ਨਵੀਂ ਦਿੱਲੀ : ਹਰਿਆਣਾ ‘ਚ ਵੱਖਰੀ ਗੁਰਦੁਆਰਾ ਕਮੇਟੀ ਬਨਾਉਣ ਤੇ ਪੈਦਾ ਹੋਏ ਰੇੜਕੇ ਨੂੰ ਦੂਰ ਕਰਨ ਦੇ ਮਕਸਦ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਪਣੇ ਤੌਰ ਤੇ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕਲ ਪਾਰਟੀ ਦਫ਼ਤਰ ਚੰਡੀਗੜ ਵਿਖੇ ਹੋਣ ਵਾਲੀ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਅਹੁਦੇਦਾਰਾਂ ਅਤੇ ਸੀਨੀਅਰ ਆਗੂਆਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੂੰ 27 ਜੂਲਾਈ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣ ਜਾ ਰਹੇ ਵਿਸ਼ਾਲ ਪਥੰਕ ਇਕੱਠ ‘ਚ ਦਿੱਲੀ ਦੀ ਸੰਗਤਾਂ ਵੱਲੋਂ ਵੱਧ ਚੜ ਕੇ ਭਾਗ ਲੈਣ ਲਈ ਡਿਉਟੀਆਂ ਲਗਾਈਆਂ ਹਨ। ਹਰਿਆਣਾ ਕਮੇਟੀ ਨੂੰ ਗੈਰਸਵਿਧਾਨਿਕ ਅਤੇ ਗੈਰਜ਼ਰੂਰੀ ਕਰਾਰ ਦਿੰਦੇ ਹੋਏ ਸਮੁੂਹ ਆਗੂਆਂ ਵੱਲੋਂ 27 ਜੂਲਾਈ ਨੂੰ ਹੋਣ ਵਾਲੇ ਇਕੱਠ ‘ਚ ਲਏ ਜਾਣ ਵਾਲੇ ਫੈਸਲਿਆਂ ਨੂੰ ਵੀ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੋੌਕੇ ਕਮੇਟੀ ਦੇ ਜਨਰਲ ਸਕੱਤਰ ਅਤੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ, ਮੀਤ ਪ੍ਰਧਾਨ ਤਨਵੰਤ ਸਿੰਘ, ਜੁਆਇੰਟ ਸਕੱਤਰ ਅਤੇ ਵਿਧਾਇਕ ਹਰਮੀਤ ਸਿੰਘ ਕਾਲਕਾ, ਸੀਨੀਅਰ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਵਿਧਾਇਕ ਜਤਿੰਦਰ ਸਿੰਘ ਸ਼ੰਟੀ ਤੇ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਜਸਪ੍ਰੀਤ ਸਿੰਘ ਵਿੱਕੀਮਾਨ ਮੌਜੂਦ ਸਨ।