ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਧਰਮ ਰੱਖਿਅਕ ਮਹਾਨ ਪਰਉਪਕਾਰੀ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਰਦਾਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਅਯੋਜਿਤ ਕੀਤਾ ਗਿਆ। ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ‘ਚ ਸ਼ਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।
ਨਗਰ ਕੀਰਤਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ.ਹਰਜਾਪ ਸਿੰਘ ਸੁਲਤਾਨਵਿੰਡ, ਸ.ਮਨਜੀਤ ਸਿੰਘ ਸਕੱਤਰ, ਸ.ਮਹਿੰਦਰ ਸਿੰਘ ਆਹਲੀ ਤੇ ਸ.ਕੇਵਲ ਸਿੰਘ ਵਧੀਕ ਸਕੱਤਰ, ਸ.ਸਕੱਤਰ ਸਿੰਘ ਮੀਤ ਸਕੱਤਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ.ਪ੍ਰਤਾਪ ਸਿੰਘ, ਪਬਲੀਸਿਟੀ ਵਿਭਾਗ ਦੇ ਇੰਚਾਰਜ ਸ.ਕੁਲਵਿੰਦਰ ਸਿੰਘ ਰਮਦਾਸ, ਸੁਪ੍ਰਿੰਟੈਂਡੈਂਟ ਸ.ਹਰਮਿੰਦਰ ਸਿੰਘ ਮੂਧਲ, ਸਹਾਇਕ ਸੁਪ੍ਰਿੰਟੈਂਡੈਂਟ ਸ.ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ.ਜਸਵਿੰਦਰ ਸਿੰਘ, ਸ.ਚਾਨਣ ਸਿੰਘ ਤੇ ਸ.ਗੁਰਚਰਨ ਸਿੰਘ, ਚੀਫ ਅਕਾਊਟੈਂਟ ਸ.ਸਤਿੰਦਰ ਸਿੰਘ, ਸ.ਰਜਵੰਤ ਸਿੰਘ ਇੰਟਰਨਲ ਆਡੀਟਰ, ਐਡੀ:ਮੈਨੇਜਰ ਸ.ਜਤਿੰਦਰ ਸਿੰਘ ਤੇ ਸ.ਸੁਖਰਾਜ ਸਿੰਘ, ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ, ਸਮੂਹ ਧਾਰਮਿਕ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਸ਼ਬਦੀ ਜਥੇ, ਗਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿੱਣਤੀ ‘ਚ ਪੈਦਲ ਸੰਗਤਾਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਾਮਲ ਹੋਈਆਂ।
ਇਹ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸਰਾਂ ਗੁਰੂ ਰਾਮਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਊੜੀ ਬਜ਼ਾਰ, ਮਾਈ ਸੇਵਾ ਬਜ਼ਾਰ, ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪਨ ਹੋਇਆ। ਰਸਤੇ ਵਿੱਚ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ।
18 ਅਪ੍ਰੈਲ ਨੂੰ ਪ੍ਰਕਾਸ਼-ਪੁਰਬ ਵਾਲੇ ਦਿਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੇ ਭੋਗ ਉਪਰੰਤ ਸਵੇਰੇ ੮ ਵਜੇ ਤੋਂ ੯ ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਏ ਮੁੱਖ ਵਾਕ ਦੀ ਕਥਾ ਹੋਵੇਗੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਜਥੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਉਪਰੰਤ ਬਾਅਦ ਦੁਪਹਿਰ ੨ ਵਜੇ ਤੱਕ ਸਕੂਲਾਂ ਦੇ ਬੱਚੇ, ਸ਼ਬਦੀ ਜਥੇ ਗੁਰਬਾਣੀ ਕਥਾ ਵਿਖਿਆਨਾਂ ਸੰਗਤਾਂ ਨੂੰ ਨਿਹਾਲ ਕਰਨਗੇ। ਬਾਅਦ ਦੁਪਹਿਰ ੨ ਵਜੇ ਤੋਂ ਦੇਰ ਰਾਤ ਤੀਕ ਮਹਾਨ ਕੀਰਤਨ ਦਰਬਾਰ ਹੋਵੇਗਾ ਜਿਸ ਵਿਚ ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ, ਭਾਈ ਦਵਿੰਦਰ ਸਿੰਘ ਖੰਨੇ ਵਾਲੇ, ਭਾਈ ਰਜਿੰਦਰ ਸਿੰਘ ਬੱਗਾ, ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਭਾਈ ਗੁਰਇਕਬਾਲ ਸਿੰਘ ਤੇ ਭਾਈ ਪੁਨੀਤ ਸਿੰਘ, ਭਾਈ ਪਰਮਿੰਦਰ ਸਿੰਘ ਪ੍ਰੇਮੀ, ਭਾਈ ਸੁਰਿੰਦਰ ਸਿੰਘ ਗੁਰੂ ਰਾਮਦਾਸ ਲੋਕ ਭਲਾਈ ਸੁਸਾਇਟੀ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ, ਭਾਈ ਕੁਲਜੀਤ ਸਿੰਘ ਨੈਰੋਬੀਵਾਲੇ, ਭਾਈ ਗੁਰਵਿੰਦਰ ਸਿੰਘ ਰਿੰਕੂ, ਸੰਤ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਬੀਬਾ ਸੁਖਮਨੀਪ੍ਰੀਤ ਕੌਰ, ਬੀਬੀ ਜਸਜੀਤ ਕੌਰ ਕੋਟ ਖ਼ਾਲਸਾ ਵਾਲੇ, ਭਾਈ ਦਵਿੰਦਰ ਸਿੰਘ ਨਿਰਮਾਣ, ਮੀਰੀ-ਪੀਰੀ ਅਕੈਡਮੀ ਅਮਰੀਕਨ ਸਿੰਘਾਂ ਦਾ ਜਥਾ ਅਤੇ ਅਖੰਡ ਕੀਰਤਨੀ ਜਥਾ ਅੰਮ੍ਰਿਤਸਰ ਦੇ ਰਾਗੀ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸਮੂੰਹ ਸਿੱਖ ਸੰਗਤਾਂ ਨੂੰ ਅਪੀਲ ਹੈ ਕਿ ਧਰਮ ਰੱਖਿਅਕ ਮਹਾਨ ਪਰ ਉਪਕਾਰੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋ ਰਹੇ ਧਾਰਮਿਕ ਸਮਾਗਮ ‘ਚ ਪਰਿਵਾਰਾਂ ਸਮੇਤ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।