ਅੰਮ੍ਰਿਤਸਰ – ਸਿੱਖ ਧਰਮ ਦੇ ਬਾਨੀ, ਮਨੁੱਖਤਾ ਦੇ ਰਹਿਬਰ, ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ।ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਤਾਬਿਆ ਦੀ ਸੇਵਾ ਨਿਭਾਈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਡਾ. ਰੂਪ ਸਿੰਘ ਸਕੱਤਰ ਨੇ ਕਿਹਾ ਕਿ ਜਦੋਂ ਧਰਤੀ ਤੇ ਧਰਮ ਤੇ ਸ਼ਰਮ ਛੁਪ ਖਲੋਂਦੇ ਨੇ ਤਾਂ ਅਕਾਲ ਪੁਰਖ ਆਪਣੇ ਦਰ ਤੋਂ ਵਰੋਸਾਈ ਹੋਈ ਕਿਸੇ ਆਤਮਾ ਨੂੰ ਧਰਤੀ ‘ਤੇ ਧਰਮ ਦਾ ਪ੍ਰਕਾਸ਼ ਕਰਨ ਲਈ ਭੇਜਦਾ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਮੇਂ ਵੀ ਜ਼ੁਲਮ, ਅਨਿਆਂ ਅਤੇ ਅਧਰਮ ਦਾ ਬੋਲਬਾਲਾ ਸਿਖਰਾਂ ‘ਤੇ ਸੀ।ਇਸੇ ਉਦੇਸ਼ ਦੀ ਪੂਰਤੀ ਲਈ ਜਗਤ ਜਲੰਦੇ ਨੂੰ ਤਾਰਣ ਅਤੇ ਸਮੁੱਚੀ ਲੋਕਾਈ ਨੂੰ ਅਗਿਆਨਤਾ ਰੂਪੀ ਹਨੇਰੇ ‘ਚੋਂ ਕੱਢ ਕੇ ਗਿਆਨ ਰੂਪੀ ਪ੍ਰਕਾਸ਼ ਦੇਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਵਤਾਰ ਧਾਰਿਆ।ਉਨ੍ਹਾਂ ਸਾਂਝੀਵਾਲਤਾ ਦੇ ਨਾਲ-ਨਾਲ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦਾ ਉਪਦੇਸ਼ ਦਿੱਤਾ।ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਨਾਲ-ਨਾਲ ਅੱਜ ਦੇ ਪਵਿੱਤਰ ਦਿਹਾੜੇ ਤੇ ਭਗਤ ਸੈਣ ਜੀ ਦੇ ਜਨਮ ਦਿਹਾੜੇ ਦੀ ਵੀ ਸੰਗਤਾਂ ਨੂੰ ਵਧਾਈ ਦਿੱਤੀ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਤੇ ਅਲੌਕਿਕ ਜਲੌ ਸਜਾਏ ਗਏ
This entry was posted in ਪੰਜਾਬ.