ਚੰਡੀਗੜ੍ਹ – ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀ ਕਾਲੀ ਸੂਚੀ ਸਬੰਧੀ ਦੁਬਾਰਾ ਵਿਚਾਰ ਕਰਨ ਅਤੇ ਉਨ੍ਹਾਂ ਨੂੰ ਫਿਰ ਤੋਂ ਮੁੱਖਧਾਰਾ ਨਾਲ ਜੋੜਨ ਤੇ ਵਿਚਾਰ ਕਰਨ ਦੇ ਲਈ ਤਿਆਰ ਹੋ ਗਈ ਹੈ। ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਬਾਰੇ ਹੋਮ ਮਨਿਸਟਰ ਰਾਜਨਾਥ ਸਿੰਹ ਨਾਲ ਮੁਲਾਕਾਤ ਕੀਤੀ ਅਤੇ ਗ੍ਰਹਿ ਮੰਤਰੀ ਨੇ ਇਸ ਤੇ ਆਪਣੀ ਸਹਿਮਤੀ ਪ੍ਰਗੱਟ ਕੀਤੀ ਹੈ।
ਮੁੱਖਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਕਾਲੀ ਸੂਚੀ ਵਿੱਚ ਕਈ ਨਾਮ ਪਿੱਛਲੇ ਕਈ ਸਾਲਾਂ ਤੋਂ ਦਰਜ਼ ਹਨ। ਉਨ੍ਹਾਂ ਨੇ ਕਿਹਾ ਕਿ ਕਾਲੀ ਸੂਚੀ ਵਿੱਚ ਸ਼ਾਮਿਲ ਸਿੱਖਾਂ ਦੇ ਬੱਚਿਆਂ ਨੂੰ ਭਾਰਤ ਆਉਣ ਦੀ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਹ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਬਾਰੇ ਲੋੜੀਂਦੀ ਕਾਰਵਾਈ ਕਰਨਗੇ। ਇਸ ਤੋਂ ਪਹਿਲਾਂ ਮੁੱਖਮੰਤਰੀ ਨੇ ਵਿਦੇਸ਼ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕਰਕੇ ਵੀ ਇਹ ਮੁੱਦਾ ਉਠਾਇਆ ਸੀ।
ਮੁੱਖਮੰਤਰੀ ਅਮਰਿੰਦਰ ਸਿੰਘ ਨੇ ਗ੍ਰਹਿਮੰਤਰੀ ਰਾਜਨਾਥ ਨਾਲ ਹੋਰ ਵੀ ਕਈ ਮੁੱਦਿਆਂ ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਨਵੀਂ ਤਕਨੀਕ ਨਾਲ ਲੈਸ ਕਰਨ ਦੇ ਲਈ ਵਿੱਤੀ ਸਹਾਇਤਾ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਭਾਰਤ-ਪਾਕਿਸਤਾਨ ਸੀਮਾ ਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਬੀਐਸਐਫ਼ ਦੀਆਂ ਪੰਜ ਹੋਰ ਕੰਪਨੀਆਂ ਤੈਨਾਤ ਕਰਨ ਦੀ ਵੀ ਮੰਗ ਕੀਤੀ।