ਅੰਮ੍ਰਿਤਸਰ - ਸਿਕਲੀਗਰ ਵਣਜਾਰੇ ਸਿੱਖਾਂ ਦੇ ਉੱਤਰ ਪ੍ਰਦੇਸ਼ ਤੇ ਮਹਾਰਾਸ਼ਟਰ ਤੋਂ ਆਏ ਜਥੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੰਮ੍ਰਿਤਪਾਨ ਕੀਤਾ। ਅੰਮ੍ਰਿਤਪਾਨ ਕਰਨ ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਸ. ਰਣਜੀਤ ਸਿੰਘ ਤੇ ਸ. ਸੰਤੋਖ ਸਿੰਘ ਐਡੀ: ਸਕੱਤਰ ਨੇ ਗੁਰਦੁਆਰਾ ਬੀਬੀ ਕੌਲਾਂ ਜੀ (ਕੌਲਸਰ) ਵਿਖੇ ਇਨ੍ਹਾਂ ਸਿੱਖਾਂ ਨੂੰ ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣਨ ਲਈ ਵਧਾਈ ਦਿੰਦਿਆਂ ਕਿਹਾ ਕਿ ਜੋ ਸਿੱਖ ਅਜੇ ਪਤਿਤ ਹਨ ਉਹ ਵੀ ਸਾਬਤ ਸੂਰਤ ਹੋ ਕੇ ਗੁਰੂ ਵਾਲੇ ਬਣਨ ਤੇ ਗੁਰੂ ਨਾਨਕ ਦੇ ਘਰ ਦੇ ਉਪਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੋਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸ਼ਹਿਰ ਵਿੱਚ ਆਪਣੇ ਪ੍ਰਚਾਰਕਾਂ ਰਾਹੀਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਉਪਰਾਲਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਸਿਕਲੀਗਰ ਸਿੱਖਾਂ ਨਾਲ ਆਏ ਭਾਈ ਭੁਪਿੰਦਰ ਸਿੰਘ ਤੇ ਭਾਈ ਹਰਭਿੰਦਰ ਸਿੰਘ ਪ੍ਰਚਾਰਕ, ਸ. ਬੇਅੰਤ ਸਿੰਘ ਅਤੇ ਸਿਕਲੀਗਰ ਸਿੱਖਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਪੰਜਾਬੀ ਵਿੱਚ ਛਪੀ ਪੁਸਤਕ ‘ਬਾਲ ਉਪਦੇਸ਼’ ਭੇਟਾ ਰਹਿਤ ਦਿੱਤੀ ਗਈ।ਇਸ ਮੌਕੇ ਉਨ੍ਹਾਂ ਨਾਲ ਭਾਈ ਸੂਰਤ ਸਿੰਘ ਤੇ ਭਾਈ ਬਲਜਿੰਦਰ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ।