ਅੰਮ੍ਰਿਤਸਰ :- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਕਹਿਣੀ ਤੇ ਕਥਨੀ ਦੇ ਸੂਰੇ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।
ਇਹ ਨਗਰ ਕੀਰਤਨ ਸਰਾਂ ਸ੍ਰੀ ਗੁਰੂ ਰਾਮਦਾਸ, ਜਲ੍ਹਿਆਂਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੰਨ ਹੋਇਆ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ। ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੱਖ ਇਤਿਹਾਸ ਲਾਸਾਨੀ ਸ਼ਹਾਦਤਾਂ ਦੀਆਂ ਗਾਥਾਵਾਂ ਨਾਲ ਭਰਿਆ ਪਿਆ ਹੈ।ਅਨਿਆਂ ਦੇ ਵਿਰੁੱਧ ਲੜਦਿਆਂ ਅਤੇ ਦੇਸ਼ ਕੌਮ ਦੀ ਰਾਖੀ ਕਰਦਿਆਂ ਸਾਡੇ ਗੁਰੂਆਂ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ।ਉਨ੍ਹਾਂ ਕਿਹਾ ਕਿ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਖੰਡੇ ਬਾਟੇ ਦੀ ਪਾਹੁਲ ਲੈ ਕੇ ਸਿੱੰਘ ਸਜੇ ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਆਪਣੇ ਆਪ ਵਿੱਚ ਇਕ ਅਦੁੱਤੀ ਮਿਸਾਲ ਹੈ।ਉਨ੍ਹਾਂ ਕਿਹਾ ਕਿ ਅੱਜ ਉਸ ਮਹਾਨ ਸੂਰਬੀਰ ਤੇ ਨਿਧੜਕ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ੨੬ ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਸਿੰਘ ਸਾਹਿਬ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਕਰਨਗੇ।ਇਸੇ ਦਿਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਵੇਰੇ ੯।੦੦ ਵਜੇ ਅੰਮ੍ਰਿਤ ਸੰਚਾਰ ਹੋਵੇਗਾ।ਅੰਮ੍ਰਿਤ ਅਭਿਲਾਖੀ ਅੰਮ੍ਰਿਤਪਾਨ ਕਰਨ ਲਈ ਤਿਆਰ ਬਰ ਤਿਆਰ ਹੋ ਕੇ ਆਉਣ।ਸਵੇਰੇ ੧੦।੦੦ ਤੋਂ ਸ਼ਾਮ ੪ ਵਜੇ ਤੱਕ ਢਾਡੀ ਤੇ ਕਵੀ ਦਰਬਾਰ ਹੋਵੇਗਾ।ਸ। ਬੇਦੀ ਨੇ ਕਿਹਾ ਕਿ ਧਾਰਮਿਕ ਸਮਾਗਮ ‘ਚ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਹਰਜੋਤ ਸਿੰਘ ਜ਼ਖਮੀ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਅਮਰਜੀਤ ਸਿੰਘ ਤਾਨ ਪਟਿਆਲਾ, ਭਾਈ ਅਨੂਪ ਸਿੰਘ ਊਨਾ ਵਾਲੇ, ਭਾਈ ਕੁਲਦੀਪ ਸਿੰਘ ਦੇਹਰਾਦੂਨ, ਭਾਈ ਤਰਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਸਭਾ, ਭਾਈ ਗੁਰਪ੍ਰੀਤ ਸਿੰਘ, ਪ੍ਰੋ। ਪੁਸ਼ਪਿੰਦਰ ਕੌਰ ਬੇਬੇ ਨਾਨਕੀ ਗੁਰਮਤਿ ਸੰਗੀਤ ਐਕਡਮੀ, ਬੀਬਾ ਪਰਨੀਤ ਕੌਰ ਕਾਦੀਆਂ ਤੇ ਕਵੀ ਭਾਈ ਚਮਨਜੀਤ ਸਿੰਘ ਚਮਨ ਹਰਿਗੋਬਿੰਦਪੁਰੀ ਕਥਾ ਵਿਖਿਆਨ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜੀ ਵੀ ਚਲਾਈ ਜਾਵੇਗੀ।ਸੰਗਤਾਂ ਨੂੰ ਅਪੀਲ ਹੈ ਕਿ ਮਹਾਨ ਸੂਰਬੀਰ ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋ ਰਹੇ ਧਾਰਮਿਕ ਸਮਾਗਮਾਂ ਮੌਕੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰਨ।