ਚੰਡੀਗੜ੍ਹ – ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨਸਭਾ ਅਤੇ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਪਾਰਟੀ ਵਿੱਚ ਮੱਚਿਆ ਹੋਇਆ ਹੈ। ਕਪਿਲ ਮਿਸ਼ਰਾ ਵੱਲੋਂ ਕੇਜਰੀਵਾਲ ਤੇ ਲਗਾਏ ਗਏ ਭ੍ਰਿਸ਼ਟਾਚਾਰ ਦੇ ਆਰੋਪਾਂ ਨੇ ਹੋਰ ਵੀ ਬੱਲਦੀ ਤੇ ਤੇਲ ਦਾ ਕੰਮ ਕੀਤਾ ਹੈ ਅਤੇ ਵਿਵਾਦ ਵੱਧਦਾ ਹੀ ਜਾ ਰਿਹਾ ਹੈ। ਇਸ ਦਾ ਪ੍ਰਭਾਵ ਪੰਜਾਬ ਤੇ ਵੀ ਪੈ ਰਿਹਾ ਹੈ। ਪਾਰਟੀ ਵੱਲੋਂ ਗੁਰਪ੍ਰੀਤ ਘੁੱਗੀ ਨੂੰ ਕਨਵੀਨਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿੱਪ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਸਾਬਕਾ ਕਨਵੀਨਰ ਘੁੱਗੀ ਨੇ ਕਿਹਾ ਕਿ ਉਨ੍ਹਾਂ ਨੂੰ ਜਿਸ ਤਰ੍ਹਾਂ ਨਾਲ ਇਸ ਅਹੁਦੇ ਤੋਂ ਹਟਾਇਆ ਗਿਆ ਹੈ, ਉਹ ਸਹੀ ਨਹੀਂ ਹੈ। ਜੇ ਉਨ੍ਹਾਂ ਨੂੰ ਹਟਾਉਣਾ ਹੀ ਸੀ ਤਾਂ ਘੱਟ ਤੋਂ ਘੱਟ ਉਨ੍ਹਾਂ ਨੂੰ ਅਸਤੀਫ਼ਾ ਦੇਣ ਦਾ ਮੌਕਾ ਤਾਂ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਮੈਨੂੰ ਭਗਵੰਤ ਮਾਨ ਨੂੰ ਪੰਜਾਬ ਦੀ ਕਮਾਨ ਸੌਂਪੇ ਜਾਣ ਤੇ ਉਹ ਨਰਾਜ਼ ਨਹੀਂ ਹਨ। ਵਰਨਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਗੁਰਪ੍ਰੀਤ ਘੁੱਗੀ ਦੀ ਜਗ੍ਹਾ ਭਗਵੰਤ ਮਾਨ ਨੂੰ ਕਨਵੀਨਰ ਦਾ ਅਹੁਦਾ ਸੌਂਪਿਆ ਗਿਆ ਹੈ। ਭਗਵੰਤ ਮਾਨ ਨੂੰ ਪੰਜਾਬ ਦਾ ਕਨਵੀਂਰ ਬਣਾਏ ਜਾਣ ਤੋਂ ਬਾਅਦ ਪੰਜਾਬ ਦੇ ਆਪ ਦੇ ਕਈ ਹੋਰ ਨੇਤਾਵਾਂ ਨੇ ਵੀ ਨਰਾਜ਼ਗੀ ਜਾਹਿਰ ਕੀਤੀ ਹੈ। ਉਪਕਾਰ ਸਿੰਘ ਸੰਧੂ ਨੂੰ ਵੀ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਵਿਖਾ ਦਿੱਤਾ ਗਿਆ ਹੈ।
ਕਮੇਡੀ ਕਲਾਕਾਰ ਘੁੱਗੀ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਨਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਹੀ ਮੈਂ ਕਿਹਾ ਸੀ ਕਿ ਦਿੱਲੀ ਤੋਂ ਆਏ ਅਬਜ਼ਰਵਰ ਗੱਲਤ ਕੰਮ ਕਰ ਰਹੇ ਹਨ। ਇਸੇ ਕਰਕੇ ਹੀ ਮੈਨੂੰ ਅਪਮਾਨਜਨਕ ਢੰਗ ਨਾਲ ਅਹੁਦੇ ਤੋਂ ਹਟਾਇਆ ਗਿਆ ਹੈ।