ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਏ ਵਿਸ਼ੇਸ਼ ਸੇਵਾ ਸੰਭਾਲ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚਾਰ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੌਂਪੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗਿਆਨੀ ਰਘਬੀਰ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਬਲਵਿੰਦਰ ਸਿੰਘ ਅਤੇ ਗਿਆਨੀ ਗੁਰਮਿੰਦਰ ਸਿੰਘ ਦੇ ਨਾਮ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ‘ਗ੍ਰੰਥੀ ਸਿੰਘ’ ਵਜੋਂ ਐਲਾਨ ਕੀਤੇ। ਇਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਵੱਖ-ਵੱਖ ਸਿੱਖ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਪ੍ਰਮੁੱਖ ਧਾਰਮਿਕ ਸਖ਼ਸ਼ੀਅਤਾਂ ਵੱਲੋਂ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਦਸਤਾਰਾਂ ਅਤੇ ਸਿਰੋਪਾਓ ਭੇਟ ਕੀਤੇ ਗਏ।
ਇਸ ਤੋਂ ਪਹਿਲਾਂ ਸਮਾਗਮ ਵਿੱਚ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਦੀ ਸੇਵਾ ਬਹੁਤ ਉੱਚੀ-ਸੁੱਚੀ ਹੈ। ਇਸ ਸੇਵਾ ਲਈ ਗੁਰਮਤਿ ਵਿਚਾਰਧਾਰਾ ਵਿੱਚ ਪ੍ਰਪੱਕਤਾ ਦੇ ਨਾਲ-ਨਾਲ ਗੁਰੂ ਦੀ ਭੈਅ ਭਾਵਨੀ ਅਨੁਸਾਰ ਜੀਵਨ ਜਿਊਣਾ ਵੀ ਜ਼ਰੂਰੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਸਿੰਘ ਸਾਹਿਬਾਨ ਨੂੰ ਵਧਾਈ ਦਿੰਦਿਆਂ ਪੂਰਨ ਮਰਯਾਦਾ ਅਨੁਸਾਰ ਸੇਵਾ ਨਿਭਾਉਣ ਲਈ ਪ੍ਰੇਰਨਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਜਗਤ ਦਾ ਕੇਂਦਰੀ ਅਸਥਾਨ ਹੈ। ਇਥੋਂ ਦੇ ਗ੍ਰੰਥੀ ਸਿੰਘ ਸਾਹਿਬਾਨ ਸਿੱਖ ਜਗਤ ਲਈ ਸਤਿਕਾਰਤ ਹਨ। ਉਨ੍ਹਾਂ ਕਿਹਾ ਕਿ ਪਹਿਲੇ ਗ੍ਰੰਥੀ ਬਾਬਾ ਬੁੱਢਾ ਜੀ ਤੋਂ ਲੈ ਕੇ ਅੱਜ ਤੱਕ ਇਸ ਪਾਵਨ ਅਸਥਾਨ ‘ਤੇ ਵੱਖ-ਵੱਖ ਸਖਸ਼ੀਅਤਾਂ ਸੇਵਾ ਨਿਭਾਉਂਦੀਆਂ ਰਹੀਆਂ ਹਨ। ਇਨ੍ਹਾਂ ਚਾਰ ਗ੍ਰੰਥੀ ਸਿੰਘਾਂ ਦੇ ਨਾਵਾਂ ਦਾ ਫੈਸਲਾ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਸੇਵਾ ਪਰਮਾਤਮਾ ਅਤੇ ਗੁਰੂ ਦੀ ਬਖਸ਼ਿਸ ਨਾਲ ਪ੍ਰਾਪਤ ਹੁੰਦੀ ਹੈ। ਸੇਵਾ ਸੰਭਾਲਣ ਵਾਲੀਆਂ ਚਾਰੇ ਸ਼ਖਸ਼ੀਅਤਾਂ ਸਬੰਧੀ ਉਨ੍ਹਾਂ ਕਿਹਾ ਕਿ ਇਹ ਗੁਰਮਤਿ ਦੇ ਉੱਘੇ ਵਿਦਵਾਨ ਅਤੇ ਗੁਰਬਾਣੀ ਦੇ ਗਿਆਤਾ ਹਨ। ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਸੰਭਾਲਣ ਵਾਲੇ ਗ੍ਰੰਥੀ ਸਿੰਘ ਸਾਹਿਬਾਨ ਨੂੰ ਵਧਾਈ ਦਿੱਤੀ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵ-ਨਿਯੁਕਤ ਚਾਰ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ
This entry was posted in ਪੰਜਾਬ.