ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਹੋਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਹਰਿਆਣਾ ਸਰਕਾਰ ਕਾਰਵਾਈ ਕਰਦੀ ਤਾਂ ਹਿੰਸਕ ਘਟਨਾਵਾਂ ਹੋਣ ਤੋਂ ਰੋਕੀਆਂ ਜਾ ਸਕਦੀਆਂ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕਾਨੂੰਨ ਨੇ ਜਿਥੇ ਪੀੜਤ ਲੜਕੀਆਂ ਨਾਲ ਇਨਸਾਫ ਕੀਤਾ ਹੈ ਉਥੇ ਇਹ ਵੀ ਦਰਸਾਇਆ ਹੈ ਕਿ ਕਾਨੂੰਨ ਤੋਂ ਉਪਰ ਕੋਈ ਨਹੀਂ ਹੈ। ਉਨ੍ਹਾਂ ਪਿਛਲੇ ਸਮੇਂ ਦੌਰਾਨ ਦੁਬਿਧਾ ਦਾ ਸ਼ਿਕਾਰ ਹੋ ਕੇ ਪੰਥ ਦੀ ਮੁੱਖ ਧਾਰਾ ਤੋਂ ਟੁੱਟ ਕੇ ਡੇਰਾ ਸਿਰਸਾ ਨਾਲ ਜੁੜ ਗਏ ਸਿੱਖਾਂ ਨੂੰ ਕਿਹਾ ਕਿ ਡੇਰਾ ਮੁਖੀ ਦੀ ਘਿਨੌਣੀ ਸੱਚਾਈ ਜੱਗ ਜਾਹਰ ਹੋਣ ਤੋਂ ਬਾਅਦ ਉਹ ਗੁਰੂ ਡੰਮ੍ਹ ਛੱਡ ਕੇ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ। ਪ੍ਰੋ: ਬਡੂੰਗਰ ਨੇ ਗੁਰੂ ਘਰ ਤੋਂ ਟੁੱਟੇ ਸਿੱਖਾਂ ਨੂੰ ਮੁੜ ਸਿੱਖੀ ਦੀ ਮੁੱਖ ਧਾਰਾ ਵਿਚ ਆਉਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਧਰਮ ਪ੍ਰਚਾਰ ਲਹਿਰ ਨੂੰ ਸਰਗਰਮ ਰੂਪ ਵਿਚ ਚਲਾਇਆ ਜਾ ਰਿਹਾ ਹੈ ਪਰ ਦੁਬਿਧਾ ਦਾ ਸ਼ਿਕਾਰ ਹੋਏ ਸਿੱਖਾਂ ਨੂੰ ਗੁਰਮਤਿ ਨਾਲ ਜੋੜਨ ਲਈ ਯਤਨ ਹੋਰ ਵੀ ਤੇਜ਼ ਕੀਤੇ ਜਾਣਗੇ। ਇਸ ਕਾਰਜ ਲਈ ਧਰਮ ਪ੍ਰਚਾਰ ਵਿਧੀ ਦੇ ਨਾਲ ਨਾਲ ਸੰਵਾਦ ਨੂੰ ਵੀ ਅਪਣਾਇਆ ਜਾਵੇਗਾ। ਉਨ੍ਹਾਂ ਆਖਿਆ ਪੰਜਾਬ ਦੀ ਵਿਰਾਸਤ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਵਾਲੀ ਹੈ ਜਿਸ ਵਿਚ ਸਰਬ ਸਾਂਝੀਵਾਲਤਾ ਦਾ ਉਪਦੇਸ਼ ਮੁੱਖ ਹੈ। ਪ੍ਰੋ: ਬਡੂੰਗਰ ਨੇ ਧਰਮ ਦੇ ਨਾਮ ‘ਤੇ ਦੁਕਾਨਾਂ ਚਲਾਉਣ ਵਾਲੇ ਲੋਕਾਂ ਤੋਂ ਸੁਚੇਤ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਆਪਣਾ ਜੀਵਨ ਹੀ ਧਰਮ ਦੇ ਸਿਧਾਂਤਾਂ ਅਨੁਸਾਰ ਨਾ ਹੋਵੇ ਉਹ ਧਰਮ ਉਪਦੇਸ਼ਕ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਰਸਾਇਆ ਸੱਚ ਦਾ ਮਾਰਗ ਹੀ ਸਿੱਖ ਲਈ ਸਰਵਉੱਚ ਹੈ ਅਤੇ ਇਸ ਅਨੁਸਾਰ ਜੀਵਨ ਜਿਉਣਾ ਸਿੱਖ ਦਾ ਪਰਮ ਧਰਮ ਕਰਤੱਵ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਮਨਜੀਤ ਸਿੰਘ ਤੇ ਸ. ਅਜਾਇਬ ਸਿੰਘ ਅਭਿਆਸੀ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੁਰਾ ਕੋਹਨਾ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਅਤੇ ਹੋਰ ਹਾਜ਼ਰ ਸਨ।