ਅੰਮ੍ਰਿਤਸਰ – ਨੌਵੇਂ ਗੁਰੂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਵਿਚਾਰਧਾਰਾ ਤੇ ਅਮਲੀ ਵਰਤਾਰੇ ਨੂੰ ਸਿਖਰ ਤੇ ਪਹੁੰਚਾਇਆ।ਆਪ ਨੇ ਤਿਲਕ ਜੰਝੂ ਦੀ ਰਾਖੀ ਖਾਤਰ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਸ਼ਹਾਦਤ ਦੇ ਕੇ ਸਿੱਖ ਇਤਿਹਾਸ ਤੇ ਸੱਭਿਆਚਾਰ, ਸਿਧਾਂਤ ਅਤੇ ਪਰੰਪਰਾ ਦੀ ਇਕ ਨਿਵੇਕਲੀ ਮਿਸਾਲ ਕਾਇਮ ਕੀਤੀ ਅਤੇ ਅਨਿਆਂ ਵਿਰੁੱਧ ਸੰਘਰਸ਼ ਦਾ ਐਲਾਨ ਕੀਤਾ।ਅੱਜ ਉਸ ਹਿੰਦ ਦੀ ਚਾਦਰ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ-ਪੁਰਬ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।
ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ‘ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।ਉਨ੍ਹਾਂ ਨਾਲ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਮੌਜੂਦ ਸਨ।ਨਗਰ ਕੀਰਤਨ ਵਿੱਚ ਸ਼ਹਿਰ ਦੀਆਂ ਸਭਾ-ਸੁਸਾਇਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਗੱਤਕਾ ਪਾਰਟੀਆਂ, ਸਕੂਲੀ ਬੈਂਡ, ਵੱਖ-ਵੱਖ ਸਕੂਲਾਂ/ਕਾਲਜਾਂ ਦੇ ਬੱਚੇ, ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ‘ਚ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਪੈਦਲ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਹ ਨਗਰ ਕੀਰਤਨ ਗੁਰੂ ਰਾਮਦਾਸ ਤੋਂ ਚੌਂਕ ਪ੍ਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਬਾਬਾ ਦੀਪ ਸਿੰਘ ਕਲੋਨੀ, ਚੌਂਕ ਮੌਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਦਾਲ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਤੋਂ ਗੁਰੂ ਬਜ਼ਾਰ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸੰਪੰਨ ਹੋਇਆ।