ਅੰਮ੍ਰਿਤਸਰ – ਬੰਗਲੌਰ ਨਿਵਾਸੀ ਸੇਵਾ-ਮੁਕਤ ਕਰਨਲ ਸ. ਆਰ.ਐੱਸ. ਉੱਪਲ ਦੇ ਪਰਿਵਾਰ ਨਾਲ ਕੁਝ ਲੋਕਾਂ ਵੱਲੋਂ ਬੀਤੇ ਦਿਨੀਂ ਕੀਤੀ ਕੁੱਟਮਾਰ ਅਤੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕਰਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਖ਼ਤ ਨੋਟਿਸ ਲਿਆ ਹੈ। ਮਾਮਲੇ ਬਾਰੇ ਪਤਾ ਲੱਗਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫੌਜ ਵਿਚ ਦੇਸ਼ ਦੀ ਰਾਖੀ ਲਈ ਯੋਗਦਾਨ ਪਾਉਣ ਵਾਲੇ ਅਫਸਰ ਦੇ ਪਰਿਵਾਰ ਨਾਲ ਅਜਿਹੀ ਹਰਕਤ ਕਰਨੀ ਨਿੰਦਣਯੋਗ ਹੈ ਅਤੇ ਇਸ ਦੇ ਕਸੂਰਵਾਰ ਲੋਕਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮਾਮਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਪ੍ਰੋ. ਬਡੂੰਗਰ ਨੇ ਕਰਨਾਟਕ ਦੇ ਮੁੱਖ ਮੰਤਰੀ ਸ੍ਰੀ ਕੇ. ਸਿਧਾਰਮਈਆ ਨੂੰ ਇੱਕ ਪੱਤਰ ਵੀ ਲਿਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਥਾਣੇ ਵਿਚ ਬੇਸ਼ੱਕ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਵਿੱਚ ਕੈਦ ਹੋਈ ਇਸ ਘੱਟਨਾ ਵਿੱਚ ਕੁੱਟਮਾਰ ਕਰਨ ਵਾਲੇ ਲੋਕ ਸ਼ਰੇਆਮ ਪ੍ਰਭਾਵਿਤਾਂ ਨੂੰ ਕੇਸਾਂ ਤੋਂ ਫੜ ਕੇ ਖਿੱਚ-ਧੂਹ ਕਰ ਰਹੇ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਦੇਸ਼ ਵਿਚ ਘੱਟ ਗਿਣਤੀ ਸਿੱਖਾਂ ਨਾਲ ਅਜਿਹੀਆਂ ਵਧੀਕੀਆਂ ‘ਤੇ ਪ੍ਰੋ. ਬਡੂੰਗਰ ਨੇ ਆਖਿਆ ਕਿ ਇਹ ਠੀਕ ਵਰਤਾਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ਦੇ ਹੱਲ ਲਈ ਗੱਲਬਾਤ ਸਾਰਥਿਕ ਤਰੀਕਾ ਹੈ ਨਾ ਕਿ ਕੁੱਟਮਾਰ। ਇਸ ਲਈ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਨਾ ਕਰੇ।
ਐਸਜੀਪੀਸੀ ਨੇ ਕਰਨਲ ਦੇ ਪਰਿਵਾਰ ਨਾਲ ਕੁੱਟਮਾਰ ਤੇ ਕੇਸਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ ਕਾਰਵਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
This entry was posted in ਪੰਜਾਬ.