ਅੰਮ੍ਰਿਤਸਰ – ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਪੂਰੀ ਚੜ੍ਹਦੀ ਕਲਾ ਵਿੱਚ ਜਾ ਰਹੀ ਹੈ।
ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ‘ਚ ਸ. ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਨੂੰ ਪ੍ਰਚੰਡ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਵੱਖ-ਵੱਖ ਪ੍ਰਚਾਰਕਾਂ ਵੱਲੋਂ ਸਕੂਲਾਂ, ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਯਤਨਾਂ ਸਦਕਾ ਹੁਣ ਤੀਕ ੫੦੦੦ ਪਤਿਤ ਸਿੱਖ ਨੌਜਵਾਨ ਬੱਚਿਆਂ ਨੂੰ ਮੁੜ ਸਾਬਤ ਸੂਰਤ ਸਿੱਖੀ ਸਰੂਪ ਵਿੱਚ ਲਿਆਉਣ ਲਈ ਪ੍ਰਣ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਹੋਰ ਵੀ ਵੱਧ ਤੋਂ ਵੱਧ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਵਿੱਚ ਲਿਆਅੇਣ ਦੇ ਭਰਪੂਰ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਜੋ ਬੱਚੇ-ਬੱਚੀਆਂ ਸਿੱਖੀ ਤੋਂ ਮੁੱਖ ਮੋੜ ਕੇ ਪਤਿਤ ਹੋ ਰਹੇ ਹਨ ਤੇ ਨਸ਼ਿਆਂ ਵਿੱਚ ਗਲਤਾਨ ਹੋ ਰਹੇ ਹਨ ਉਨ੍ਹਾਂ ਨੂੰ ਵਾਪਸ ਸਿੱਖੀ ਸਰੂਪ ਵਿੱਚ ਲਿਆਂਦਾ ਜਾਵੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਸਾਰ ਭਰ ਦੇ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਦੇ ਨਾਤੇ ਸਿੱਖੀ ਦਾ ਪ੍ਰਚਾਰ, ਪ੍ਰਸਾਰ ਕਰਨ ਤੇ ਗੁਰੂ ਆਸ਼ੇ ਵਿੱਚ ਵਿਚਰਦਿਆਂ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸੰਗਤਾਂ ਨੂੰ ਗੁਰੂ ਦੇ ਲੜ ਲਗਾਉਣ ਦੇ ਨਾਲ-ਨਾਲ ਸਮਾਜਿਕ ਬੁਰਾਈਆਂ, ਪਤਿਤਪੁਣੇ ਤੇ ਨਸ਼ਿਆਂ ਨੂੰ ਰੋਕਣ ਲਈ ਭਰਪੂਰ ਯਤਨ ਕਰ ਰਹੀ ਹੈ।