ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਡਾ. ਅੰਮ੍ਰਿਤ ਰਿਸ਼ਮਾ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਅੰਮ੍ਰਿਤ ਰਿਸ਼ਮਾ ਗਿਆਨੀ ਰਾਮ ਨਰੈਣ ਸਿੰਘ
ਦਰਦੀ ਅਤੇ ਪ੍ਰੋ. ਤੇਜ ਕੌਰ ਦਰਦੀ ਦੀ ਇਕਲੌਤੀ ਬੇਟੀ ਅਤੇ ਡਾ. ਨਰਿੰਦਰਪਾਲ ਸਿੰਘ ਦੀ ਸੁਪਤਨੀ ਸਨ। ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਨੇ ਕਿਹਾ ਕਿ ਡਾ. ਅੰਮ੍ਰਿਤ ਰਿਸ਼ਮਾ ਸਾਹਿਤਕ ਪਰਿਵਾਰ ਦੇ ਬੇਟੀ ਅਤੇ ਸਾਹਿਤਕ ਪਰਿਵਾਰ ਦੀ ਨੂੰਹ ਸਨ। ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਡਾ. ਅੰਮ੍ਰਿਤ ਰਿਸ਼ਮਾ ਦਾ ਅਕਾਦਮਿਕ ਅਤੇ ਸਾਹਿਤਕ ਖੇਤਰ ਵਿਚ ਵਿਸ਼ੇਸ਼ ਯੋਗਦਾਨ ਹੈ। ਇਨ੍ਹਾਂ ਦਾ ਖੋਜ ਕਾਰਜ ਪੰਜਾਬੀ ਸਟੇਜੀ ਕਵਿਤਾ ਬਾਰੇ ਬੜਾ ਮੁੱਲਵਾਨ ਹੈ। ਉਨ੍ਹਾਂ ਕਿਹਾ ਡਾ. ਅੰਮ੍ਰਿਤ ਰਿਸ਼ਮਾ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਡਾ. ਸ. ਸ. ਜੌਹਲ, ਡਾ. ਸੁਰਜੀਤ ਪਾਤਰ, ਡਾ. ਦਲੀਪ ਕੌਰ ਟਿਵਾਣਾ, ਪ੍ਰੋ. ਗੁਰਭਜਨ ਸਿੰਘ ਗਿੱਲ, ਖੁਸ਼ਵੰਤ ਬਰਗਾੜੀ, ਡਾ. ਸੁਦਰਸ਼ਨ ਗਾਸੋ, ਤ੍ਰੈਲੋਚਨ ਲੋਚੀ, ਸੁਰਿੰਦਰ ਕੈਲੇ, ਡਾ. ਗੁਰਚਰਨ ਕੌਰ ਕੋਚਰ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਸਿੰਘ, ਇੰਜ. ਜਸਵੰਤ ਜ਼ਫ਼ਰ, ਮਨਜਿੰਦਰ ਸਿੰਘ ਧਨੋਆ, ਡਾ. ਗੁਲਜ਼ਾਰ ਸਿੰਘ ਪੰਧੇਰ, ਭੁਪਿੰਦਰ ਸਿੰਘ ਸੰਧੂ, ਸਹਿਜਪ੍ਰੀਤ ਸਿੰਘ ਮਾਂਗਟ, ਅਜੀਤ ਪਿਆਸਾ, ਸਿਰੀ ਰਾਮ ਅਰਸ਼, ਡਾ. ਭਗਵੰਤ ਸਿੰਘ, ਭਗਵੰਤ ਰਸੂਲਪੁਰੀ, ਗੁਲਜ਼ਾਰ ਸਿੰਘ ਸ਼ੌਂਕੀ, ਡਾ. ਹਰਪ੍ਰੀਤ ਸਿੰਘ ਹੁੰਦਲ, ਡਾ. ਸਰੂਪ ਸਿੰਘ ਅਲੱਗ, ਸੁਖਦਰਸ਼ਨ ਗਰਗ, ਡਾ. ਸ਼ਰਨਜੀਤ ਕੌਰ, ਡਾ. ਦਵਿੰਦਰ ਦਿਲਰੂਪ, ਡਾ. ਹਰਵਿੰਦਰ ਸਿੰਘ, ਹਰਦੇਵ ਸਿੰਘ ਗਰੇਵਾਲ, ਜਨਮੇਜਾ ਸਿੰਘ ਜੌਹਲ, ਡਾ. ਜੋਗਿੰਦਰ ਸਿੰਘ ਨਿਰਾਲਾ ਸਮੇਤ ਸਥਾਨਕ ਲੇਖਕ ਸ਼ਾਮਲ ਸਨ।
ਡਾ. ਅੰਮ੍ਰਿਤ ਰਿਸ਼ਮਾ ਦੇ ਸਸਕਾਰ ਮੌਕੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ, ਮੀਤ ਪ੍ਰਧਾਨ ਸ੍ਰੀ ਸੁਰਿੰਦਰ ਕੈਲੇ, ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਅਤੇ ਅਕਾਡਮੀ ਦੇ ਮੈਂਬਰ ਸ਼ਾਮਲ ਹੋਏ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਡਾ. ਰਿਸ਼ਮਾ ਦੀ ਮਿ੍ਰਤਕ ਦੇਹ ’ਤੇ ਦੋਸ਼ਾਲਾ ਪਾਇਆ ਗਿਆ।