ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਨੇ ਕੜਾਹਿ ਪ੍ਰਸ਼ਾਦਿ ਦੀ ਦੇਗ ਵੀ ਕਰਵਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ। ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਰਕਰਮਾਂ ਵਿਚ ਨਵੇਂ ਬਣ ਰਹੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਮੈਂਬਰ ਭਾਈ ਮਨਜੀਤ ਸਿੰਘ, ਬੀਬੀ ਕਿਰਨਜੋਤ ਕੌਰ, ਸ. ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਸ. ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਨਹੀਂ ਪੁੱਜ ਸਕੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸੀਨੀਅਰ ਅਧਿਕਾਰੀਆਂ ਤੋਂ ਜਾਣੂ ਕਰਵਾਇਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨਾਲ ਗੱਲਬਾਤ ਕਰਦਿਆਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਦੀ ਬਾਹਰੀ ਦਿੱਖ ਦੇ ਸੁੰਦਰੀਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਵਧਾਈ ਦਿੱਤੀ ਉਥੇ ਪਲਾਜ਼ਾ ਦੀ ਬੇਸਮੈਂਟ ਵਿਖੇ ਬਣੇ ਖ਼ੂਬਸੂਰਤ ਮਿਊਜੀਅਮ ਨੂੰ ਸੰਗਤਾਂ ਅਤੇ ਖ਼ਾਸਕਰ ਨਵੀਂ ਪੀੜ੍ਹੀ ਨੂੰ ਇਤਿਹਾਸ ਨਾਲ ਜੋੜਨ ਲਈ ਵਧੀਆ ਉਪਰਾਲਾ ਦੱਸਿਆ। ਇਸ ਮੌਕੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਪਾਸੋਂ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਉਨ੍ਹਾਂ ਨਾਲ ਕੈਬਨਿਟ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਤੇ ਸ. ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਤੋਂ ਇਲਾਵਾ ਵੱਖ-ਵੱਖ ਹਲਕਿਆਂ ਦੇ ਵਿਧਾਇਕ ਵੀ ਹਾਜ਼ਰ ਸਨ।