ਅੰਮ੍ਰਿਤਸਰ :- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਪਾਸ ਕੀਤੇ ਗਏ ਮਤਾ ਨੰਬਰ ੨੨੭੭ ਮਿਤੀ ੨੧-੧੨-੨੦੧੫ ਅਨੁਸਾਰ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਭਾਈ ਗੁਰਇਕਬਾਲ ਸਿੰਘ ਬੀਬੀ ਕੋਲਾਂ ਜੀ ਭਲਾਈ ਕੇਂਦਰ ਵਾਲਿਆਂ ਨੂੰ ਪਵਿੱਤਰ ਅੰਮ੍ਰਿਤ ਸਰੋਵਰ ਦੀ ਕਾਰ ਸੇਵਾ ਸੌਂਪੀ ਗਈ।ਇਸ ਕਾਰ ਸੇਵਾ ਦੀ ਆਰੰਭਤਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ, ਸ। ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਸ। ਹਰਚਰਨ ਸਿੰਘ ਮੁੱਖ ਸਕੱਤਰ ਤੇ ਭਾਈ ਗੁਰਇਕਬਾਲ ਸਿੰਘ ਨੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਟਕ ਲਾ ਕੇ ਕੀਤੀ।ਸਰੋਵਰ ਦੀ ਕਾਰ ਸੇਵਾ ਦੀ ਆਰੰਭਤਾ ਤੋਂ ਪਹਿਲਾਂ ਭਾਈ ਬਲਵਿੰਦਰ ਸਿੰਘ ਲੋਪੋਕੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਅੰਮ੍ਰਿਤਮਈ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਲਿਆ।ਸਟੇਜ ਸਕੱਤਰ ਦੀ ਸੇਵਾ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਤੇ ਭਾਈ ਸਰਵਣ ਸਿੰਘ ਪ੍ਰਚਾਰਕ ਨੇ ਨਿਭਾਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਸਮੇਂ-ਸਮੇਂ ਤੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਦੇ ਉਪਰਾਲੇ ਕੀਤੇ ਜਾਂਦੇ ਹਨ, ਉਥੇ ਗੁਰੂ ਸਾਹਿਬਾਨ ਨਾਲ ਸਬੰਧਤ ਪਾਵਨ ਅਸਥਾਨਾਂ ਦੀ ਸੇਵਾ ਵੱਲ ਵੀ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਦੇ ਪਵਿੱਤਰ ਅੰਮ੍ਰਿਤ ਸਰੋਵਰ ਦੀ ਸੇਵਾ ਤਕਰੀਬਨ ੧੨ ਸਾਲ ਬਾਅਦ ਹੋ ਰਹੀ ਹੈ।ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਤੇ ਆਪਣਾ ਜੀਵਨ ਸਫਲਾ ਕਰਨ।
ਸ਼੍ਰੋਮਣੀ ਕਮੇਟੀ ਵੱਲੋਂ ਸੌਂਪੀ ਗਈ ਕਾਰ ਸੇਵਾ ਬਾਰੇ ਭਾਈ ਗੁਰਇਕਬਾਲ ਸਿੰਘ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕਰਕੇ ਇਹ ਸੇਵਾ ਸਾਡੀ ਝੋਲੀ ਪਾਈ ਗਈ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਦੇ ਸਰੋਵਰ ਦੀ ਸੇਵਾ ੧੯੭੩, ੧੯੮੮ ਤੇ ੨੦੦੪ ਵਿੱਚ ਕਰਵਾਈ ਗਈ ਸੀ ਤੇ ਹੁਣ ੨੦੧੬ ਵਿੱਚ ਇਹ ਸੇਵਾ ਕਰਵਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਗੁਰੂ-ਘਰ ਦੀ ਸੇਵਾ ਕਿਸੇ ਕਰਮਾਂ-ਭਾਗਾਂ ਵਾਲੇ ਮਨੁੱਖ ਨੂੰ ਹੀ ਮਿਲਦੀ ਹੈ।ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਕਾਰ ਸੇਵਾ ਵਿੱਚ ਵੱਧ ਤੋਂ ਵੱਧ ਹਾਜ਼ਰੀਆਂ ਭਰ ਕੇ ਸ੍ਰੀ ਗੁਰੂ ਹਰਿਗੋਬਿੰਦ ਪਾਤਸ਼ਾਹ ਦੀਆਂ ਖੁਸ਼ੀਆਂ ਦੇ ਪਾਤਰ ਬਣਨ।
ਇਸ ਮੌਕੇ ਸ, ਮਹਿੰਦਰ ਸਿੰਘ ਆਹਲੀ ਤੇ ਸ। ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸ। ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ। ਬਘੇਲ ਸਿੰਘ, ਸ। ਸੁਖਰਾਜ ਸਿੰਘ, ਸ। ਗੁਰਾ ਸਿੰਘ, ਸ। ਨਰਿੰਦਰ ਸਿੰਘ ਮਥਰੇਵਾਲ ਤੇ ਸ। ਹਰਪ੍ਰੀਤ ਸਿੰਘ ਵਧੀਕ ਮੈਨੇਜਰ, ਸ। ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ, ਭਾਈ ਸੂਰਤ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ, ਸ। ਕਸ਼ਮੀਰ ਸਿੰਘ ਸੁਪਰਵਾਈਜ਼ਰ, ਭਾਈ ਹਰਿੰਦਰ ਸਿੰਘ ਲਿਟਲ, ਭਾਈ ਪ੍ਰੀਤਮ ਸਿੰਘ, ਸ। ਬਲਬੀਰ ਸਿੰਘ ਸਲੂਜਾ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।