ਅੰਮ੍ਰਿਤਸਰ:- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਾਕਿਸਤਾਨ ਫੇਰੀ ਨੂੰ ਬੂਰ ਪਿਆ ਹੈ। ਪਾਕਿਸਤਾਨ ਦੀਆਂ ਸਿੱਖ ਸੰਗਤਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਪ੍ਰਵਾਣਦਿਆਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ 1 ਜੂਨ ਨੂੰ ਹੀ ਮਨਾਉਣ ਦਾ ਫੈਸਲਾ ਲਿਆ ਹੈ।
ਦਫਤਰ ਤੋਂ ਜਾਰੀ ਪ੍ਰੈੱਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ।ਮਸਤਾਨ ਸਿੰਘ ਨੇ ਦੱਸਿਆ ਹੈ ਕਿ ਪਾਕਿਸਤਾਨ ਦੀਆਂ ਸਿੱਖ ਸੰਗਤਾਂ ਵੱਲੋਂ ਅੱਜ ਪੂਰਨ ਸ਼ਰਧਾ ਤੇ ਸਤਿਕਾਰ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਸ੍ਰੀ ਅਖੰਡਪਾਠ ਸਾਹਿਬ ਆਰੰਭ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਲਾਵਾ ਸੂਬਾ ਸਿੰਧ ਤੇ ਪੇਸ਼ਾਵਰ ਵਿੱਚ ਵੀ ਸ੍ਰੀ ਅਖੰਡਪਾਠ ਸਾਹਿਬ ਆਰੰਭ ਹੋਏ ਹਨ।
ਜਥੇਦਾਰ ਅਵਤਾਰ ਸਿੰਘ ਨੇ ਪਾਕਿਸਤਾਨ ਦੀਆਂ ਸੰਗਤਾਂ ਦਾ ਕੋਟਾਨਿ-ਕੋਟਿ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਤੇ ਸਤਿਕਾਰ ਲਈ ਮੈਂ ਦਿਲੋਂ ਰਿਣੀ ਹਾਂ। ਪਾਕਿਸਤਾਨ ਦੀਆਂ ਸੰਗਤਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਸੀਸ ਨਿਵਾਉਦਿਆਂ ਆਪਣੇ ਕੇਂਦਰੀ ਅਸਥਾਨ ਦੇ ਆਦੇਸ਼ ਤੇ ਪਹਿਰਾ ਦਿੱਤਾ ਹੈ।