ਅੰਮ੍ਰਿਤਸਰ : ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਤਰਨ-ਤਾਰਨ ਸਾਹਿਬ ਦੇ ਪ੍ਰਬੰਧਕੀ ਬਲਾਕ ਦਾ ਉਦਘਾਟਨ ਕੀਤਾ। ਪ੍ਰਬੰਧਕੀ ਬਲਾਕ ਦਾ ਉਦਘਾਟਨ ਕਰਦੇ ਸਮੇਂ ਸੰਤ ਬਾਬਾ ਜਗਤਾਰ ਸਿੰਘ ਨੇ ਜਥੇਦਾਰ ਅਵਤਾਰ ਸਿੰਘ ਨੂੰ ਪ੍ਰਬੰਧਕੀ ਬਲਾਕ ਦੀਆਂ ਚਾਬੀਆਂ ਸੌਂਪੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਇਸ ਪ੍ਰਬੰਧਕੀ ਬਲਾਕ ਵਿੱਚ ਕੁੱਲ ੧੬ ਕਮਰੇ ਹਨ ਤੇ ਇਹ ੬੦ ਲੱਖ ਦੀ ਕੀਮਤ ਨਾਲ ਤਿਆਰ ਕੀਤਾ ਗਿਆ ਹੈ। ਜਿਸ ਦੀ ਕਾਰ ਸੇਵਾ ਸੰਤ ਬਾਬਾ ਜਗਤਾਰ ਸਿੰਘ ਜੀ ਤੇ ਸੰਤ ਬਾਬਾ ਮਹਿੰਦਰ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਇਕ ਸਾਲ ਵਿੱਚ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਬੰਧਕੀ ਬਲਾਕ ਵਿੱਚ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਚਲਾਇਆ ਜਾਵੇਗਾ ਤੇ ਸੰਗਤਾਂ ਨੂੰ ਦਰਪੇਸ਼ ਆਉਂਦੀਆਂ ਮੁਸ਼ਕਲਾਂ ਨੂੰ ਸੁਣਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਹੀ ਇਥੇ ਇਕ ਵਿਸ਼ਾਲ ਲਾਇਬ੍ਰੇਰੀ ਵੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਸੰਗਤਾਂ ਆਪਣੇ ਸਿੱਖ ਇਤਿਹਾਸ ਤੋਂ ਜਾਣੂੰ ਹੋ ਸਕਣ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ੨੦੦੬ ਵਿੱਚ ਏਥੇ ਇਕ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਗਿਆ ਸੀ । ਜਿੱਥੇ ਹੁਣ ਨਰਸਿੰਗ ਇੰਸਟੀਚਿਊਟ ਬਨਾਉਣ ਦਾ ਵਿਚਾਰ ਹੋ ਰਿਹਾ ਹੈ ਤੇ ਬਾਅਦ ਵਿੱਚ ਏਥੇ ਚਮੜੀ ਦੇ ਰੋਗਾਂ ਦਾ ਇਲਾਜ ਕਰਨ ਵਾਸਤੇ ਹਸਪਤਾਲ ਬਣਾਇਆ ਜਾਵੇਗਾ ਕਿਉਂਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਮੇਂ ਏਥੇ ਕੋੜ੍ਹੀਆਂ ਦਾ ਇਲਾਜ ਕੀਤਾ ਜਾਂਦਾ ਸੀ। ਇਸ ਤੋਂ ਪਹਿਲਾਂ ਜਥੇਦਾਰ ਅਵਤਾਰ ਸ੍ਰੀ ਦਰਬਾਰ ਸਾਹਿਬ ਸ੍ਰੀ ਤਰਨ-ਤਾਰਨ ਸਾਹਿਬ ਵਿਖੇ ਨਤਮਸਤਿਕ ਹੋਣ ਵੀ ਗਏ। ਜਿਥੇ ਉਨ੍ਹਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਸਰਬ-ਸੰਮਤੀ ਨਾਲ ਪ੍ਰਧਾਨ ਬਨਣ ਤੇ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ। ਜਥੇਦਾਰ ਅਵਤਾਰ ਸਿੰਘ ਨੂੰ ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਮੈਂਟੋ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਜਥੇਦਾਰ ਅਵਤਾਰ ਸਿੰਘ ਨੇ ਸੰਤ ਬਾਬਾ ਜਗਤਾਰ ਸਿੰਘ ਤੇ ਸੰਤ ਬਾਬਾ ਮਹਿੰਦਰ ਸਿੰਘ ਕਾਰਸੇਵਾ ਵਾਲੇ, ਸ੍ਰ: ਗੁਰਬਚਨ ਸਿੰਘ ਕਰਮੂੰਵਾਲਾ ਅੰਤ੍ਰਿੰਗ ਮੈਂਬਰ, ਬੀਬੀ ਹਰਬੰਸ ਕੌਰ ਤੇ ਬੀਬੀ ਮਨਜੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਉੱਚ ਅਧਿਕਾਰੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਪਰਮਜੀਤ ਸਿੰਘ ਸਰੋਆ ਤੇ ਸ੍ਰ: ਮਹਿੰਦਰ ਸਿੰਘ ਆਹਲੀ ਐਡੀ: ਸਕੱਤਰ, ਸ੍ਰ: ਸੁਖਦੇਵ ਸਿੰਘ ਭੂਰਾ ਕੋਹਨਾ, ਸ੍ਰ: ਸਕੱਤਰ ਸਿੰਘ ਮੀਤ ਸਕੱਤਰ, ਸ੍ਰ: ਬਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ, ਸ੍ਰ: ਸੁਬੇਗ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਤਰਨ-ਤਾਰਨ ਸਾਹਿਬ ਅਤੇ ਹੋਰ ਅਧਿਕਾਰੀ ਮੌਜੂਦ ਸਨ।