ਨਵੀਂ ਦਿੱਲੀ :- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਜੂਨ 1984 ‘ਚ ਸਾਕਾ ਨੀਲਾ ਤਾਰਾ ਦੇ ਰੂਪ ਵਿਚ ਵਾਪਰੇ ਸ਼ਹੀਦੀ ਸਾਕੇ ਦੀ ਯਾਦ ‘ਚ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਰਦਾਸ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਦੇ ਮੁੱਖ ਦੀਵਾਨ ਹਾਲ ‘ਚ ਅੱਜ ਸਜਾਏ ਗਏ ਸਮਾਗਮ ਦੌਰਾਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਪੀੜਤ ਪਰਿਵਾਰਾਂ ਨੂੰ ਹਰ ਪ੍ਰਕਾਰ ਦੀ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ। ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਅਤੇ ਭਾਈ ਕੁਲਵੰਤ ਸਿੰਘ ਪ੍ਰਭਾਤ ਹਜੂਰੀ ਰਾਗੀ ਦਿੱਲੀ ਕਮੇਟੀ ਵੱਲੋਂ ਗੁਰਬਾਨੀ ਕੀਰਤਨ ਅਤੇ ਭਾਈ ਗੁਰਚਰਨ ਸਿੰਘ ਚੰਨ ਦੇ ਢਾਡੀ ਜੱਥੇ ਵੱਲੋਂ ਢਾਡੀ ਵਾਰਾਂ ਰਾਹੀਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਜੇਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਭੁਲ ਜਾਂਦੀਆਂ ਹਨ ਉਹ ਸਮਾਜ ਵਿਚ ਵਿਚਰਣ ਦੇ ਕਾਬਿਲ ਨਹੀਂ ਰਹਿੰਦੀਆਂ ਪਰ ਅਫਸੋਸ ਪੁਰਾਣੀ ਕਮੇਟੀ ਵੱਲੋਂ ਇਨ੍ਹਾਂ ਸ਼ਹੀਦਾਂ ਦੀ ਯਾਦ ‘ਚ ਅਰਦਾਸ ਕਰਨ ਤੇ ਵੀ ਰੋਕ ਲਗਾਈ ਗਈ ਸੀ। ਦਿੱਲੀ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ, ਸੀਨੀਅਰ ਆਗੂ ਕੁਲਦੀਪ ਸਿੰਘ ਭੋਗਲ ਅਤੇ ਧਰਮ ਪ੍ਰਚਾਰ ਮੁੱਖੀ ਪਰਮਜੀਤ ਸਿੰਘ ਰਾਣਾ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਦਿੱਲੀ ਕਮੇਟੀ ਮੈਂਬਰ ਹਰਦੇਵ ਸਿੰਘ ਧਨੋਆ, ਹਰਜਿੰਦਰ ਸਿੰਘ ਅਤੇ ਜੀਤ ਸਿੰਘ ਖੋਖਰ ਮੌਜੂਦ ਸਨ।
ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ‘ਚ ਦਿੱਲੀ ਕਮੇਟੀ ਨੇ ਕਰਵਾਇਆ ਅਰਦਾਸ ਸਮਾਗਮ
This entry was posted in ਭਾਰਤ.