ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ ੧੯੮੪ ਦੇ ਘੱਲੂਘਾਰੇ ਮੌਕੇ ਕਰਵਾਏ ਗਏ ਸ਼ਹੀਦੀ ਸਮਾਗਮ ਸਮੇਂ ਵੱਖ-ਵੱਖ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਇਥੋਂ ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ੬ ਜੂਨ ੧੯੮੪ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੇ ਮੁਕੱਦਸ ਅਸਥਾਨ ‘ਤੇ ਫੌਜੀ ਹਮਲਾ ਕਰਵਾ ਕੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ ਜੋ ਅਣਮਨੁੱਖੀ ਵਰਤਾਰੇ ਦੀ ਸਿਖ਼ਰ ਸੀ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਦੀ ਸਾਲਾਨਾ ਯਾਦ ਵੀ ਸਿੱਖ ਵਿਰੋਧੀਆਂ ਨੂੰ ਹਮੇਸ਼ਾ ਰੜਕਦੀ ਰਹੀ ਹੈ ਅਤੇ ਉਹ ਆਪਣੇ ਘਟੀਆ ਮਨਸੂਬਿਆਂ ਤਹਿਤ ਸ਼ਾਂਤਮਈ ਸ਼ਹੀਦੀ ਸਮਾਗਮ ਵਿਚ ਖਲਲ ਪਾਉਣ ਦਾ ਯਤਨ ਕਰਦੇ ਰਹੇ ਹਨ। ਉਨ੍ਹਾਂ ਆਖਿਆ ਕਿ ਪਿਛਲੇ ਕੁਝ ਸਾਲਾਂ ਤੋਂ ਸਿੱਖਾਂ ਵਿਚ ਪਏ ਆਪਸੀ ਖਲਾਅ ਨੂੰ ਖਤਮ ਕਰਨ ਲਈ ਇਸ ਵਾਰ ਸ਼ਹੀਦਾਂ ਦੀ ਯਾਦ ਵਿਚ ਕਰਵਾਏ ਗਏ ਸ਼ਹੀਦੀ ਸਮਾਗਮ ਤੋਂ ਪਹਿਲਾਂ ਉਨ੍ਹਾਂ (ਪ੍ਰੋ: ਬਡੂੰਗਰ) ਨੇ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤਾਂ ਕਰ ਕੇ ਇਸ ਸ਼ਹੀਦੀ ਸਮਾਗਮ ਸੁਹਿਰਦਤਾ, ਗਹਿਰ ਗੰਭੀਰਤਾ ਅਤੇ ਕੌਮੀ ਇੱਕਜੁਟਤਾ ਦੀ ਭਾਵਨਾ ਨਾਲ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ ਸੀ। ਜਿਸ ‘ਤੇ ਸਮੁੱਚੀਆਂ ਜਥੇਬੰਦੀਆਂ ਨੇ ਭਾਈਚਾਰਕ ਸਾਂਝ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਸਮੂਹ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਇੱਕ ਨਿਸ਼ਾਨ ਹੇਠ ਮਿਲ ਬੈਠਣ ਲਈ ਅਪੀਲ ਕੀਤੀ ਸੀ ਅਤੇ ਲਗਾਤਾਰ ਪੰਥਕ ਏਕਤਾ ਲਈ ਇਕੱਠੇ ਹੋਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਘੱਲੂਘਾਰਾ ਦਿਵਸ ਮੌਕੇ ਸਿੱਖ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ‘ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਸਿੱਖ ਹਮੇਸ਼ਾ ਕੌਮੀ ਕਾਰਜਾਂ ਲਈ ਇੱਕਜੁਟ ਹਨ ਅਤੇ ਸਿੱਖ ਵਿਰੋਧੀ ਤਾਕਤਾਂ ਦੇ ਸਿੱਖਾਂ ਵਿਚ ਪਾੜ ਪਾਉਣ ਦੀਆਂ ਸਾਜ਼ਿਸ਼ਾਂ ਤੇ ਮਨਸੂਬਿਆਂ ਨੂੰ ਕਦੇ ਵੀ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਸਿੱਖ ਵਿਰੋਧੀਆਂ ਵੱਲੋਂ ਇਸ ਦਿਨ ਪੂਰੇ ਪੰਜਾਬ ਵਿਚ ਸਿੱਖਾਂ ਖਿਲਾਫ ਸਾਜ਼ਿਸ਼ਾਂ ਰਚ ਕੇ ਅਸ਼ਾਂਤੀ ਫੈਲਾਉਣ ਦਾ ਯਤਨ ਕੀਤਾ ਜਾਂਦਾ ਹੈ, ਪਰ ਸਿੱਖ ਕੌਮ ਸੁਚੇਤ ਹੈ ਅਤੇ ਵਿਰੋਧੀਆਂ ਦੀਆਂ ਚਾਲਾਂ ਨੂੰ ਭਲੀਭਾਂਤ ਸਮਝਦੀ ਹੈ। ਉਨ੍ਹਾਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਅੰਦਰ ਹੁਲੜਬਾਜ਼ੀ ਕਰਨ ਦੀ ਕੀਤੀ ਕੋਸ਼ਿਸ਼ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੀਆਂ ਹਰਕਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ, ਮਾਣ ਮਰਯਾਦਾ ਤੇ ਮਹੱਤਤਾ ਨੂੰ ਢਾਹ ਲਾਉਣ ਵਾਲੀਆਂ ਹਨ ਜੋ ਸਿੱਖਾਂ ਦੇ ਅਕਸ ਨੂੰ ਵਿਗਾੜਨ ਦਾ ਯਤਨ ਆਖਿਆ ਜਾ ਸਕਦਾ ਹੈ।
ਘੱਲੂਘਾਰਾ ਦਿਵਸ ਮੌਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਤਸੱਲੀ ਪ੍ਰਗਟਾਈ
This entry was posted in ਪੰਜਾਬ.