀਬਾੜੀ ਵਿਕਾਸ ਅਫਸਰ ਡਾ: ਦਿਲਬਾਗ ਸਿੰਘ ਧੰਜੂ ਨੇ ਵੀ ਵੱਡੀ ਗਿਣ੍ਯਤੀ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕੀਤਾ।
ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ: ਸਤਬੀਰ ਸਿੰਘ ਗੋਸਲ ਨੇ ਕੀਤੇ ਜਾ ਰਹੇ ਖੋਜ ਕਾਰਜਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਯੂਨੀਵਰਸਿਟੀ ਵੱਲੋਂ ਬੀਤੇ ਦਿਨੀਂ ਅੱਠ ਨਵੀਆਂ ਕਿਸਮਾਂ ਬਾਰੇ ਜਾਣਕਾਰੀ ਸਭ ਨਾਲ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੀ ਰਸਾਇਣਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਯੂਨੀਵਰਸਿਟੀ ਵੱਲੋਂ ਨਵੀਆਂ ਤਕਨੀਕਾਂ ਅਤੇ ਕੀਤੀਆਂ ਸਿਫਾਰਸ਼ਾਂ ਬਾਰੇ ਚਾਨਣਾ ਪਾਉਂਦੇ ਕਿਹਾ ਕਿ ਯੂਨੀਵਰਸਿਟੀ ਦੀਆਂ ਖੋਜ ਪ੍ਰਾਪਤੀਆਂ ਨੂੰ ਯੂਨੀਵਰਸਿਟੀ ਦੀਆਂ ਪ੍ਰਕਾਸ਼ਨਾਵਾਂ ਵਿੱਚ ਦਰਜ ਕੀਤਾ ਜਾਂਦਾ ਹੈ। ਇਨ੍ਹਾਂ ਪ੍ਰਕਾਸ਼ਨਾਵਾਂ ਨਾਲ ਜ਼ਰੂਰ ਸਾਂਝ ਪਾਓ ਅਤੇ ਨਵੀਆਂ ਤਕਨੀਕਾਂ ਦਾ ਲਾਹਾ ਪ੍ਰਾਪਤ ਕਰੋ। ਇਸ ਤੋਂ ਪਹਿਲਾਂ ਜੀ ਆਇਆਂ ਨੂੰ ਕਹਿੰਦਿਆਂ ਡਾ: ਹਰਵਿੰਦਰ ਸਿੰਘ ਧਾਲੀਵਾਲ, ਨਿਰਦੇਸ਼ਕ ਪਸਾਰ ਸਿੱਖਿਆ ਨੇ ਕਿਹਾ ਕਿ ਪਾਣੀ ਨਾਲ ਜੀਵਨ ਹੈ ਅਤੇ ਸਾਨੂੰ ਇਸ ਦੀ ਬੇਲੋੜੀ ਵਰਤੋਂ ਨਹੀਂ ਕਰਨੀ ਚਾਹੀਦੀੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੁਸ਼ਤਾਂ ਖਾਤਰ ਸਾਨੂੰ ਇਸ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ।
ਇਸ ਮੇਲੇ ਦੌਰਾਨ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵੱਲੋਂ ਬੜੇ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਸਟਾਲ ਲਗਾਏ ਗਏ। ਕਿਸਾਨਾਂ ਦੇ ਸੁਆਲਾਂ ਦਾ ਹੱਲ ਮੌਕੇ ਤੇ ਹੀ ਹਾਜ਼ਰ ਵੱਖ ਵੱਖ ਵਿਸ਼ਾ ਵਸਤੂ ਮਾਹਿਰਾਂ ਵੱਲੋਂ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਡਾ: ਢਿੱਲੋਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ: ਭੁਪਿੰਦਰ ਸਿੰਘ ਢਿੱਲੋਂ ਅਤੇ ਡਾ: ਪਰਮਜੀਤ ਸਿੰਘ, ਨਿਰਦੇਸ਼ਕ ਖੇਤਰੀ ਖੋਜ ਕੇਂਦਰ ਗੁਰਦਾਸਪੁਰ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਉਪਰਾਲੇ ਸਦਕਾ ਇਹ ਮੇਲਾ ਸਫਲ ਮੇਲਾ ਹੋਣ ਦਾ ਮਾਣ ਪ੍ਰਾਪਤ ਕਰ ਸਕਿਆ। ਅੰਤ ਵਿੱਚ ਧੰਨਵਾਦ ਦੇ ਸ਼ਬਦ ਡਾ: ਭੁਪਿੰਦਰ ਸਿੰਘ ਢਿੱਲੋਂ ਨੇ ਕਹੇ।