ਲੁਧਿਆਣਾ: ਅਮਰੀਕਾ ਦੀ ਮਿਸ਼ੀਗਨ ਯੂਨੀਵਰਸਿਟੀ ਦੇ ਬਾਰਲੋਗ ਖੋਜ ਵਿਕਾਸ ਤੋਂ ਤਿੰਨ ਵਿਗਿਆਨੀਆਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਦੌਰਾ ਕੀਤਾ। ਇਸ ਵਫਦ ਨੇ ਵਾਈਸ ਚਾਂਸਲਰ ਡਾ: ਬਲਦੇਵ ਸਿੰਘ ਢਿੱਲੋਂ ਅਤੇ ਹੋਰ ਅਧਿਕਾਰੀਆਂ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਡਾ: ਢਿੱਲੋਂ ਨੇ ਕਿਹਾ ਕਿ ਦੁਨੀਆਂ ਦੀ ਵੱਕਾਰੀ ਸੰਸਥਾਵਾਂ ਨਾਲ ਇਕਰਾਰਨਾਮੇ ਇਸ ਯੂਨੀਵਰਸਿਟੀ ਵੱਲੋਂ ਪਿਛਲੇ ਸਾਲਾਂ ਵਿੱਚ ਕੀਤੇ ਗਏ ਹਨ ਜਿਸ ਨਾਲ ਖੋਜ ਪਸਾਰ ਨੂੰ ਚੰਗਾ ਹੁਲਾਰਾ ਮਿਲਿਆ ਹੈ। ਵਫਦ ਦੇ ਵਿਗਿਆਨੀ ਡਾ: ਐਨੀ ਸ਼ੈਨਲਰ ਨੇ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਅਤੇ ਸੰਗਠਨਾਤਮਕ ਢਾਂਚੇ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਦੱਸਿਆ ਕਿ ਉਹਨਾਂ ਵੱਲੋਂ ਬੰਗਲਾ ਦੇਸ਼ ਅਤੇ ਅਫਗਾਨਿਸਤਾਨ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਚੰਗੀਆਂ ਯੂਨੀਵਰਸਿਟੀਆਂ ਵਿੱਚ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਸੰਭਾਵਨਾ ਦੀ ਪੜਚੋਲ ਕੀਤੀ ਜਾ ਰਹੀ ਹੈ।
ਯੂਨੀਵਰਸਿਟੀ ਦੇ ਰਜਿਸਟਰਾਰ ਡਾ: ਪੀ ਕੇ ਖੰਨਾ ਨੇ ਯੂਨੀਵਰਸਿਟੀ ਦੇ ਢਾਂਚੇ ਬਾਰੇ ਦੱਸਿਆ ਅਤੇ ਵਿਦੇਸ਼ੀ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ। ਇਸ ਤੋਂ ਪਹਿਲਾਂ ਵਿਦਿਅਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਯੂਨੀਵਰਸਿਟੀ ਦੇ ਡੀਨ ਪੋਸਟ ਗਰੈਜੂਏਟ ਸਟੱਡੀਜ਼ ਡਾ: ਨੀਲਮ ਗਰੇਵਾਲ ਨੇ ਦਿੱਤੀ ਜਦ ਕਿ ਵਿਦਿਆਰਥੀ ਗਤੀਵਿਧੀਆਂ ਬਾਰੇ ਚਾਨਣਾ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ: ਰਵਿੰਦਰ ਕੌਰ ਧਾਲੀਵਾਲ ਨੇ ਪਾਇਆ। ਇਸ ਵਫਦ ਨੂੰ ਵੱਖ ਵੱਖ ਲੈਬਾਰਟਰੀਆਂ ਦਾ ਦੌਰਾ ਵੀ ਕਰਵਾਇਆ ਗਿਆ।