ਅੰਮ੍ਰਿਤਸਰ – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੁਧਿਆਣਾ ਦੇ ਡੇਹਲੋਂ ਅਧੀਨ ਪੈਂਦੇ ਪਿੰਡ ਉਮੈਦਪੁਰ ਵਿਖੇ ਬੀਤੇ ਦਿਨ ਰਾਗੀ ਸਿੰਘਾਂ ਅਤੇ ਇਕ 60 ਸਾਲਾ ਬਜ਼ੁਰਗ ਨੂੰ ਅਖੌਤੀ ਸਤਿਕਾਰ ਕਮੇਟੀ ਦੇ ਆਗੂਆਂ ਵੱਲੋਂ ਕੁੱਟਮਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ‘ਚ ਉਨ੍ਹਾਂ ਕਿਹਾ ਕਿ ਸਤਿਕਾਰ ਕਮੇਟੀ ਨੂੰ ਕੋਈ ਹੱਕ ਨਹੀਂ ਹੈ ਕਿ ਉਹ ਕਾਨੂੰਨ ਨੂੰ ਆਪਣੇ ਹੱਥ ਲੈ ਕੇ ਕੁੱਟਮਾਰ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ।ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ-ਪ੍ਰਸਾਰ ਦਾ ਹੌਕਾ ਦੇਣ ਵਾਲੀ ਸਤਿਕਾਰ ਕਮੇਟੀ ਖੁਦ ਸਿੱਖੀ ਦਾ ਘਾਣ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਤਿਕਾਰ ਕਮੇਟੀ ਨੂੰ ਆਪਣੀਆਂ ਕਰੂਰ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਜੋ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ, ਪਰ ਅਜਿਹੀਆਂ ਅਖੌਤੀ ਕਮੇਟੀਆਂ ਦੀਆਂ ਕਾਰਵਾਈਆਂ ਸਿੱਖੀ ਨੂੰ ਵੱਡੇ ਪੱਧਰ ਤੇ ਢਾਅ ਲੱਗਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਅਗਰ ਕੋਈ ਵਿਅਕਤੀ ਮਰਯਾਦਾ ਦੇ ਉਲਟ ਜਾ ਕੇ ਕੋਈ ਅਜਿਹੀ ਕਾਰਵਾਈ ਕਰਦਾ ਹੈ ਜਿਸ ਨਾਲ ਗੁਰੂ ਸਾਹਿਬ ਦਾ ਨਿਰਾਦਰ ਹੁੰਦਾ ਹੋਵੇ ਤਾਂ ਇਸ ਦੀ ਸੂਚਨਾ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜਾਂ ਦਫ਼ਤਰ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਵਿਖੇ ਦੇਣੀ ਚਾਹੀਦੀ ਹੈ ਨਾ ਕਿ ਕਾਨੂੰਨ ਨੂੰ ਹੱਥ ਵਿੱਚ ਲੈ ਕੇ ਮੰਦਭਾਗੀਆ ਘਟਨਾਵਾਂ ਨੂੰ ਸੱਦਾ ਦੇ ਕੇ ਸਿੱਖ ਧਰਮ ਪ੍ਰਤੀ ਨਫ਼ਤਰ ਫੈਲਾਉਣੀ ਚਾਹੀਦੀ ਹੈ।ਉਨ੍ਹਾਂ ਡੇਹਲੋਂ ਪੁਲਿਸ ਨੂੰ ਸਤਿਕਾਰ ਕਮੇਟੀ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਦਿਆ ਕਾਨੂੰਨ ਅਨੁਸਾਰ ਬਣਦੀ ਸਜ਼ਾ ਦੇਣ ਦੀ ਮੰਗ ਵੀ ਕੀਤੀ ਹੈ।