ਲੁਧਿਆਣਾ : ਪੰਜਾਬ ਦੇ ਖੇਤੀਬਾੜੀ ਅਤੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਫੂਡ ਇੰਡਸਟਰੀ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਹ ਸੈਂਟਰ ਅਮਰੀਕਾ ਦੀ ਓਹਾਇਓ ਸਟੇਟ ਯੂਨੀਵਰਸਿਟੀ ਦੇ ਤਕਨੀਕੀ ਸਹਿਯੋਗ ਨਾਲ ਸਥਾਪਿਤ ਕੀਤਾ ਗਿਆ ਹੈ। ਇਸ ਕੇਂਦਰ ਨੂੰ ਸਥਾਪਿਤ ਕਰਨ ਦਾ ਮੁੱਖ ਮੰਤਵ ਖੇਤੀ ਉਤਪਾਦਾਂ ਵਿੱਚ ਪ੍ਰੋਸੈਸਿੰਗ ਕਰਕੇ ਮੁੱਲ ਵਿੱਚ ਵਾਧਾ ਕਰਨਾ ਹੈ ਅਤੇ ਇਸ ਸੰਬੰਧੀ ਵਿਕਸਤ ਤਕਨਾਲੋਜੀਆਂ ਲਈ ਸਿਖਲਾਈਆਂ ਵੀ ਪ੍ਰਦਾਨ ਕਰਨਾ ਹੈ। ਸਿਖਲਾਈ ਲੈਣ ਉਪਰੰਤ ਤਾਂ ਜੋ ਲਘੂ ਉਦਯੋਗ ਸਥਾਪਿਤ ਕੀਤੇ ਜਾ ਸਕਣ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਨੇ ਮੰਤਰੀ ਜੀ ਦਾ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਜਥੇਦਾਰ ਤੋਤਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਕੀਤਾ ਗਿਆ ਇਹ ਉੱਦਮ ਇੱਕ ਮੀਲ ਪੱਥਰ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸੈਂਟਰ ਸਥਾਪਿਤ ਕਰਨਾ ਸਮੇਂ ਦੀ ਮੁੱਖ ਮੰਗ ਹੈ ਅਤੇ ਫੂਡ ਪ੍ਰੋਸੈਸਿੰਗ ਇਕਾਈਆਂ ਦੀ ਸਥਾਪਨਾ ਲਈ ਸਰਕਾਰ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੇਸ਼ ਦੀ ਭੋਜਨ ਸੁਰੱਖਿਆ ਵਿੱਚ ਪੰਜਾਬ ਦੇ ਕਿਸਾਨਾਂ ਵੱਲੋਂ ਪਾਏ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਨਿਕਲ ਕੇ ਸਾਨੂੰ ਫੂਡ ਪ੍ਰੋਸੈਸਿੰਗ ਵੱਲ ਤੁਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਮੁੱਢ ਤੋਂ ਹੀ ਦੂਜੇ ਸੂਬਿਆਂ ਦੀ ਅਗਵਾਈ ਕਰਦਾ ਰਿਹਾ ਹੈ। ਇਸੇ ਤਰ੍ਹਾਂ ਖੇਤੀ ਦਰਪੇਸ਼ ਚੁਣੌਤੀਆਂ ਲਈ ਰੋਲ ਮਾਡਲ ਵਜੋਂ ਉੱਭਰ ਕੇ ਸਾਹਮਣੇ ਆਵੇਗਾ। ਉਨ੍ਹਾਂ ਕਿਸਾਨਾਂ ਨੂੰ ਸਬਜ਼ੀਆਂ ਅਤੇ ਬਾਗਬਾਨੀ ਵੱਲ ਮੁੜਨ ਲਈ ਕਿਹਾ ।
ਇਸ ਮੌਕੇ ਡਾ ਢਿੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੇਂਦਰ ਤੋਂ ਵਿਦਿਆਰਥੀਆਂ ਨੂੰ ਤਜਰਬਾ ਸਿਖਲਾਈ ਪ੍ਰਦਾਨ ਕਰਨ ਤੋਂ ਇਲਾਵਾ ਕਿਸਾਨ, ਕਿਸਾਨ ਬੀਬੀਆਂ, ਪੇਂਡੂ ਨੌਜਵਾਨਾਂ, ਗੈਰ ਸਰਕਾਰੀ ਸੰਸਥਾਵਾਂ, ਸਵੈ ਸਹਾਇਤਾ ਸਮੂਹਾਂ ਨੂੰ ਤਕਨੀਕੀ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੀਆਂ ਲਾਗਤਾਂ ਵਿੱਚ ਵਾਧਾ ਹੋਣ ਕਾਰਨ ਖੇਤੀ ਵਿਭਿੰਨਤਾ ਵੱਲ ਜਾਣਾ ਬਹੁਤ ਜ਼ਰੂਰੀ ਹੈ, ਇਸ ਲਈ ਪੰਜਾਬ ਸੂਬਾ 40 ਲੱਖ ਟਨ ਸਬਜ਼ੀਆਂ ਅਤੇ 15 ਲੱਖ ਟਨ ਫ਼ਲ ਪ੍ਰਤੀ ਸਾਲ ਤਿਆਰ ਕਰਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ ਦੀ ਇੱਕ ਰਿਪੋਰਟ ਅਨੁਸਾਰ 18 ਪ੍ਰਤੀਸ਼ਤ ਸਬਜ਼ੀਆਂ ਅਤੇ ਫ਼ਲ ਖਰਾਬ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਕੇਂਦਰ ਨਾਲ ਸੂਚਨਾ ਦੇ ਪਸਾਰੇ ਨੂੰ ਮਜ਼ਬੂਤੀ ਮਿਲੇਗੀ ਅਤੇ ਦੇਸ਼ ਦੀ ਭੋਜਨ ਸੁਰੱਖਿਆ ਵਿੱਚ ਯੋਗਦਾਨ ਪਾ ਸਕੇਗਾ। ਡਾ: ਢਿੱਲੋਂ ਨੇ ਦੱਸਿਆ ਕਿ ਅਜਿਹਾ ਹੀ ਇੱਕ ਸੈਂਟਰ ਬਠਿੰਡਾ ਵਿਖੇ ਸਥਾਪਿਤ ਕੀਤਾ ਜਾ ਚੁੱਕਾ ਹੈ ਜਿਸ ਵਿੱਚ ਪਹਿਲਾ ਸਿਖਲਾਈ ਕੋਰਸ 18 ਜੂਨ ਨੂੰ ਮੁਕੰਮਲ ਹੋਵੇਗਾ। ਇਸ ਮੌਕੇ ਡਾ: ਢਿੱਲੋਂ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਖੋਜ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਯੂਨੀਵਰਸਿਟੀ ਦੇ ਚੀਫ਼ ਇੰਜੀਨੀਅਰ ਡਾ: ਜਸਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਕੇਂਦਰ ਨੂੰ ਸਥਾਪਿਤ ਕਰਨ ਦਾ ਸੁਪਨਾ ਸਾਕਾਰ ਕਰਨ ਵਾਲੀ ਗੱਲ ਹੈ। ਉਨ੍ਹਾਂ ਇਸ ਮੌਕੇ ਇਸ ਕੇਂਦਰ ਦੀ ਕਾਰਗੁਜ਼ਾਰੀ ਅਤੇ ਵਿਉਂਤਬੰਦੀ ਬਾਰੇ ਜਾਣਕਾਰੀ ਪ੍ਰਦਾਨ ਕੀਤੀ। ਇਸ ਤੋਂ ਪਹਿਲਾਂ ਜੀ ਆਇਆਂ ਦੇ ਸ਼ਬਦ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ: ਬਲਵਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਇਹ ਕੇਂਦਰ ਸਥਾਪਿਤ ਕਰਨ ਦਾ ਉਪਰਾਲਾ ਕਿਸਾਨਾਂ ਦੀ ਆਮਦਨੀ ਵਿੱਚ ਵਾਧਾ ਕਰਨ ਲਈ ਵਧੀਆ ਰੋਲ ਨਿਭਾਏਗਾ ਅਤੇ ਪੇਂਡੂ ਖੇਤਰ ਦੇ ਰੁਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਵਿੱਚ ਨਵੀਨਤਮ ਵਿਧੀਆਂ ਅਤੇ ਤਕਨਾਲੋਜੀਆਂ ਕਿਸਾਨਾਂ ਤੀਕ ਪਹੁੰਚਾਈਆਂ ਜਾਣਗੀਆਂ। ਅੰਤ ਵਿੱਚ ਧੰਨਵਾਦ ਦੇ ਸ਼ਬਦ ਐਗਰੀਕਲਚਰ ਕਾਲਜ ਦੇ ਡੀਨ ਡਾ: ਹਰਵਿੰਦਰ ਸਿੰਘ ਧਾਲੀਵਾਲ ਨੇ ਕਹੇ। ਇਸ ਮੌਕੇ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵੱਲੋਂ ਪ੍ਰਭਾਵਸ਼ਾਲੀ ਪ੍ਰਦਰਸ਼ਨੀ ਵੀ ਲਗਾਈ ਗਈ । ਇਸ ਮੌਕੇ ਅਪਰ ਨਿਰਦੇਸ਼ਕ ਖੋਜ ਡਾ: ਅਸ਼ੋਕ ਕੁਮਾਰ ਨੇ ਨਵੀਆਂ ਤਕਨੀਕਾਂ ਬਾਰੇ ਆਏ ਮਹਿਮਾਨਾਂ ਨੂੰ ਜਾਣੂੰ ਕਰਵਾਇਆ। ਉਦਘਾਟਨੀ ਸਮਾਰੋਹ ਉਪਰੰਤ ਜਥੇਦਾਰ ਤੋਤਾ ਸਿੰਘ ਜੀ ਨੂੰ ਇੱਕ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮੂਹ ਡੀਨਜ਼, ਡਾਇਰੈਕਟਰਜ ਅਤੇ ਵਿਭਾਗਾਂ ਦੇ ਮੁਖੀ ਸਾਹਿਬਾਨ ਵੀ ਹਾਜ਼ਰ ਸਨ।