ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ੍ਰ: ਦਿਲਜੀਤ ਸਿੰਘ ਬੇਦੀ ਨੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਸਪੱਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਕ੍ਰਿਪਾਨ ਉਪਰ ਕੋਈ ਪਾਬੰਦੀ ਨਹੀਂ ਹੈ।
ਉਨ੍ਹਾਂ 24 ਜੂਨ ਨੂੰ ਪ੍ਰਬੰਧਕੀ ਬਲਾਕ ਦੇ ਇਕੱਤਰਤਾ ਘਰ ਵਿਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਕ੍ਰਿਪਾਨ ਲਿਜਾਣ ਬਾਰੇ ਦਿੱਤੇ ਬਿਆਨ ਦੀ ਸਪੱਸ਼ਟਤਾ ਕਰਦਿਆਂ ਕਿਹਾ ਕਿ ਹਰ ਗੁਰਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਸ੍ਰੀ ਸਾਹਿਬ ਪਹਿਨ ਕੇ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਤਖ਼ਤ ਹੈ ਅਤੇ ਉਸਦੀ ਮਾਣ-ਮਰਿਯਾਦਾ ਨੂੰ ਕਾਇਮ ਰੱਖਣਾ ਕੇਵਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਹੀਂ ਬਲਕਿ ਹਰ ਸਿੱਖ ਦਾ ਪਹਿਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਸ ਵਾਰ 6 ਜੂਨ ਨੂੰ ਸ਼ਹੀਦੀ ਸਮਾਗਮ ਦੌਰਾਨ ਸ਼ਰਾਰਤੀ ਅਨਸਰਾਂ ਵਲੋਂ ਜਿਸ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਉਸ ਨੂੰ ਮੱਦੇ-ਨਜ਼ਰ ਰੱਖਦਿਆਂ ਭਵਿੱਖ ਵਿਚ ਕਿਸੇ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨੰਗੀਆਂ ਤਲਵਾਰਾਂ ਲਹਿਰਾ ਕੇ ਹੁੱਲੜਬਾਜੀ ਕਰਨ ਦੀ ਹਰਗਿਜ਼ ਇਜਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਗੇ ਤੋਂ ਇਸ ਸਮਾਗਮ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਨੂੰ ਕਾਇਮ ਰੱਖਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਇਆ ਕਰਨਗੇ।