ਅੰਮ੍ਰਿਤਸਰ – ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਕੂਲਾਂ ਦੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇ ਪ੍ਰਬੰਧਕੀ ਅਮਲੇ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਬੀਬੀ ਸਤਵੰਤ ਕੌਰ ਨੂੰ ਬਤੌਰ ਸਹਾਇਕ ਡਾਇਰੈਕਟਰ ਵਿੱਦਿਆ ਨਿਯੁਕਤ ਕੀਤਾ ਹੈ।ਬੀਬੀ ਸਤਵੰਤ ਕੌਰ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਸੰਤ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੀ ਪੋਤਰੀ ਅਤੇ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਹੈ।ਅੱਜ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੀਬੀ ਸਤਵੰਤ ਕੌਰ ਨੂੰ ਸਹਾਇਕ ਡਾਇਰੈਕਟਰ ਵਿੱਦਿਆ ਦਾ ਨਿਯੁਕਤੀ ਪੱਤਰ ਦੇਣ ਮੌਕੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਏ ਜਾ ਰਹੇ ਸਕੂਲਾਂ ਦੇ ਸਤਰ ਨੂੰ ਹੋਰ ਉਪਰ ਚੁੱਕਣ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।
ਇਸੇ ਉਦੇਸ਼ ਦੀ ਪ੍ਰਾਪਤੀ ਲਈ ਬੀਬੀ ਸਤਵੰਤ ਕੌਰ ਦੀ ਨਿਯੁਕਤੀ ਉਨ੍ਹਾਂ ਦੀ ਅਣਥੱਕ ਘਾਲਣਾ, ਮਿਹਨਤ ਅਤੇ ਵਧੀਆ ਪ੍ਰਬੰਧਕੀ ਗੁਣਾਂ ਨੂੰ ਮੁੱਖ ਰੱਖਦਿਆਂ ਹੋਇਆ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਬੀਬੀ ਸਤਵੰਤ ਕੌਰ ਬਤੌਰ ਸਹਾਇਕ ਡਾਇਰੈਕਟਰ ਵਿੱਦਿਆ ਸ੍ਰੀ ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਤਰਨ ਤਾਰਨ, ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦਾ ਸਮੁੱਚਾ ਕੰਮਕਾਜ ਦੇਖਣਗੇ।ਇਸ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਬੀਬੀ ਸਤਵੰਤ ਕੌਰ ਸਹਾਇਕ ਡਾਇਰੈਕਟਰ ਵਿੱਦਿਆ ਨੂੰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ।
ਇਸ ਸਮੇਂ ਹੋਰਨਾਂ ਤੋਂ ਇਲਾਵਾ ਭਾਈ ਰਾਮ ਸਿੰਘ, ਸ. ਸੁਰਜੀਤ ਸਿੰਘ ਭਿਟੇਵਡ ਸ. ਗੁਰਮੇਲ ਸਿੰਘ ਸੰਗਤਪੁਰਾ ਅੰਤ੍ਰਿੰਗ ਕਮੇਟੀ ਮੈਂਬਰ, ਭਾਈ ਅਜਾਇਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ (ਨਿਜੀ ਸਕੱਤਰ ਪ੍ਰਧਾਨ ਸਾਹਿਬ), ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਤੇ ਸ. ਜਰਨੈਲ ਸਿੰਘ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਬੀਬੀ ਸਤਵੰਤ ਕੌਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਮਾਤਾ ਗੰਗਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿੱਚ ਬਤੌਰ ਪ੍ਰਿੰਸੀਪਲ ਵਜੋਂ ਨੌ ਸਾਲ ਸੇਵਾ ਨਿਭਾ ਚੁੱਕੇ ਹਨ ਅਤੇ ਪਿਛਲੇ ਦੋ ਸਾਲਾ ਤੋਂ ਗੁਰੂ ਨਾਨਕ ਅਕੈਡਮੀ ਬਟਾਲਾ ਵਿਖੇ ਪੂਰੀ ਸੁਹਿਰਦਤਾ ਨਾਲ ਡਿਊਟੀ ਨਿਭਾ ਰਹੇ ਹਨ।