ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ‘ਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੇ ਹੁਕਮ ਦੀ ਪਾਲਣਾ ਕਰਦਿਆਂ ਹੋਇਆਂ ਗੁਰਬਾਣੀ ਦੇ ਇਤਿਹਾਸਕ ਸਰੋਤਾਂ ਅਨੁਸਾਰ ਨਾਨਕਸ਼ਾਹੀ ਸੰਮਤ ੫੪੭ ਮੁਤਾਬਕ ਕੈਲੰਡਰ ਤਿਆਰ ਕੀਤਾ ਜਾਵੇਗਾ।
ਇਕ ਸਵਾਲ ਦੇ ਜੁਆਬ ਵਿੱਚ ਉਨ੍ਹਾਂ ਕਿਹਾ ਕਿ ਵਿਦੇਸ਼ਾਂ ‘ਚ ਹੁੰਦੇ ਨਸਲੀ ਹਮਲਿਆਂ ਬਾਰੇ ਸਮੇਂ-ਸਮੇਂ ‘ਤੇ ਦੇਸ਼ ਦੀ ਸਰਕਾਰ ਅਤੇ ਸਬੰਧਤ ਸਫੀਰਾਂ ਨੂੰ ਪੱਤਰ ਲਿਖ ਕੇ ਕਿਹਾ ਜਾਂਦਾ ਹੈ ਕਿ ਘੱਟ ਗਿਣਤੀ ਸਿੱਖਾਂ ਨਾਲ ਹੋ ਰਹੇ ਧੱਕੇ ਨੂੰ ਰੋਕਿਆ ਜਾਵੇ ਤੇ ਉਨ੍ਹਾਂ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਵੀ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਬਾਰੇ ਚਿੱਠੀ ਲਿਖ ਕੇ ਮਸਲੇ ਦੇ ਹੱਲ ਲਈ ਕਿਹਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਅਹਿਮ ਫੈਸਲਾ ਕਰਦਿਆਂ ਗੁਰਦੁਆਰਾ ਗੁਰੂਸਰ ਸਤਲਾਣੀ ਪਾਤਸ਼ਾਹੀ ਛੇਵੀਂ ਹੁਸ਼ਿਆਰ ਨਗਰ ਅੰਮ੍ਰਿਤਸਰ ਵਿਖੇ ਤਕਰੀਬਨ ੩੫ ਏਕੜ ਜ਼ਮੀਨ ਰੱਖੀ ਹੈ।ਜਿਸ ਵਿੱਚ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਕੁਦਰਤੀ ਖੇਤੀ ਕੀਤੀ ਜਾਵੇਗੀ।ਇਸ ਤਰ੍ਹਾਂ ਦੇ ਪ੍ਰਬੰਧ ਹੋਰਨਾਂ ਥਾਵਾਂ ਤੇ ਵੀ ਕੀਤੇ ਜਾਣਗੇ।
ਇਸ ਮੌਕੇ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ. ਰੂਪ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਜਗਜੀਤ ਸਿੰਘ ਮੀਤ ਸਕੱਤਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਅਤੇ ਸ. ਸਤਨਾਮ ਸਿੰਘ ਸੁਪ੍ਰਿੰਟੈਡੈਂਟ ਆਦਿ ਹਾਜ਼ਰ ਸਨ।