ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਦੇ ਛੋਟੇ ਅਤੇ ਦਰਮਿਆਨੇ ਕਿਸਾਨਾਂ ਦੇ ਦੋ ਲੱਖ ਤੱਕ ਦਾ ਫਸਲੀ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਮੁੱਖਮੰਤਰੀ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਇਸ ਫੈਂਸਲੇ ਨਾਲ 10.25 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ। ਅਜਿਹਾ ਕਰਕੇ ਕੈਪਟਨ ਨੇ ਆਪਣਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਤਰ ਪ੍ਰਦੇਸ਼ ਅਤੇ ਮਹਾਂਰਾਸ਼ਟਰ ਸਰਕਾਰ ਵੱਲੋਂ ਐਲਾਨ ਕੀਤੀ ਗਈ ਰਾਹਤ ਦੇ ਮੁਕਾਬਲੇ ਇਹ ਰਾਹਤ ਦੀ ਦੁਗਣੀ ਰਾਸ਼ੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਆਤਮਹੱਤਿਆ ਕਰਨ ਵਾਲੇ ਸਾਰੇ ਕਿਸਾਨਾਂ ਦੇ ਪ੍ਰੀਵਾਰਾਂ ਤੇ ਰਹਿੰਦੇ ਬਾਕੀ ਕਰਜ਼ੇ ਨੂੰ ਪੰਜਾਬ ਸਰਕਾਰ ਅਦਾ ਕਰੇਗੀ। ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪ੍ਰੀਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸਗ੍ਰੇਸੀਆ ਰਾਸ਼ੀ ਤਿੰਨ ਲੱਖ ਰੁਪੈ ਤੋਂ ਵਧਾ ਕੇ ਪੰਜ ਲੱਖ ਰੁਪੈ ਤੱਕ ਕਰਨ ਦਾ ਵੀ ਫੈਂਸਲਾ ਕੀਤਾ ਹੈ। ਮੁੱਖਮੰਤਰੀ ਨੇ ਖੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪ੍ਰੀਵਾਰਾਂ ਤੱਕ ਪਹੁੰਚ ਕਰਨ ਲਈ ਇੱਕ ਪੰਜ ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਵੀ ਪ੍ਰਸਤਾਵ ਰੱਖਿਆ ਹੈ।
ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਮੁੱਦੇ ਤੇ ਕੈਪਟਨ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਨ ਵਾਲੇ ਵਿਰੋਧੀਆਂ ਨੂੰ ਕਰਾਰਾ ਝਟਕਾ ਦਿੰਦੇ ਹੋਏ ਉਨ੍ਹਾਂ ਦੀ ਬੋਲਤੀ ਬੰਦ ਕਰ ਦਿੱਤੀ ਹੈ। ਮੁੱਖਮੰਤਰੀ ਨੇ ਵੱਡਾ ਸਿਆਸੀ ਦਾਅ ਖੇਡਦੇ ਹੋਏ ਇਸ ਸਮੇਂ ਵਿਰੋਧੀ ਧਿਰਾਂ ਦੇ ਹੱਥ ਵਿੱਚੋਂ ਇੱਕ ਵੱਡਾ ਮੁੱਦਾ ਖੋਹ ਲਿਆ ਹੈ। ਹੁਣ ਭਾਜਪਾ ਦੀ ਸਰਕਾਰ ਵਾਲੇ ਰਾਜਾਂ ਵਿੱਚ ਵੀ ਪੰਜਾਬ ਸਰਕਾਰ ਦੀ ਤਰਜ਼ ਤੇ ਕਰਜ਼ੇ ਮੁਆਫ਼ ਕਰਨ ਦੀ ਮੰਗ ਜੋਰ ਫੜ ਸਕਦੀ ਹੈ।