ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਦੇ ਇਕੱਤਰਤਾ ਹਾਲ ਵਿਖੇ ਨਵੇਂ ਸਾਲ ਦਾ 1 ਚੇਤ ਸੰਮਤ 548 (2016-17) ਨਾਨਕਸ਼ਾਹੀ ਕੈਲੰਡਰ ਤੇ ਜੰਤਰੀ ਰਿਲੀਜ਼ ਕੀਤੀ।
ਇਸ ਮੌਕੇ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਅੱਜ ਨਾਨਕਸ਼ਾਹੀ ਸੰਮਤ 548 ਕੈਲੰਡਰ ਤੇ ਜੰਤਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਪ੍ਰਕਾਸ਼ਿਤ ਕਰਕੇ ਰਿਲੀਜ਼ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਤਾ ਗਿਆ ਹੈ ਜਿਸ ਵਿੱਚ ਦਸਮ ਪਿਤਾ ਨਾਲ ਸਬੰਧਤ ਇਤਿਹਾਸਕ ਸ਼ਸਤਰਾਂ ਤੇ ਅਸਥਾਨਾਂ ਦੀਆਂ ਤਸਵੀਰਾਂ ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਦੋ ਡਿਜ਼ਾਇਨਾਂ ਦਾ ਰੰਗਦਾਰ ਨਾਨਕਸ਼ਾਹੀ ਕੈਲੰਡਰ 1 ਪਰਤ ਅਤੇ 4 ਪਰਤਾਂ ਵਾਲਾ ਤਿਆਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਟੇਬਲ ਕੈਲੰਡਰ ਤੇ ਡਾਇਰੀ ਦੀ ਛਪਾਈ ਵੀ ਕਰਵਾਈ ਜਾ ਰਹੀ ਹੈ ਜਿਸ ਨੂੰ ਜਲਦੀ ਰਿਲੀਜ਼ ਕੀਤਾ ਜਾਵੇਗਾ।ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਜਾਰੀ ਕੀਤੇ ਗਏ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰੂ ਸਾਹਿਬਾਨ ਨਾਲ ਸਬੰਧਤ ਪੁਰਬ ਤੇ ਦਿਨ-ਦਿਹਾੜੇ ਮਨਾਉਣ।
ਇਸ ਮੌਕੇ ਸ. ਰਜਿੰਦਰ ਸਿੰਘ ਮਹਿਤਾ ਅੰਤ੍ਰਿੰਗ ਕਮੇਟੀ ਮੈਂਬਰ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸੁਲੱਖਣ ਸਿੰਘ ਮੈਨੇਜਰ, ਸ. ਸਤਬੀਰ ਸਿੰਘ ਓ.ਐੱਸ.ਡੀ. ਧਰਮ ਪ੍ਰਚਾਰ ਕਮੇਟੀ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ ਆਦਿ ਹਾਜ਼ਰ ਸਨ।