ਅੰਮ੍ਰਿਤਸਰ – ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਗੁਰਮਤਿ ਪ੍ਰਚਾਰ ਲਹਿਰ ਪ੍ਰਚੰਡ ਕਰਨ ਲਈ ਵੱਖ-ਵੱਖ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਨਾਨਕਸ਼ਾਹੀ ਕੈਲੰਡਰ ਰੀਲੀਜ਼ ਕਰਨ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਗੁਰਮਤਿ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਪੰਜਾਬ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਣਗੇ।ਜਿਨ੍ਹਾਂ ਵਿੱਚ ਪਹਿਲੇ ਜੋਨ ਵਿੱਚ ੫ਵੀਂ ਤੋਂ ੮ਵੀਂ ਤੱਕ ਦੇ ਵਿਦਿਆਰਥੀ ਤੇ ਦੂਜੇ ਜੋਨ ਵਿੱਚ ੮ਵੀਂ ਤੋਂ ੧੦ਵੀਂ ਤੱਕ ਦੇ ਵਿਦਿਆਰਥੀ ਭਾਗ ਲੈਣਗੇ।ਉਨ੍ਹਾਂ ਕਿਹਾ ਕਿ ਹਰਿਆਣੇ ਵਿੱਚ ਗੁਰਮਤਿ ਕੈਂਪ ਦਾ ਸਿਲਸਿਲਾ ਜਾਰੀ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਇਹ ਮੁਕਾਬਲੇ ਜ਼ਿਲ੍ਹਾ ਪੱਧਰ ਤੇ ਫੇਰ ਰਾਜ ਪੱਧਰ ਤੇ ਕਰਵਾਏ ਜਾਣਗੇ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੈਡ ਕੁਆਟਰਾਂ ਵਿੱਚ ਵੱਖ-ਵੱਖ ਸਥਾਨਾ ਤੇ ਰਾਗੀ, ਢਾਡੀ, ਕਵੀਸ਼ਰ, ਕਵੀ, ਕਥਾਵਾਚਕ ਗੁਰਬਾਣੀ-ਗੁਰਮਤਿ ਵਿਚਾਰਧਾਰਾ ਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਜੋੜਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾ ਦੇ ਨਾਲ-ਨਾਲ ਧਾਰਮਿਕ ਫਿਲਮਾਂ ਤੇ ਨਾਟਕਾਂ ਰਾਹੀਂ ਵੀ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਨੂੰ ਦੁਹਰਾਇਆ ਜਾਵੇਗਾ।
ਜਥੇਦਾਰ ਅਵਤਾਰ ਸਿੰਘ ਨੇ ਹੋਰ ਜਾਣਕਾਰੀ ਦੇਂਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਸ਼ੇਸ਼ ਉਪਰਾਲੇ ਸਦਕਾ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ-ਇਸ਼ਨਾਨ ਕਰਵਾਉਣ ਲਈ ਫਰੀ ਬੱਸ ਸੇਵਾ ਸ਼ੁਰੂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਬੱਸਾਂ ਵੱਖ-ਵੱਖ ਸਥਾਨਾਂ, ਪਿੰਡਾਂ ਤੇ ਸ਼ਹਿਰਾਂ ਤੋਂ ਸੰਗਤਾਂ ਨੂੰ ਲਿਆਉਣ ਤੇ ਲਿਜਾਣ ਦੀ ਸੇਵਾ ਨਿਭਾਉਣਗੀਆਂ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ੮ ਫਰਵਰੀ ਨੂੰ ਤਖ਼ਤ ਸ੍ਰੀ ਹਰਮਿੰਦਰ ਜੀ ਪਟਨਾ ਸਾਹਿਬ ਦੀ ਇਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।ਜਿਸ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਸਬੰਧੀ ਪ੍ਰੋਗਰਾਮ ਉਲੀਕੇ ਜਾਣਗੇ।ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਹੋਣ ਵਾਲੇ ਸਮਾਗਮਾ ਲਈ ੧੦੦ ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਸ੍ਰੀ ਨਿਤੀਸ਼ ਕੁਮਾਰ ਵਾਲੀ ਬਿਹਾਰ ਸਰਕਾਰ ਵੱਲੋਂ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾ ‘ਚ ਬੜੇ ਉਤਸ਼ਾਹ ਨਾਲ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰਂ ਬਜਟ ਵਿੱਚ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਸੁੰਦਰਤਾ, ਆਵਾਜਾਈ ਤੇ ਸੰਗਤਾਂ ਦੀ ਸਹੂਲਤ ਲਈ ਵਿਸ਼ੇਸ਼ ਪੈਕੇਜ ਰੱਖਣ ਦੀ ਅਪੀਲ ਕੀਤੀ।
ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ੧੯੮੪ ਦੇ ਦਿੱਲੀ ਸਿੱਖ ਦੰਗਿਆਂ ਦੀ ਰਿਪੋਰਟ ਫਾਈਲ ਗੁੰਮ ਹੋਣਾ ਮੰਦਭਾਗੀ ਘਟਨਾ ਹੈ।ਉਨ੍ਹਾਂ ਕਿਹਾ ਕਿ ਦਿੱਲੀ ਦੰਗੇ ਹੋਏ ਨੂੰ ੩੨ ਸਾਲ ਹੋ ਗਏ ਨੇ, ਪਰ ਅਜੇ ਤੀਕ ਕੋਈ ਇਨਸਾਫ਼ ਨਹੀਂ ਮਿਲਿਆ।ਉਨ੍ਹਾਂ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਇਸ ਫਾਈਲ ਦੇ ਰਿਕਾਰਡ ਨਾਲ ਸਬੰਧਤ ਵਿਅਕਤੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।