ਨਿਊਯਾਰਕ – ਅਮਰੀਕਾ ਦੇ ਉਘੇ ਵਕੀਲ ਜਸਪ੍ਰੀਤ ਸਿੰਘ ਅਟਾਰਨੀ ਜਿੰਨ੍ਹਾਂ ਨੇ ਪਿਛਲੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਪੁਲਿਸ ਦੁਆਰਾ ਕੀਤੀ ਗਈ ਨਿਹੰਥੇ ਸਿੰਘਾਂ ’ਤੇ ਫਾਇਰਿੰਗ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਅਮਰੀਕਾ ਦੀ ਹਾਈ ਪਾਵਰ ਕੋਰ ਕਮੇਟੀ ਦੇ ਚੇਅਰਮੈਨ ਅਤੇ ਮੁੱਖ ਕਾਨੂੰਨੀ ਸਲਾਹਕਾਰ ਤੋਂ ਅਸਤੀਫ਼ਾ ਦੇ ਦਿੱਤਾ ਸੀ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 10 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ‘ਚ ਕਰਵਾਏ ਜਾਣ ਵਾਲੇ ਸਰਬੱਤ ਖਾਲਸਾ ਦਾ ਪੂਰਨ ਤੌਰ ’ਤੇ ਸਵਾਗਤ ਕੀਤਾ। ਸ: ਜਸਪ੍ਰੀਤ ਸਿੰਘ ਅਟਾਰਨੀ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਹੋਣ ਵਾਲੇ ਸਰਬੱਤ ਖਾਲਸੇ ‘ਚ ਵੱਧ ਚੜ੍ਹ ਕੇ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਪੰਜਾਂ ਤੱਖ਼ਤਾਂ ਦੇ ਜਥੇਦਾਰ ਸਿੱਖ ਸੰਗਤਾਂ ਵਿਚ ਆਪਣਾ ਵਿਸ਼ਵਾਸ਼ ਗੁਆ ਚੁੱਕੇ ਹਨ ਅਤੇ ਦੁਨੀਆਂ ਭਰ ਵਿਚ ਅਮਰੀਕਾ, ਕੈਨੇਡਾ, ਇੰਗਲੈਂਡ, ਅਸਟ੍ਰੇਲੀਆ ਤੇ ਹੋਰ ਮੁਲਕਾਂ ਦੇ ਗੁਰਦੁਆਰਿਆਂ ਵਿਚ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੂਰਤ ਵਿਚ ਸਿੱਖ ਕੌਮ ਨੂੰ ਆਪਣੇ ਜਥੇਦਾਰ ਖੁਦ ਨਿਯੁਕਤ ਕਰਨੇ ਚਾਹੀਦੇ ਹਨ ਜਿਨ੍ਹਾਂ ਦਾ ਸਿੱਖ ਸੰਗਤਾਂ ਵਿਚ ਪੂਰਾ ਸਤਿਕਾਰ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਜਥੇਦਾਰਾਂ ਦੀ ਨਿਯੁਕਤੀ ਵਿਦੇਸ਼ਾਂ ‘ਚ ਰਹਿੰਦੇ ਸਿੱਖਾਂ ਦੀ ਸਹਿਮਤੀ ਨਾਲ ਹੋਣੀ ਚਾਹੀਦੀ ਹੈ। ਵਿਦੇਸ਼ਾਂ ਦੀਆਂ ਸੰਗਤਾਂ, ਬਾਹਰਲਿਆਂ ਮੁਲਖਾਂ ਦੇ ਗੁਰਦੁਆਰਿਆਂ ਦੇ ਪ੍ਰਧਾਨ ਅਤੇ ਪੰਥਕ ਜਥੇਬੰਦੀਆਂ ਦੀ ਵੀ ਰਾਏ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਚੰਗਾ ਤਾਂ ਹੋਵੇ ਜੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਤੇ ਹੋਰ ਤਖ਼ਤਾਂ ਦੇ ਨੁਮਾਇੰਦੇ ਵੀ ਸਰਬੱਤ ਖਾਲਸਾ ਵਿਚ ਸ਼ਾਮਿਲ ਹੋਣ ਪਰ ਇਹ ਸੰਭਵ ਨਹੀਂ ਲੱਗਦਾ। ਸਿੱਖਾਂ ਨੂੰ ਇਨ੍ਹਾਂ ਤੋਂ ਬਿਨਾਂ ਹੀ ਸਰਬੱਤ ਖਾਲਸਾ ਕਰਕੇ ਆਪਣੇ ਜਥੇਦਾਰ ਚੁਣ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉਚ ਹੈ ਇਸ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਅਜ਼ਾਦ ਹੋਣਾ ਚਾਹੀਦਾ ਹੈ ਉਹ ਸਾਰੀ ਦੁਨੀਆਂ ਦੇ ਸਿੱਖਾਂ ਦੇ ਵਿਸ਼ਵਾਸ਼ ਦਾ ਪਾਤਰ ਹੋਣਾ ਚਾਹੀਦਾ ਹੈ ਤਾਂ ਹੀ ਉਹ ਦੁਨੀਆਂ ਭਰ ਦੇ ਸਿੱਖਾਂ ਨੂੰ ਇਕ ਮੰਚ ਤੇ ਇਕੱਠਾ ਕਰ ਸਕੇਗਾ। ਉਨ੍ਹਾਂ ਸਮੂਹ ਸਿੱਖਾਂ ਨੂੰ ਅਪੀਲ ਕੀਤੀ ਕਿ ਇਸ ਸਰਬੱਤ ਖਾਲਸੇ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਣ ਤੇ ਇਸਨੂੰ ਕਾਮਯਾਬ ਕਰਨ।
ਉਨ੍ਹਾਂ ਕਿਹਾ ਕਿ ਬਰਗਾੜੀ ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਚ ਗ੍ਰਿਫਤਾਰ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਨਾਂਅ ਦੇ ਗ੍ਰਿਫਤਾਰ ਭਰਾਵਾਂ ਨੂੰ ਰਿਹਾਅ ਕਰਵਾਉਣ ਲਈ ਸਿੱਖ ਜਥੇਬੰਦੀਆਂ ਵਲੋਂ ਸਰਕਾਰ ’ਤੇ ਪਾਏ ਦਬਾਅ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸ਼ੁਰੂ ਤੋਂ ਹੀ ਕਹਿੰਦੇ ਆ ਰਹੇ ਸਾਂ ਕਿ ਇਨ੍ਹਾਂ ਉਕਤ ਨੌਜਵਾਨਾਂ ਨੂੰ ਝੂਠੇ ਕੇਸਾਂ ਵਿਚ ਫਸਾਇਆ ਗਿਆ ਹੈ। ਸ: ਜਸਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਇਹ ਦੋਵੇਂ ਭਰਾ ਨਿਰਦੋਸ਼ ਹਨ ਅਤੇ ਅਸਲ ਦੋਸ਼ੀ ਕੋਈ ਹੋਰ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕੇ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਇਨ੍ਹਾਂ ਦੋਵਾਂ ਭਰਾਵਾਂ ਨੂੰ ਝੂਠੇ ਕੇਸਾਂ ‘ਚ ਫਸਾਇਆ ਉਨ੍ਹਾਂ ਪੁਲਿਸ ਮੁਲਾਜ਼ਮਾਂ ਖਿਲਾਫ਼ ਜਲਦ ਝੂਠੇ ਪਰਚੇ ਦਰਦ ਕਰਨ ਤੇ ਮਾਮਲੇ ‘ਚ ਬਣਦੀ ਕਾਰਵਾਈ ਕਰਕੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਜੇਲ ਭੇਜਣਾ ਚਾਹੀਦਾ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਇਹ ਵੀ ਮੰਗ ਕੀਤੀ ਕਿ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਬਰਗਾੜੀ ਵਿਖੇ ਗੋਲੀ ਚਲਾ ਕੇ ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕੀਤਾ ਉਨ੍ਹਾਂ ਨੂੰ ਵੀ ਬਰਖਾਸਤ ਕਰਕੇ ਕਤਲ ਦੇ ਕੇਸ ਅਧੀਨ ਜੇਲ ਭੇਜਣਾ ਚਾਹੀਦਾ ਹੈ। ਸ: ਜਸਪ੍ਰੀਤ ਸਿੰਘ ਨੇ ਸਾਰੀਆਂ ਧਿਰਾਂ ਨੂੰ ਪੰਜਾਬ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।