ਨਵੀਂ ਦਿੱਲੀ : ਸੇਵਾ ਦੇ ਪੁੰਜ ਪੰਥਰਤਨ ਬਾਬਾ ਹਰਬੰਸ ਸਿੰਘ ਜੀ ਕਾਰਸੇਵਾ ਵਾਲਿਆਂ ਦੀ ਮਿੱਠੀ ਯਾਦ ਵਿਚ ਹੋਏ ਸਲਾਨਾ ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਬੰਗਲਾ ਸਾਹਿਬ ਦੇ ਹੇਡ ਗ੍ਰੰਥੀ ਭਾਈ ਰਣਜੀਤ ਸਿੰਘ ਜੀ ਨੇ ਕਥਾ ਵਿਚਾਰਾਂ ਦੌਰਾਨ ਬਾਬਾ ਹਰਬੰਸ ਸਿੰਘ ਨੂੰ ਨਿਸ਼ਕਾਮ ਸੇਵਕ ਐਲਾਨਦੇ ਹੋਏ ਉਨ੍ਹਾਂ ਦੇ ਜੀਵਨ ਤੋਂ ਸੰਗਤਾਂ ਨੂੰ ਪ੍ਰੇਰਣਾ ਲੈਣ ਦੀ ਬੇਨਤੀ ਕੀਤੀ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਮੌਕੇ ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਦਿੱਲੀ ਦੀ ਸੰਗਤ ਦੀ ਸਹੁਲਿਅਤਾ ਵਾਸਤੇ ਬਾਬਾ ਜੀ ਵਲੋਂ ਕੀਤੇ ਗਏ ਕਾਰਸੇਵਾ ਦੇ ਕਾਰਜਾਂ ਤੋਂ ਜਾਨੂੰ ਕਰਵਾਇਆ।
ਪੰਥ ਪ੍ਰਸਿੱਧ ਰਾਗੀ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤੇ ਭਾਈ ਮਨਪ੍ਰੀਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਸੀਸ ਗੰਜ ਸਾਹਿਬ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕਮੇਟੀ ਦੇ ਮੁੱਖ ਸਲਾਹਕਾਰ ਕੁਲਮੋਹਨ ਸਿੰਘ, ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ, ਤੇ ਕਮੇਟੀ ਮੈਂਬਰ ਸੁਰਜੀਤ ਸਿੰਘ ਚਾਂਦਨੀ ਚੌਂਕ ਅਤੇ ਮਨਮੋਹਨ ਸਿੰਘ ਹਾਜਰ ਸਨ।