ਅੰਮ੍ਰਿਤਸਰ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀ ਮਤੀ ਗੁਰਸ਼ਰਨ ਕੌਰ ਪੂਰੀ ਸ਼ਰਧਾ ਭਾਵਨਾ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਿਕ ਹੋਏ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਭਰਾ ਸ੍ਰ: ਸੁਰਜੀਤ ਸਿੰਘ ਕੋਹਲੀ ਵੀ ਸਨ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਬੈਠ ਕੇ ਧੁਰ ਕੀ ਬਾਣੀ ਦਾ ਕੀਰਤਨ ਸਰਵਣ ਕੀਤਾ। ਉਹ ਤਕਰੀਬਨ ਇਕ ਘੰਟਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਦਰ ਰੁਕੇ।
ਉਪਰੰਤ ਸੂਚਨਾ ਕੇਂਦਰ ਵਿਖੇ ਡਾ: ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀ ਮਤੀ ਗੁਰਸ਼ਰਨ ਕੌਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਲੋਈ, ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਨਮਾਨਿਤ ਕੀਤਾ। ਡਾ: ਮਨਮੋਹਨ ਸਿੰਘ ਨੇ ਸੂਚਨਾ ਕੇਂਦਰ ਵਿਖੇ ਵਿਜ਼ਟਰ ਬੁੱਕ ਵਿੱਚ ਲਿਖਦਿਆਂ ਇਜ਼ਹਾਰ ਕੀਤਾ ਕਿ ਰੂਹਾਨੀਅਤ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਵਰਗਾ ਹੋਰ ਕੋਈ ਅਸਥਾਨ ਨਹੀਂ ਹੈ।
ਇਸ ਮੌਕੇ ਡਾ: ਰੂਪ ਸਿੰਘ ਤੇ ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰ: ਹਰਭਜਨ ਸਿੰਘ ਮਨਾਵਾਂ, ਸ੍ਰ: ਸੁਖਦੇਵ ਸਿੰਘ ਭੂਰਾਕੋਹਨਾ, ਸ੍ਰ: ਰਣਜੀਤ ਸਿੰਘ ਤੇ ਸ੍ਰ: ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਜਗਜੀਤ ਸਿੰਘ ਮੀਤ ਸਕੱਤਰ, ਸ੍ਰ: ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ, ਸ੍ਰ: ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਸ੍ਰ: ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਜਸਵਿੰਦਰ ਸਿੰਘ ਸੂਚਨਾ ਅਧਿਕਾਰੀ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਆਦਿ ਮੌਜੂਦ ਸਨ।