ਅੰਮ੍ਰਿਤਸਰ – ਪਾਕਿਸਤਾਨ ਦੇ ਸੂਬਾ ਸਿੰਧ ਤੋਂ ਲਕਸ਼ਮਣ ਸਿੰਘ ਦੀ ਅਗਵਾਈ ਵਿੱਚ 45 ਸ਼ਰਧਾਲੂਆਂ ਦਾ ਜਥਾ ਭਾਈਚਾਰਕ ਸਾਂਝ ਦਾ ਸੁਨੇਹਾ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ। ਉਪਰੰਤ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਜਥੇ ਦੇ ਲੀਡਰ ਲਕਸ਼ਮਣ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨ ‘ਚ ਵੱਸਦੇ ਸਿੱਖ ਭਾਈਚਾਰੇ ਦੀਆਂ ਮੁਸ਼ਕਲਾਂ ਤੇ ਰਹਿਣ-ਸਹਿਣ ਬਾਰੇ ਜਾਣਕਾਰੀ ਦਿੱਤੀ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਲਕਸ਼ਮਣ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਜ਼ਿੰਦਗੀ ਬਸਰ ਕਰ ਰਹੇ ਬੱਚਿਆਂ ਦੀ ਗੁਰਬਾਣੀ ਪੜ੍ਹਣ ਪ੍ਰਤੀ ਡੂੰਘੀ ਰੁਚੀ ਹੈ ਤੇ ਉਹ ਗੁਰੂ-ਘਰ ਨਾਲ ਜੁੜੇ ਹੋਏ ਹਨ।ਉਨ੍ਹਾਂ ਕਿਹਾ ਕਿ ਸਾਨੂੰ ਗੁਰਬਾਣੀ ਦੇ ਗੁਟਕੇ ਉਪਲਬੱਧ ਨਹੀਂ ਹੋ ਰਹੇ ਜਿਸ ਕਾਰਨ ਕਾਫੀ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੋਂ ਬੱਚਿਆਂ ਦੀ ਗੁਰਬਾਣੀ ਪ੍ਰਤੀ ਅਥਾਹ ਸ਼ਰਧਾ ਤੇ ਸਤਿਕਾਰ ਨੂੰ ਮੱਦੇਨਜ਼ਰ ਰੱਖਦਿਆਂ ਗੁਟਕਿਆਂ ਦੀ ਮੰਗ ਵੀ ਕੀਤੀ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਦੇ ਜਥੇ ਨੂੰ ਵਿਸ਼ਵਾਸ਼ ਦੁਆਇਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਮੰਗ ਅਨੁਸਾਰ ਗੁਟਕੇ ਸਾਹਿਬਾਨ ਤੇ ਹੋਰ ਧਾਰਮਿਕ ਲਿਟਰੇਚਰ ਮੁਹੱਈਆ ਕਰਵਾਇਆ ਜਾਵੇਗਾ।ਜਥੇ ਵੱਲੋਂ ਕੀਤੀ ਮੰਗ ਅਨੁਸਾਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਉਨ੍ਹਾਂ ਨੂੰ ਹੋਰ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਦੋ ਬੱਸਾਂ ਮੁਹੱਈਆਂ ਕਰਵਾਉਣ ਦਾ ਆਦੇਸ਼ ਵੀ ਕੀਤਾ।
ਇਸ ਮੌਕੇ ਡਾ. ਰੂਪ ਸਿੰਘ ਸਕੱਤਰ, ਸ. ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ (ਨਿਜੀ ਸਹਾਇਕ), ਸ. ਹਰਭਜਨ ਸਿੰਘ ਮਨਾਵਾਂ ਤੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ. ਕੁਲਵਿੰਦਰ ਸਿੰਘ ‘ਰਮਦਾਸ’ ਤੇ ਸ. ਸਿਮਰਜੀਤ ਸਿੰਘ ਮੀਤ ਸਕੱਤਰ ਤੇ ਹੋਰ ਹਾਜ਼ਰ ਸਨ।