ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਗੁਰਦੁਆਰਾ ਸਾਹਿਬਾਨ ਦੀਆਂ ਜ਼ਮੀਨਾਂ ਤੋਂ ਨਜਾਇਜ਼ ਕਬਜੇ ਹਟਾਉਣ ਲਈ ਪਾਕਿਸਤਾਨ ਸਰਕਾਰ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖਾਂ ਦੀਆਂ ਜ਼ਮੀਨਾਂ ਨੂੰ ਬਚਾਉਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੀ ਆਵਾਜ਼ ਸਮੇਂ-ਸਮੇਂ ਤੇ ਉਠਾਉਂਦੀ ਰਹੀ ਹੈ।ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਫਾਲਤੂ ਕਿਸਮ ਦੇ ਵਿਸ਼ਿਆਂ ਤੇ ਬਹਿਸ ਕਰਕੇ ਕੌਮ ਨੂੰ ਉਲਝਾਈ ਰੱਖਦੇ ਹਨ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਗੁਰਧਾਮਾਂ ਦੀ ਬੇਸ਼ਕੀਮਤੀ ਜਗ੍ਹਾ ਨੂੰ ਬਚਾਉਣ ਲਈ ਰਾਤ ਦਿਨ ਇਕ ਕਰਨ ਵਿੱਚ ਆਪਣਾ ਯੋਗਦਾਨ ਪਾਉਣ।ਉਨ੍ਹਾਂ ਅੱਗੇ ਕੈਲੰਡਰ ਬਾਰੇ ਕਿਹਾ ਕਿ ਇਹ ਸਮੁੱਚੀ ਕੌਮ ਨਾਲ ਸਬੰਧਿਤ ਹੈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਣਾ ਹਰ ਇਕ ਦਾ ਮੁੱਢਲਾ ਫਰਜ਼ ਹੈ।ਉਨ੍ਹਾਂ ਕਿਹਾ ਕਿ ਜਿਹੜਾ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦਿੰਦਾ ਹੈ ਉਸ ਨੂੰ ਗੁਰੂ ਦਾ ਸਿੱਖ ਕਹਾਉਣ ਦਾ ਕੋਈ ਹੱਕ ਨਹੀਂ ਹੈ।ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਫਾਲਤੂ ਮਸਲੇ ਖੜੇ ਕਰਕੇ ਕੌਮੀ ਸ਼ਕਤੀ ਨੂੰ ਖੋਰਾ ਨਹੀਂ ਲਾਉਣਾ ਚਾਹੀਦਾ, ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਛੱਤਰ ਛਾਇਆ ਵਿੱਚ ਰਹਿ ਕੇ ਕੌਮ ਦੇ ਭਲੇ ਲਈ ਅਰਦਾਸ ਬੇਨਤੀ ਕਰਨੀ ਚਾਹੀਦੀ ਹੈ।