ਨਵੀ ਦਿੱਲੀ – ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਸੁਖਬੀਰ ਸਿੰਘ ਬਾਦਲ ਵੱਲੋਂ ਦੇਸ਼ ਦੇ ਰਾਸ਼ਟਰਪਤੀ ਨੂੰ ਪੰਜਾਬ ਦੀ ਹਾਕਮ ਧਿਰ ਨੂੰ ਵਿਰੋਧੀ ਪਾਰਟੀ ਕਾਂਗਰਸ ਤੋਂ ਖਤਰਾ ਹੋਣ ਦਿੱਤੇ ਗਏ ਮੰਗ ਪੱਤਰ ਤੇ ਗਹਿਰੀ ਟਿੱਪਣੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਤਸਲੀਮ ਕਰ ਲਿਆ ਹੈ ਕਿ ਸਰਕਾਰ ਪੰਜਾਬ ਵਿੱਚ ਅਮਨ ਸ਼ਾਂਤੀ ਬਣਾਈ ਰੱਖਣ ਵਿੱਚ ਨਾਕਾਮ ਰਹੀ ਹੈ ਅਤੇ ਰਾਸ਼ਟਰਪਤੀ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਕਿਸੇ ਦੇਰੀ ਤੋ ਸਰਕਾਰ ਭੰਗ ਕਰਕੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਦਾ ਐਲਾਨ ਕਰੇ।
ਵਿਦੇਸ਼ ਤੋਂ ਜਾਰੀ ਇੱਕ ਬਿਆਨ ਰਾਹੀ ਸ੍ਰ. ਸਰਨਾ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਸੂਬੇ ਵਿੱਚ ਥਾਂ ਥਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋ ਰਹੀ ਬਾਰ ਬਾਰ ਬੇਅਦਬੀ ਨੂੰ ਰੋਕਣ ਵਿੱਚ ਹੀ ਨਾਕਾਮ ਨਹੀਂ ਰਹੀ ਸਗੋਂ ਪਹਿਲੀ ਜੂਨ 2015 ਨੂੰ ਚੋਰੀ ਹੋਏ ਸਰੂਪ ਨੂੰ ਨਾ ਤਾਂ ਲੱਭ ਸਕੀ ਹੈ ਅਤੇ ਨਾ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਸਕੀ ਜਿਸ ਕਰਕੇ ਸਰਕਾਰ ਨੂੰ ਹੁਣ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਰਾਸ਼ਟਰਪਤੀ ਨੂੰ ਇੱਕ ਮੰਗ ਪੱਤਰ ਦੇਣਾ ਵੀ ਸਪੱਸ਼ਟ ਕਰਦਾ ਹੈ ਕਿ ਸਰਕਾਰ ਪੰਜਾਬ ਦੇ ਹਾਲਾਤਾਂ ਨੂੰ ਕੰਟਰੋਲ ਕਰਨ ਵਿੱਚ ਪੂਰੀ ਤਰ੍ਵਾਂ ਨਾਕਾਮ ਰਹੀ ਹੈ ਅਤੇ ਰਾਸ਼ਟਰਪਤੀ ਸੁਖਬੀਰ ਬਾਦਲ ਵੱਲੋਂ ਦਿੱਤੇ ਮੰਗ ਪੱਤਰ ਨੂੰ ਅਧਾਰ ਬਣਾ ਕੇ ਸਰਕਾਰ ਨੂੰ ਬਰਖਾਸਤ ਕਰਕੇ ਰਾਸ਼ਟਰਪਤੀ ਰਾਜ ਸਥਾਪਤ ਕਰੇ। ਉਹਨਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਜਦੋਂ ਕਿਸੇ ਸੂਬੇ ਦੀ ਸਰਕਾਰ ਵਿਰੋਧੀ ਧਿਰ ਤੋਂ ਇੰਨੀ ਖੋਫਜਦਾ ਹੋ ਗਈ ਹੈ ਕਿ ਉਸ ਨੂੰ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਣ ਲਈ ਮਜਬੂਰ ਹੋਣਾ ਪਿਆ ਜਦ ਕਿ ਆਮ ਤੌਰ ਤੇ ਵਿਰੋਧੀ ਧਿਰ ਹੀ ਰਾਸ਼ਟਰਪਤੀ ਕੋਲ ਸਰਕਾਰ ਦੀਆਂ ਨਾਕਾਮੀਆਂ ਦੀ ਸ਼ਕਾਇਤ ਲੈ ਕੇ ਜਾਂਦੀ ਹੈ।
ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਕੋਈ ਅਧਿਕਾਰ ਨਹੀਂ ਕਿ ਉਹ ਸਰਬੱਤ ਖਾਲਸਾ ਦੇ ਨਾਮ ਤੇ ਕੀਤੇ ਗਏ ਪੰਥਕ ਇਕੱਠ ਵਿੱਚ ਸ਼ਾਮਲ ਹੋਏ ਸਿੱਖਾਂ ਨੂੰ ਅੱਤਵਾਦੀ ਤੇ ਵੱਖਵਾਦ ਗਰਦਾਨ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਕਰੀਬ 546 ਪਹਿਲਾਂ ਉਸਾਰੇ ਗਏ ਸਿੱਖ ਧਰਮ ਦੀ ਤੌਹੀਨ ਕਰੇ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਿੱਚ ਕੋਈ ਮਰਦਾਨਗੀ ਦੀ ਕਣੀ ਹੈ ਤਾਂ ਉਸ ਨੂੰ ਚਾਹੀਦਾ ਹੈ ਕਿ ਸਿੱਖਾਂ ਨੂੰ ਅੱਤਵਾਦੀ ਦੱਸਣ ਵਾਲੇ ਸੁਖਬੀਰ ਬਾਦਲ ਨੂੰ ਤੁਰੰਤ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਤਨਖਾਹ ਲਗਾਏ।