ਲੁਧਿਆਣਾ,(ਪ੍ਰੀਤੀ ਸ਼ਰਮਾ) – ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰ ’ਤੇ ਆਜ਼ਾਦੀ ਦਿਵਸ ਮਨਾਉਣ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ। ਉਨ੍ਹਾਂ ਦੱਸਿਆ ਕਿ ਇਸ ਵਾਰ 68ਵਾਂ ਆਜਾਦੀ ਦਿਵਸ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਰਾਸ਼ਟਰੀ ਤਿਓਹਾਰ ਵਜੋਂ ਪੂਰੀ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ। ਆਜਾਦੀ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਤੋਂ ਇਲਾਵਾ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ ਜਾਵੇਗੀ ਅਤੇ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ। ਇਸ ਮੌਕੇ ਸੁਤੰਤਰਾ ਸੰਗਰਾਮੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ। ਆਜਾਦੀ ਦਿਵਸ ਸਮਾਗਮ ਮੌਕੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੀਆਂ ਸਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਸ੍ਰੀ ਅਗਰਵਾਲ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਉਣ ਵਾਸਤੇ ਉਹ ਆਪਣੇ ਫਰਜ਼ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਆਖਿਆ ਕਿ ਆਜ਼ਾਦੀ ਦਿਵਸ ਸਮਾਰੋਹ ਜਿਥੇ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦਾ ਹੈ ਉਥੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਭਰੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪ੍ਰੇਰਨਾ ਦਾ ਸਰੋਤ ਹੁੰਦਾ ਹੈ। ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰਨ ਵਾਲੇ ਕੌਮ ਦੇ ਸ਼ਹੀਦਾਂ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਦੇਸ਼ ਨੂੰ ਤਰੱਕੀ ਦੀਆਂ ਬੁ¦ਦੀਆਂ ਵੱਲ ਅੱਗੇ ਲਿਜਾਣ ਲਈ ਆਪਣਾ ਯੋਗਦਾਨ ਪਾਈਏ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਮਾਗਮ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸ਼ਾਨਦਾਰ ਮਾਰਚ ਪਾਸਟ ਵਿੱਚ ਪੰਜਾਬ ਪੁਲਿਸ, ਹੋਮ ਗਾਰਡ, ਐਨ.ਸੀ.ਸੀ (ਲੜਕੇ ਅਤੇ ਲੜਕੀਆਂ), ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀਆਂ ਟੁਕੜੀਆਂ ਭਾਗ ਲੈਣਗੀਆਂ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਦੇਸ਼ ਦੇ ਸੱਭਿਆਚਾਰ ਨੂੰ ਦਰਸਾਉਣ ਵਾਲਾ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ। ਸ਼੍ਰੀ ਅਗਰਵਾਲ ਨੇ ਦੱਸਿਆ ਕਿ 1 ਅਗਸਤ ਤੋਂ ਸਭਿਆਚਾਰਕ ਪ੍ਰੋਗਰਾਮ ਅਤੇ ਪਰੇਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀ ਅਤੇ ਪੰਜਾਬ ਪੁਲਿਸ ਦੀਆਂ ਟੁਕੜੀਆਂ ਆਪੋ ਆਪਣੀਆਂ ਰਿਹਰਸਲਾਂ ਸ਼ੁਰੂ ਕਰਨਗੀਆਂ, ਜਦੋਂ ਕਿ 7, 8, 11 ਅਤੇ 13 ਅਗਸਤ ਨੂੰ (ਫੁੱਲ ਡਰੈਸ) ਸਟੇਡੀਅਮ ਵਿਖੇ ਰੀਹਰਸਲ ਹੋਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਨੀਰੂ ਕਤਿਆਲ, ਐਸ.ਡੀ.ਐਮ. ਪੱਛਮੀ ਸ੍ਰ. ਕੁਲਜੀਤਪਾਲ ਸਿੰਘ ਮਾਹੀ, ਏ. ਸੀ. ਏ. ਗਲਾਡਾ ਸ੍ਰ. ਕੁਲਦੀਪ ਸਿੰਘ ਵੈਦ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਅਨਿਲ ਕੁਮਾਰ ਗਰਗ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਮੁਕੇਸ਼ ਕੁਮਾਰ, ਸਿਵਲ ਸਰਜਨ ਡਾ: ਸੁਭਾਸ਼ ਬੱਤਾ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਪਰਮਜੀਤ ਕੌਰ ਚਾਹਲ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰ. ਗੁਰਜੋਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰ. ਕਰਤਾਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਨੇ ਵੀ ਸ਼ਮੂਲੀਅਤ ਕੀਤੀ ।
68ਵਾਂ ਆਜ਼ਾਦੀ ਦਿਵਸ ਸਮਾਰੋਹ ਰਾਸ਼ਟਰੀ ਤਿਓਹਾਰ ਵਜੋਂ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇ-ਡਿਪਟੀ ਕਮਿਸ਼ਨਰ
This entry was posted in ਪੰਜਾਬ.