ਨਵੀਂ ਦਿੱਲੀ : ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਿਥ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ਵਾਹਕ ਸ੍ਰੀ ਹਰਿਮੰਦਿਰ ਸਾਹਿਬ ਦੇ ਰਚਨਹਾਰੇ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਤੋਂ ਜਾਰੀ ਆਦੇਸ਼-ਅਨੁਸਾਰ ਸੋਧੇ ਨਾਨਕਸ਼ਾਹੀ ਕੈਲੰਡਰ ਅਨੁਸਾਰ ਐਤਵਾਰ 1 ਜੂਨ (19 ਜੇਠ, ਸੰਮਤ ਨਾਨਕਸ਼ਾਹੀ 546) ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ‘ਸ਼ਹੀਦੀ ਗੁਰਮਤਿ ਸਮਾਗਮ’ ਦਾ ਆਯੋਜਨ ਕੀਤਾ ਜਾ ਰਿਹਾ ਹੈ, ਇਹ ਜਾਣਕਾਰੀ ਦਿੰਦਿਆਂ ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਗੁਰਮਤਿ ਸਮਾਗਮ ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਅਤੇ ਨਿਤਨੇਮ ਦੇ ਪਾਠ ਨਾਲ ਹੋਵੇਗੀ, ਉਪਰੰਤ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਪ੍ਰੀਤ ਸਿੰਘ ਆਸਾ ਦੀ ਵਾਰ ਦਾ ਕੀਰਤਨ ਕਰਨਗੇ ਅਤੇ ਭਾਈ ਸਤਿਨਾਮ ਸਿੰਘ ਹੈੱਡ ਗ੍ਰੰਥੀ ਸ਼ਬਦ ਵਿਚਾਰ ਰਾਹੀਂ ਗੁਰੂ ਸਾਹਿਬ ਦੀ ਸ਼ਹਾਦਤ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ। ਸ. ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਤੇ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਬੀਰ ਸਿੰਘ ਅਤੇ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਅਪਾਰਦੀਪ ਸਿੰਘ (ਇੰਗਲੈਂਡ), ਭਾਈ ਜਗਪ੍ਰੀਤ ਸਿੰਘ, ਭਾਈ ਗੁਰਮੀਤ ਸਿੰਘ ਸ਼ਾਂਤ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ) ਅਤੇ ਭਾਈ ਨਰਿੰਦਰ ਸਿੰਘ (ਸ੍ਰੀ ਅੰਮ੍ਰਿਤਸਰ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਦਸਿਆ ਕਿ ਇਸ ਮੌਕੇ ਤੇ ਪੰਥਕ ਵਿਚਾਰਾਂ ਹੋਣਗੀਆਂ ਜਿਸ ਦੌਰਾਨ ਪੰਥ ਦੇ ਪ੍ਰਮੁਖ ਆਗੂ ਸੰਗਤਾਂ ਦੇ ਦਰਸ਼ਨ ਕਰ ਪੰਜਵੇਂ ਪਾਤਸ਼ਾਹ ਦੀ ਸ਼ਹਾਦਤ ਪ੍ਰਤੀ ਆਪਣੀ ਸ਼ਰਧਾ ਦੇ ਫੁਲ ਭੇਂਟ ਕਰਨਗੇ ਅਤੇ ਵਰਤਮਾਨ ਪੰਥਕ ਹਾਲਾਤ ਤੋਂ ਸੰਗਤਾਂ ਨੂੰ ਜਾਣੂ ਕਰਵਾਣਗੇ। ਸੇਵਾ ਪੰਥੀ ਬਾਬਾ ਬਚਨ ਸਿੰਘ ਜੀ ਇਸ ਮੌਕੇ ਤੇ ਸੰਗਤਾਂ ਨੂੰ ਨਾਮ ਸਿਮਰਨ ਕਰਵਾ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦਸਿਆ ਕਿ ਬੀਬੀ ਪੁਸ਼ਪਿੰਦਰ ਕੌਰ ਖਾਲਸਾ ਦਾ ਢਾਡੀ ਜੱਥਾ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸਬੰਧਤ ਇਤਿਹਾਸਕ ਪ੍ਰਸੰਗ ਪੇਸ਼ ਕਰੇਗਾ ਅਤੇ ਇਸ ਮੌਕੇ ਤੇ ਹੋ ਰਹੇ ਕਵੀ ਦਰਬਾਰ ਵਿੱਚ ਪੰਜਾਬੀ ਦੇ ਪ੍ਰਮੁਖ ਕਵੀ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਸਬੰਧਤ ਆਪਣੀਆਂ ਸਜਰੀਆਂ ਕਾਵਿ ਰਚਨਾਵਾਂ ਪੇਸ਼ ਕਰਨਗੇ।
ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਜੂਨ 1 ਨੂੰ ਵਿਸ਼ੇਸ਼ ‘ਸ਼ਹੀਦੀ ਗੁਰਮਤਿ ਸਮਾਗਮ’ ਦਾ ਆਯੋਜਨ
This entry was posted in ਭਾਰਤ.