ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਰੀਸ ਦੇ ਸ਼ਹਿਰ ਮਾਰਾਥਨ ‘ਚ ਗੁਰਦੁਆਰਾ ਸਾਹਿਬਾਨ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਗੋਲੀਆਂ ਚਲਾਉਣ ਤੇ ਇਮਾਰਤ ਦੀ ਭੰਨਤੋੜ ਕਰਨ ਦੀ ਨਿਖੇਧੀ ਕਰਦਿਆਂ ਗਰੀਸ ਦੀ ਸਰਕਾਰ ਤੋਂ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।
ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਪ੍ਰੈਸ ਨੋਟ ‘ਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸਿੱਖ ਕੌਮ ਸਦਾ ਸਰਬੱਤ ਦਾ ਭਲਾ ਮੰਗਦੀ ਆਈ ਹੈ ਤੇ ਹਰੇਕ ਨੂੰ ਆਪਣੇ ਧਰਮ ‘ਚ ਪਰੱਪਕ ਹੋਣਾ ਚਾਹੀਦਾ ਹੈ, ਪਰ ਜੇਕਰ ਕੋਈ ਫਿਰਕੂ ਘਟਨਾਵਾਂ ਨੂੰ ਅੰਜਾਮ ਦਿੰਦਾ ਹੈ ਤਾਂ ਉੁਹ ਕਿਸੇ ਵੀ ਧਰਮ ਨਾਲ ਸਬੰਧਿਤ ਨਹੀਂ ਹੁੰਦਾ।ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਤੋਂ ਹਮੇਸ਼ਾ ਏਕਤਾ ਤੇ ਆਪਸੀ ਭਾਈਚਾਰਕ ਸਾਂਝ ਦਾ ਸੰਦੇਸ਼ ਮਿਲਦਾ ਹੈ, ਪਰ ਫਿਰਕੂ ਲੋਕ ਇਸ ਸਾਂਝ ਨੂੰ ਤੋੜਨ ਦਾ ਮੌਕਾ ਭਾਲਦੇ ਰਹਿੰਦੇ ਹਨ ਜਿਨ੍ਹਾਂ ਨੂੰ ਸਖ਼ਤ ਸਜ਼ਾ ਮਿਲਣੀ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ‘ਚ ਵਾਪਰੀ ਇਸ ਘਟਨਾ ਨਾਲ ਦੇਸ਼-ਵਿਦੇਸ਼ ਵਿੱਚ ਬੈਠੇ ਸਿੱਖਾਂ ਦੇ ਹਿਰਦੇ ਵਲੰਧੂਰੇ ਗਏ ਹਨ।ਉਨ੍ਹਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ‘ਚ ਰੱਖਦਿਆਂ ਗਰੀਸ ਦੀ ਸਰਕਾਰ ਨੂੰ ਸ਼ਰਾਰਤੀ ਅਨਸਰਾਂ ਖਿਲਾਫ ਠੋਸ ਕਾਰਵਾਈ ਕਰਨ ਲਈ ਕਿਹਾ ਹੈ ਤਾਂ ਕਿ ਅੱਗੇ ਤੋਂ ਕੋਈ ਅਜਿਹੀ ਘਟਨਾ ਨੂੰ ਅੰਜਾਮ ਨਾ ਦੇ ਸਕੇ।
ਜਥੇਦਾਰ ਅਵਤਾਰ ਸਿੰਘ ਵੱਲੋਂ ਗਰੀਸ ਦੇ ਗੁਰਦੁਆਰਿਆਂ ‘ਤੇ ਹਮਲੇ ਦੀ ਨਿਖੇਧੀ
This entry was posted in ਪੰਜਾਬ.