ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੋਣ ਦੇ ਨਾਤੇ ਸਿੱਖ ਮਸਲਿਆਂ ਦੀ ਪੈਰਵਾਈ ਕਰਨ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਹਰਿ ਕੀ ਪਉੜੀ, ਹਰਿਦੁਆਰ ਵਿਖੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈਸ ਰਿਲੀਜ ਰਾਹੀਂ ਕੀਤਾ ਹੈ।
ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਗਿਆਨ ਗੋਦੜੀ ਦਾ ਸਬੰਧ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਹਰਿਦੁਆਰ ਫੇਰੀ ਨਾਲ ਜੁੜਿਆ ਹੋਇਆ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਇਸ ਗੁਰਦੁਆਰਾ ਸਾਹਿਬ ਦੀ ਮੁੜ ਸਥਾਪਨਾ ਲਈ ਗੁਰਮਤਿ ਜੁਗਤਿ ਅਨੁਸਾਰ ਮਿਲ ਬੈਠ ਕੇ ਹੱਲ ਕੱਢਣ ਲਈ ਕਾਰਵਾਈ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਬੇਲੋੜੇ ਵਿਵਾਦ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਾਰ ਮੈਂਬਰੀ ਸਬ-ਕਮੇਟੀ ਗਠਿਤ ਕਰ ਦਿੱਤੀ ਗਈ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਸ. ਰਜਿੰਦਰ ਸਿੰਘ ਮਹਿਤਾ ਤੇ ਸ. ਹਰਭਜਨ ਸਿੰਘ ਚੀਮਾ ਉਤਰਾਖੰਡ ਸਮੇਤ ਸ. ਹਰਚਰਨ ਸਿੰਘ ਮੁੱਖ ਸਕੱਤਰ ਅਤੇ ਸ. ਹਰਭਜਨ ਸਿੰਘ ਮਨਾਵਾਂ ਐਡੀਸ਼ਨਲ ਸਕੱਤਰ ਨੂੰ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਸ ਸਬੰਧੀ ਉਤਰਾਖੰਡ ਦੇ ਮਾਨਯੋਗ ਮੁੱਖ ਮੰਤਰੀ ਸ੍ਰੀ ਤ੍ਰਿਵੇਂਦਰਾ ਸਿੰਘ ਰਾਵਤ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਪੱਤਰ ਵੀ ਲਿਖਿਆ ਜਾ ਚੁੱਕਾ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਦੇ ਮੈਂਬਰ ੪ ਅਪ੍ਰੈਲ ਨੂੰ ਉਤਰਾਖੰਡ ਸਰਕਾਰ ਨਾਲ ਗੱਲਬਾਤ ਲਈ ਜਾਣਗੇ।