ਕੱਥੂਨੰਗਲ/ ਅੰਮ੍ਰਿਤਸਰ – ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ 508ਵਾਂ ਜਨਮ ਦਿਹਾੜੇ ਸਬੰਧੀ ਕੱਢੇ ਜਾ ਰਹੇ ਨਗਰ ਕੀਰਤਨ ਅਤੇ ਧਾਰਮਿਕ ਸਮਾਗਮਾਂ ਸਬੰਧੀ ਤਿਆਰੀ ਦਾ ਜ਼ਾਇਜ਼ਾ ਲਿਆ।
ਸ: ਮਜੀਠੀਆ ਨੇ ਦੱਸਿਆ ਕਿ ਹਲਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਅਤਿੰਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਵਾਰ ਵੀ ਬਾਬਾ ਬੁੱਢਾ ਸਹਿਬ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਧਾਰਮਿਕ ਰਵਾਇਤਾਂ ਨਾਲ ਧੁਮ-ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕਲ 21 ਅਕਤੂਬਰ ਨੂੰ 5 ਪਿਆਰਿਆਂ ਦੀ ਅਗਵਾਈ ਵਿੱਚ 8 ਵਜੇ ਸ਼ੁਰੂ ਕੀਤੇ ਜਾ ਰਹੇ ਨਗਰਕੀਰਤਨ ਦੀ ਰਵਾਨਗੀ ਵੇਲੇ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਮੌਜੂਦ ਰਹਿਣਗੇ।ਨਗਰ ਕੀਰਤਨ ਦਾ ਸੰਗਤਾ ਵੱਲੋਂ ਥਾਂ-ਥਾਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਲਕਾ ਮਜੀਠਾ ਦੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਤੋਂ ਸ਼ੁਰੂ ਹੋ ਕੇ ਨਗਰਕੀਰਤਨ ਚਵਿੰਡਾਦੇਵੀ, ਫੱਤੂਭੀਲਾ, ਬਾਲਾਚੱਕ, ਟਾਹਲੀਸਾਹਿਬ, ਸਰਹਾਲਾ, ਲਹਿਰਕਾ, ਤਲਵੰਡੀ, ਸਹਿਣੇਵਾਲੀ ਅਤੇ ਝੰਡੇ ਅਲਕੜੇ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਹੀ ਸਮਾਪਤੀ ਹੋਵੇਗੀ।ਉਨ੍ਹਾਂ ਦੱਸਿਆ ਕਿ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ 23 ਤਰੀਕ ਨੂੰ ਰਾਤ ਭਰ ਦੀਵਾਨ ਸਜਾਏ ਜਾਣ ਤੋਂ ਇਲਾਵਾ ਦੀਪਮਾਲਾ ਅਤੇ ਸ਼ਾਮ ਨੂੰ ਆਤਿਸ਼ਬਾਜ਼ੀ ਕੀਤੀ ਜਾਵੇਗੀ। ਜਿਸ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਹੈਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਸੰਬੋਧਨ ਕਰਨਗੇ।ਇਸ ਤੋਂ ਪਹਿਲਾ ਸ: ਬਿਕਰਮ ਸਿੰਘ ਮਜੀਠੀਆ ਨੇ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਮੱਥਾ ਟੇਕਿਆ ਅਤੇ ਉਨ੍ਹਾਂ ਨੂੰ ਸਿਰੋਪੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ: ਮਜੀਠੀਆ ਨਾਲ ਉਨ੍ਹਾਂ ਦੇ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਭਗਵੰਤ ਸਿੰਘ ਸਿਆਲਕਾ, ਜਸਪਾਲ ਸਿੰਘ ਮੈਨੇਜਰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਹਿਬ, ਸੁਖਵਿੰਦਰ ਸਿੰਘ ਗੋਲਡੀ, ਜਸਪਾਲ ਸਿੰਘ ਭੋਏ, ਮੇਜਰ ਸ਼ਿਵੀ, ਪ੍ਰੋ: ਸਰਚਾਂਦ ਸਿੰਘ, ਕੁਲਵਿੰਦਰ ਸਿੰਘ ਧਾਰੀਵਾਲ ਆਦਿ ਮੌਜੂਦ ਸਨ।