ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਨਾਮਜ਼ਦਗੀਆਂ ਮੁਕੰਮਲ। ਅੱਜ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਨਵੇਂ ਚੁਣੇ ਪ੍ਰਬੰਧਕੀ ਬੋਰਡ ਦੀ ਪਲੇਠੀ ਮੀਟਿੰਗ ਅਕਾਡਮੀ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਲੁਧਿਆਣਾ ਵਿਖੇ ਹੋਈ। ਅਕਾਡਮੀ ਦੇ ਸੰਵਿਧਾਨ ਅਨੁਸਾਰ ਤਿੰਨ ਸਕੱਤਰ ਅਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨਾਲ ਜੁੜੀਆਂ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਨਾਮਜ਼ਦ ਕਰਨਾ ਹੁੰਦਾ ਹੈ। ਇਸ ਸਬੰਧ ਵਿਚ ਸਕੱਤਰਾਂ ਵਜੋਂ ਡਾ. ਗੁਲਜ਼ਾਰ ਸਿੰਘ ਪੰਧੇਰ, ਸ. ਮਨਜਿੰਦਰ ਸਿੰਘ ਧਨੋਆ, ਸ. ਭੁਪਿੰਦਰ ਸਿੰਘ ਸੰਧੂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਸਿੰਘ ਅਤੇ ਇੰਜ. ਜਸਵੰਤ ਸਿੰਘ ਜ਼ਫ਼ਰ ਨੂੰ ਨਾਮਜ਼ਦ ਕੀਤਾ ਗਿਆ। ਸੰਸਥਾਵਾਂ ਵੱਲੋਂ ਨਾਮਜ਼ਦ ਕੀਤੇ ਜਾਣ ਵਾਲੇ ਮੈਂਬਰਾਂ ਵਿਚ ਸਾਊਥ ਏਸ਼ੀਅਨ ਰਿਵਿਊ ਸੰਸਥਾ ਵੱਲੋਂ ਸ. ਜਨਮੇਜਾ ਸਿੰਘ ਜੌਹਲ ਅਤੇ ਅਣੂ ਮੰਚ ਵੱਲੋਂ ਡਾ. ਜੋਗਿੰਦਰ ਸਿੰਘ ਨਿਰਾਲਾ ਮੈਂਬਰ ਬਣੇ ਹਨ। ਪੰਜਾਬੀ ਸਾਹਿਤ ਅਕਾਡਮੀ ਦੇ ਵਿਭਿੰਨ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵੱਖ-ਵੱਖ ਕਮੇਟੀਆਂ ਦਾ ਗਠਿਨ ਕੀਤਾ ਗਿਆ ਜਿਨ੍ਹਾਂ ਵਿਚ ਹੋਰਨਾਂ ਤੋਂ ਇਲਾਵਾ ਕੇਂਦਰੀ ਯੂਨੀਵਰਸਿਟੀ ਦੇ ਚਾਂਸਲਰ ਅਤੇ ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸ. ਸ. ਜੌਹਲ, ਅਕਾਡਮੀ ਦੇ ਸਾਬਕਾ ਪ੍ਰਧਾਨ ਡਾ. ਸੁਰਜੀਤ ਪਾਤਰ ਅਤੇ ਪ੍ਰੋ. ਗੁਰਭਜਨ ਸਿੰਘ ਗਿੱਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਡਾ. ਸ. ਪ. ਸਿੰਘ, ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਜੋਗਿੰਦਰ ਸਿੰਘ ਪੁਆਰ ਅਤੇ ਪੰਜਾਬ ਆਰਟ ਕਾਉਂਸਲ ਚੰਡੀਗੜ੍ਹ ਦੀ ਚੇਅਰਪਰਸਨ ਸ੍ਰੀਮਤੀ ਹਰਜਿੰਦਰ ਕੌਰ ਸ਼ਾਮਲ ਹਨ। ਪ੍ਰਿੰ. ਪ੍ਰੇਮ ਸਿੰਘ ਬਜਾਜ, ਡਾਇਰੈਕਟਰ, ਰੈਫ਼ਰੈਂਸ ਲਾਇਬ੍ਰੇਰੀ ਹਮੇਸ਼ਾਂ ਦੀ ਤਰ੍ਹਾਂ ਵਿਸ਼ੇਸ਼ ਨਿਮੰਤ੍ਰਿਤ ਮੈਂਬਰ ਹੋਣਗੇ। ਇਸੇ ਦੌਰਾਨ ਮਹੱਤਵਪੂਰਨ ਫੈਸਲਾ ਲੈਂਦਿਆਂ ਅਕਾਡਮੀ ਵੱਲੋਂ ਆਪਣਾ ਸਿਰਜਣਾਤਮਿਕ ਸਾਹਿਤ ਦਾ ਤ੍ਰੈਮਾਸਿਕ ਰਸਾਲਾ ਸ਼ੁਰੂ ਕਰਨ ਅਤੇ ਮਾਤ ਭਾਸ਼ਾ ਤਰੱਕੀ ਫੰਡ ਕਾਇਮ ਕਰਨ ਦਾ ਫੈਸਲਾ ਵੀ ਲਿਆ ਗਿਆ। ਇਸ ਮੌਕੇ ਚੋਣ ਅਧਿਕਾਰੀ ਸ. ਮਲੀਕਅਤ ਸਿੰਘ ਔਲਖ ਨੂੰ ਦੋਸ਼ਾਲਾ ਅਤੇ ਪੁਸਤਕਾਂ ਦੇ ਸੈ¤ਟ ਦੇ ਕੇ ਸਨਮਾਨਤ ਕੀਤਾ ਗਿਆ।
ਅੱਜ ਪਹਿਲੀ ਮਈ ਜੋ ਕਿ ਅੰਤਰਰਾਸ਼ਟਰੀ ਮਿਹਨਤਕਸ਼ਾਂ ਦਾ ਦਿਨ ਹੈ ਵਾਲੇ ਦਿਨ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਨੇ ਦੁਨੀਆਂ ਭਰ ਮਿਹਨਕਸ਼ਾਂ ਨਾਲ ਖਲੋਣ ਦਾ ਅਹਿਦ ਲਿਆ।
ਮੀਟਿੰਗ ਵਿਚ ਪੰਜਾਬੀ ਸਾਹਿਤ ਅਕਾਡਮੀ ਦੇ ਮੀਤ ਪ੍ਰਧਾਨ ਡਾ. ਗੁਰਚਰਨ ਕੌਰ ਕੋਚਰ, ਸੁਰਿੰਦਰ ਕੈਲੇ, ਖੁਸ਼ਵੰਤ ਬਰਗਾੜੀ, ਡਾ. ਸੁਦਰਸ਼ਨ ਗਾਸੋ, ਤ੍ਰੈਲੋਚਨ ਲੋਚੀ, ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਸਰੂਪ ਸਿੰਘ ਅਲੱਗ, ਡਾ. ਭਗਵੰਤ ਸਿੰਘ, ਡਾ. ਸ਼ਰਨਜੀਤ ਕੌਰ, ਡਾ. ਦੇਵਿੰਦਰ ਦਿਲਰੂਪ, ਸਹਿਜਪ੍ਰੀਤ ਸਿੰਘ ਮਾਂਗਟ, ਅਜੀਤ ਪਿਆਸਾ, ਸਿਰੀ ਰਾਮ ਅਰਸ਼, ਡਾ. ਹਰਵਿੰਦਰ ਸਿੰਘ ਸਿਰਸਾ, ਭਗਵੰਤ ਰਸੂਲਪੁਰੀ, ਗੁਲਜ਼ਾਰ ਸਿੰਘ ਸ਼ੌਂਕੀ, ਡਾ. ਹਰਪ੍ਰੀਤ ਸਿੰਘ ਹੁੰਦਲ, ਸੁਖਦਰਸ਼ਨ ਗਰਗ ਸ਼ਾਮਲ ਹੋਏ।