ਗੋਇੰਦਵਾਲ ਸਾਹਿਬ – ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਇਥੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੋਲਦਿਆਂ ਕਿਹਾ ਕਿ ਅੱਜ ਸਿੱਖੀ ਨੂੰ ਕਮਜ਼ੋਰ ਕਰਨ ਲਈ ਚੱਲੀਆਂ ਜਾ ਰਹੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮੁੱਚੇ ਸਿੱਖ ਪੰਥ ਨੂੰ ਇਕਜੁੱਟ ਹੋਣਾ ਪਵੇਗਾ ਅਤੇ ਵਰਤਮਾਨ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਗੁਰੂ ਸਾਹਿਬਾਨ ਵੱਲੋਂ ਦਰਸਾਈ ਜੁਗਤ ਨੂੰ ਅਪਨਾਉਣਾ ਪਵੇਗਾ। ਪ੍ਰੋ: ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਇੱਜ਼ਤ, ਸੰਸਕ੍ਰਿਤੀ ਅਤੇ ਕਦਰਾਂ ਕੀਮਤਾਂ ਨੂੰ ਬਚਾਉਣ ਲਈ ਸਿੱਖਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਕਿਉਂਕਿ ਦੇਸ਼ ਨੂੰ ਵਰਤਮਾਨ ਸਥਿਤੀ ਤਕ ਪਹੁੰਚਾਉਣ ਲਈ ਸਿੱਖਾਂ ਨੇ ੮੦ ਫੀਸਦੀ ਕੁਰਬਾਨੀਆਂ ਦੇ ਕੇ ਮਾਣਮੱਤਾ ਇਤਿਹਾਸ ਸਿਰਜਿਆ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਇਸ ਗੌਰਵਮਈ ਅਤੇ ਸ਼ਾਨਾਮੱਤਾ ਇਤਿਹਾਸ ਨਾਲ ਆਪਣੇ ਬੱਚਿਆਂ ਅਤੇ ਨੌਜੁਆਨੀ ਨੂੰ ਜੋੜਨ ਲਈ ਸਿੱਖ ਸੰਸਥਾਵਾਂ ਅਤੇ ਮਾਪਿਆਂ ਨੂੰ ਰਲ਼ ਮਿਲ਼ ਕੇ ਯਤਨ ਕਰਨੇ ਹੋਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਧਰਮ ਦੀਆਂ ਸਿੱਖਿਆਵਾਂ ਨੂੰ ਜੀਵਨ ਸੰਵਾਰਨ ਲਈ ਮਾਰਗ ਦਰਸ਼ਨ ਕਰਾਰ ਦਿੰਦਿਆਂ ਕਿਹਾ ਕਿ ਅੱਜ ਦੀ ਵੱਡੀ ਲੋੜ ਇਹ ਹੈ ਕਿ ਭਵਿੱਖ ਦੀ ਪੀੜੀ ਨੂੰ ਉਚ ਤਾਲੀਮ ਦੇਣ ਦੇ ਨਾਲ ਨਾਲ ਧਾਰਮਿਕ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਪਾਠ ਵੀ ਪੜ੍ਹਾਇਆ ਜਾਵੇ। ਉਨ੍ਹਾਂ ਸ੍ਰੀ ਗੋਇੰਦਵਾਲ ਸਾਹਿਬ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਤੀਸਰੇ ਪਾਤਸ਼ਾਹ ਜੀ ਨੇ ਇਥੇ ਆਪਣੇ ਨਿਵਾਸ ਦੌਰਾਨ ਜਿਥੇ ਆਪ ਸੇਵਾ ਕਰਕੇ ਸਾਡੇ ਲਈ ਪੂਰਨੇ ਪਾਏ ਉਥੇ ਸਾਨੂੰ ਸਮਾਜਕ ਕੁਰੀਤੀਆਂ ਤੋਂ ਦੂਰ ਰੱਖਣ ਲਈ ਵੀ ਉਪਦੇਸ਼ ਦਿੱਤਾ। ਉਨ੍ਹਾਂ ਆਖਿਆਂ ਕਿ ਗੁਰੂ ਸਾਹਿਬ ਵੱਲੋਂ ਦਰਸਾਈ ਜੀਵਨ ਜਾਚ ਅਨੁਸਾਰ ਹੀ ਅਸੀਂ ਨਿਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ ਕਿਉਂਕਿ ਗੁਰੂ ਸਾਹਿਬਾਨ ਦਾ ਜੀਵਨ ਫਲਸਫਾ ਹੀ ਸਾਡੇ ਲਈ ਸੁਚੱਜੀ ਅਗਵਾਈ ਪ੍ਰਦਾਨ ਕਰਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਸ੍ਰੀ ਗੋਇੰਦਵਾਲ ਸਾਹਿਬ ਦੀ ਵੱਡੀ ਇਤਿਹਾਸਕ ਮਹੱਤਤਾ ਹੈ ਕਿਉਂਕਿ ਇਥੇ ਤੀਸਰੇ ਪਾਤਸ਼ਾਹ ਜੀ ਨੇ ਮਨੁੱਖਤਾ ਲਈ ਅਨੇਕਾਂ ਸਮਾਜ ਭਲਾਈ ਦੇ ਕਾਰਜ ਕਰ ਕੇ ਜਿਥੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਉਥੇ ਸਦੀਆਂ ਤੋਂ ਚੱਲੀਆਂ ਆ ਰਹੀਆਂ ਕਈ ਗੈਰ ਸਮਾਜੀ ਰਵਾਇਤਾਂ ਨੂੰ ਵੀ ਖਤਮ ਕੀਤਾ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸਮੇਤ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਜਰਨੈਲ ਸਿੰਘ ਡੋਗਰਾਂਵਾਲਾ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਗਿਆਨੀ ਗੁਰਮੁਖ ਸਿੰਘ ਐਮ. ਏ. ਦੀ ਪੁਸਤਕ ‘ਲਾਸਾਨੀ ਦਸਮੇਸ਼’ ਵੀ ਜਾਰੀ ਕੀਤੀ। ਇਸ ਤੋਂ ਪਹਿਲਾਂ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।
ਜੋੜ ਮੇਲੇ ਦੌਰਾਨ ਬੀਤੇ ਕੱਲ੍ਹ ਤੋਂ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਰਣਜੀਤ ਸਿੰਘ ਗੌਹਰ, ਪ੍ਰਚਾਰ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਹੀਰਾ ਸਿੰਘ ਮਨਿਆਲਾ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਸੁਖਬੀਰ ਸਿੰਘ ਮਾਣੋਚਾਹਲ, ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ, ਗਿਆਨੀ ਗੁਰਮੁਖ ਸਿੰਘ ਐਮ.ਏ., ਭਾਈ ਲਖਬੀਰ ਸਿੰਘ ਮਸਤ, ਭਾਈ ਜੋਗਾ ਸਿੰਘ ਭਾਗੋਵਾਲ, ਭਾਈ ਰਣਜੀਤ ਸਿੰਘ ਚੋਹਲਾ ਸਾਹਿਬ, ਢਾਡੀ ਭਾਈ ਬਖਸ਼ੀਸ਼ ਸਿੰਘ ਰਾਣੀਵਲਾ, ਭਾਈ ਬਲਬੀਰ ਸਿੰਘ ਭੱਠਲ, ਭਾਈ ਮੱਸਾ ਸਿੰਘ ਸਭਰਾਅ ਆਦਿ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸ.ਜਰਨੈਲ ਸਿੰਘ ਡੋਗਰਾਂਵਾਲਾ, ਬਾਬਾ ਨੰਦ ਸਿੰਘ ਮੁੰਡਾਪਿੰਡ, ਬਾਬਾ ਗੁਰਨਾਮ ਸਿੰਘ, ਬਾਬਾ ਗਿਆਨ ਸਿੰਘ ਮਨਹਾਲਾ, ਬਾਬਾ ਬਲਵਿੰਦਰ ਸਿੰਘ, ਸ. ਹਰਭਜਨ ਸਿੰਘ ਮਨਾਵਾ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਿਜੈ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਚਾਨਣ ਸਿੰਘ, ਸ. ਭਗਵੰਤ ਸਿੰਘ ਧੰਗੇੜਾ, ਸ. ਜੱਸਾ ਸਿੰਘ ਤੇ ਸ. ਸਰਬਜੀਤ ਸਿੰਘ ਧੂੰਦਾ ਮੈਨੇਜਰ, ਸ. ਮੁਖਤਿਆਰ ਸਿੰਘ ਚੀਫ, ਸ. ਪ੍ਰਗਟ ਸਿੰਘ ਰੱਤੋਕੇ, ਸ. ਗੁਰਦਿਆਲ ਸਿੰਘ ਮੁੰਡਾਪਿੰਡ, ਸ. ਪ੍ਰੇਮ ਸਿੰਘ ਪੰਨੂੰ, ਸ. ਕੁਲਦੀਪ ਸਿੰਘ ਔਲਖ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।