ਅੰਮ੍ਰਿਤਸਰ – ਸਿੱਖ ਇਤਿਹਾਸ ਲਾਸਾਨੀ ਸ਼ਹਾਦਤਾਂ ਦੀਆਂ ਗਾਥਾਵਾਂ ਨਾਲ ਭਰਿਆ ਪਿਆ ਹੈ। ਜੁਲਮ ਦੇ ਵਿਰੁੱਧ ਲੜਦਿਆਂ ਅਤੇ ਦੇਸ਼ ਕੌਮ ਦੀ ਰਾਖੀ ਕਰਦਿਆਂ ਸਾਡੇ ਗੁਰੂ ਸਾਹਿਬਾਨ ਅਤੇ ਸਿੱਖਾਂ ਨੇ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸੇ ਕੜੀ ਵਿੱਚ ਬਾਬਾ ਦੀਪ ਸਿੰਘ ਜੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਬੇ-ਅਦਬੀ ਨੂੰ ਨਾ ਸਹਾਰਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ।ਉਸ ਮਹਾਨ ਸੂਰਬੀਰ ਤੇ ਨਿਧੜਕ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਕਰ ਰਹੇ ਸਨ।
ਇਹ ਨਗਰ ਕੀਰਤਨ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ ਬਾਜ਼ਾਰ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ਼ ਨਗਰ ਚੌਂਕ, ਬਾਜ਼ਾਰ ਸ਼ਹੀਦ ਊਧਮ ਸਿੰਘ ਨਗਰ, ਬਾਜ਼ਾਰ ਕੋਟ ਮਾਹਣਾ ਸਿੰਘ ਤੇ ਤਰਨਤਾਰਨ ਰੋਡ ਤੋਂ ਹੁੰਦਾ ਹੋਇਆ ਚਾਟੀਵਿੰਡ ਗੇਟ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਪੰਨ ਹੋਇਆ।
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਆਏ ਮੁਖਵਾਕ ਦੀ ਕਥਾ ਹੋਈ।ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸਵੇਰੇ ੯:੦੦ ਵਜੇ ਅੰਮ੍ਰਿਤ ਸੰਚਾਰ ਹੋਇਆ।ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਾਮ ੪:੦੦ ਵਜੇ ਤੱਕ ਢਾਡੀ ਤੇ ਕਵੀ ਦਰਬਾਰ ਹੋਵੇਗਾ।ਉਪਰੰਤ ਧਾਰਮਿਕ ਸਮਾਗਮ ‘ਚ ਭਾਈ ਹਰਚਰਨ ਸਿੰਘ ਖਾਲਸਾ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ, ਭਾਈ ਅਮਰਜੀਤ ਸਿੰਘ ਪਟਿਆਲਾ, ਭਾਈ ਗਗਨਦੀਪ ਸਿੰਘ ਗੰਗਾਨਗਰ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਭਾਈ ਸਤਿੰਦਰਪਾਲ ਸਿੰਘ ਜਗਾਧਰੀ, ਭਾਈ ਹਰਵਿੰਦਰ ਸਿੰਘ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਭਾਈ ਤਰਜਿੰਦਰ ਸਿੰਘ ਅੰਮ੍ਰਿਤਸਰ ਸੰਗੀਤ ਸਭਾ, ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਕਥਾਵਾਚਕ ਤੇ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਬੀਰ-ਰਸੀ ਵਾਰਾਂ, ਕਥਾ ਵਿਖਿਆਨ ਤੇ ਇਲਾਹੀ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਰਾਤ ਨੂੰ ਦੀਪਮਾਲਾ ਕੀਤੀ ਜਾਵੇਗੀ ਤੇ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਵੀ ਚਲਾਈ ਜਾਵੇਗੀ।