ਅੰਮ੍ਰਿਤਸਰ – ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਸਕੂਲਾਂ/ਕਾਲਜਾਂ ਦੇ ਬੱਚਿਆਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਦੀਵਾਨ ਹਾਲ ਵਿੱਚ ਇਕੱਤਰਤ ਹੋ ਕੇ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕਰਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਗੁਰਬਾਣੀ ਦਿਵਸ ਮਨਾਇਆ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਮੁੱਚੇ ਸਿੱਖ ਪੰਥ ਦੇ ਬੱਚਿਆਂ ਨੂੰ ਵੱਡੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਜਪੁਜੀ ਸਾਹਿਬ, ਚੌਪਈ ਸਾਹਿਬ ਦੇ ਪਾਠ ਕਰਨ ਦੀ ਅਪੀਲ ਕੀਤੀ ਸੀ।ਅੱਜ ਸਵੇਰ ਤੋਂ ਹੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸਜੇ ਸੁੰਦਰ ਦੀਵਾਨ ਹਾਲ ਅੰਦਰ ਸਕੂਲਾਂ/ਕਾਲਜਾਂ ਦੇ ਬੱਚੇ ਪਹੁੰਚਣੇ ਸ਼ੁਰੂ ਹੋ ਗਏ ਸਨ।ਇਸ ਮੌਕੇ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ, ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਫਾਰ ਵੂਮੈਨ ਝਾੜ ਸਾਹਿਬ, ਮਾਤਾ ਗੰਗਾ ਜੀ ਕਾਲਜ ਮੰਜੀ ਸਾਹਿਬ ਕੋਟਾਂ, ਖਾਲਸਾ ਸਕੂਲ ਪਰਿਵਾਰ ਵਿਛੋੜਾ, ਅਕਾਲ ਅਕੈਡਮੀ ਕਾਮਲਪੁਰ ਆਦਿ ਸਕੂਲ ਦੇ ਬੱਚਿਆਂ ਨੇ ਭਾਗ ਲਿਆ।ਪਾਠ ਤੇ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ।
ਇਸ ਮੌਕੇ ਬੋਲਦਿਆਂ ਸ. ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਬੱਚੇ-ਬੱਚੀਆਂ ਦਾ ਗੁਰਬਾਣੀ ਜਾਪ ਸਮਾਗਮ ਕਰਵਾ ਕੇ ਪ੍ਰਸੰਸਾਯੋਗ ਉਪਰਾਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਹਾਂ।ਸਾਨੂੰ ਗੁਰੂ ਜੀ ਵੱਲੋਂ ਬਖਸ਼ੀ ਵਿਰਾਸਤ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ।ਸਾਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣ ਕੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਪੁੱਤਰ ਹੋਣ ਦਾ ਪ੍ਰਮਾਣ ਦੇਣਾ ਚਾਹੀਦਾ ਹੈ।
ਇਸ ਮੌਕੇ ਸ. ਪਰਮਜੀਤ ਸਿੰਘ ਲੱਖੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਿੰਸੀਪਲ ਕਸ਼ਮੀਰ ਸਿੰਘ, ਪ੍ਰਿੰਸੀਪਲ ਝਾੜ ਸਾਹਿਬ, ਪ੍ਰਿੰਸੀਪਲ ਖਾਲਸਾ ਕਾਲਜ ਢੰਡ ਸਾਹਿਬ, ਪ੍ਰਿੰਸੀਪਲ ਖਾਲਸਾ ਕਾਲਜ ਪਰਿਵਾਰ ਵਿਛੋੜਾ, ਪ੍ਰਿੰਸੀਪਲ ਖਾਲਸਾ ਸਕੂਲ ਜਿੰਦਵੜੀ, ਪ੍ਰਿੰਸੀਪਲ ਮਾਤਾ ਗੰਗਾ ਕਾਲਜ ਮੰਜੀ ਸਾਹਿਬ ਕੋਟਾਂ, ਸ. ਜਸਬੀਰ ਸਿੰਘ ਮੈਨੇਜਰ ਗੁਰਦੁਆਰਾ ਭੱਠਾ ਸਾਹਿਬ ਰੋਪੜ, ਸ. ਸਤਿੰਦਰ ਸਿੰਘ ਮੈਨੇਜਰ ਚਮਕੌਰ ਸਾਹਿਬ, ਸ. ਸਤਨਾਮ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦਾ ਸਟਾਫ ਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।