ਅੰਮ੍ਰਿਤਸਰ – ਸੇਵਾ, ਸਿਮਰਨ ਤੇ ਪਰਉਪਕਾਰ ਦੇ ਪੁੰਜ, ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਖਾਲਸਾਈ ਜਾਹੋ ਜਲਾਲ ਨਾਲ ਸਜਾਇਆ ਗਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਤੋਂ ਬਾਅਦ ਆਰੰਭ ਹੋਏ ਨਗਰ ਕੀਰਤਨ ਵਿਚ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਸ਼ਾਮਲ ਹੋਏ ਉਥੇ ਹੀ ਵੱਖ-ਵੱਖ ਧਾਰਮਿਕ ਜੱਥੇਬੰਦੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ, ਮੈਂਬਰ ਅਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੁਲਾਜ਼ਮਾਂ ਨੇ ਜਿੱਥੇ ਸੰਗਤਾਂ ਲਈ ਵੱਖ-ਵੱਖ ਪ੍ਰਬੰਧਾਂ ਦੀ ਸੇਵਾ ਨਿਭਾਈ ਉਥੇ ਹੀ ਉਨ੍ਹਾਂ ਦੀਆਂ ਦਸਤਾਰਾਂ ਉਪਰ ਸੱਜੀਆਂ ‘ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ’ ਲਿਖੀਆਂ ਪੱਟੀਆਂ ਵੀ ਸਭ ਦਾ ਧਿਆਨ ਖਿੱਚ ਰਹੀਆਂ ਸਨ। ਇਸ ਸਮੇਂ ਗੱਤਕਾ ਅਖਾੜਿਆਂ, ਸਕੂਲਾਂ ਦੇ ਬੱਚਿਆਂ ਦੀਆਂ ਬੈਂਡ ਤੇ ਗੱਤਕਾ ਟੀਮਾਂ ਵੱਲੋਂ ਉਤਸ਼ਾਹ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਨਗਰ ਕੀਰਤਨ ਦੀ ਆਰੰਭਤਾ ਸਮੇਂ ਸੰਗਤਾਂ ਦੇ ਦਰਸ਼ਨ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਜਿਥੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ੪੮੪ਵੇਂ ਪ੍ਰਕਾਸ਼ ਪੁਰਬ ਦੀ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਉਥੇ ਹੀ ਇਸ ਮੌਕੇ ‘ਤੇ ਸਹਿਯੋਗ ਕਰਨ ਵਾਲੀਆਂ ਸਮੂਹ ਸਭਾ ਸੁਸਾਇਟੀਆਂ, ਧਾਰਮਿਕ ਤੇ ਸਮਾਜਕ ਸੰਸਥਾਵਾਂ, ਪ੍ਰਸ਼ਾਸਨ ਅਤੇ ਸੰਗਤਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਜੀਵਨ ਮਨੁੱਖ ਮਾਤਰ ਲਈ ਅਗਵਾਈ ਦੇਣ ਵਾਲਾ ਹੈ ਅਤੇ ਉਨ੍ਹਾਂ ਵੱਲੋਂ ਵਸਾਇਆ ਧਾਰਮਿਕ ਮਹੱਤਵ ਰੱਖਣ ਵਾਲਾ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਸਮੁੱਚੇ ਵਿਸ਼ਵ ਲਈ ਖਿੱਚ ਦਾ ਕੇਂਦਰ ਹੈ। ਕਿਉਂਕਿ ਇਥੇ ਸਿੱਖ ਧਰਮ ਦਾ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁਸ਼ੋਭਿਤ ਹੈ ਜੋ ਸਮੁੱਚੀ ਮਨੁੱਖਤਾ ਦੀ ਅਧਿਆਤਮਕ ਅਗਵਾਈ ਕਰਦਾ ਹੈ। ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਨੇ ਇਸ ਸ਼ਹਿਰ ਵਿਚ ਵੱਖ-ਵੱਖ ਧਰਮਾਂ ਤੇ ਜਾਤਾਂ ਨਾਲ ਸਬੰਧਤ ੫੨ ਕਿੱਤਿਆਂ ਦੇ ਲੋਕਾਂ ਨੂੰ ਵਸਾਇਆ ਜੋ ਗੁਰੂ ਸਾਹਿਬ ਦੇ ਸਾਂਝੀਵਾਲਤਾ ਦੇ ਸਿਧਾਂਤ ਨੂੰ ਦਰਸਾਉਂਦਾ ਹੈ। ਇਸੇ ਲਈ ਅੱਜ ਇਹ ਸ਼ਹਿਰ ਅੰਤਰਰਾਸ਼ਟਰੀ ਪੱਧਰ ‘ਤੇ ਮਹੱਤਵਪੂਰਨ ਵਪਾਰਕ ਕੇਂਦਰ ਵਜੋਂ ਮਾਨਤਾ ਰੱਖਦਾ ਹੈ। ਪ੍ਰੋ: ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਦੂਰ-ਅੰਦੇਸ਼ੀ ਸੋਚ ਸਦਕਾ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਧਾਰਮਿਕ, ਆਰਥਿਕ, ਸਮਾਜਕ ਭਾਵ ਕਿ ਜੀਵਨ ਦੀ ਉੱਨਤੀ ਲਈ ਹਰ ਪੱਖ ਤੋਂ ਸਾਧਨ ਮੌਜੂਦ ਹਨ। ਉਨ੍ਹਾਂ ਇਕ ਵਾਰ ਫਿਰ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਹਾਰਦਿਕ ਵਧਾਈ ਦਿੱਤੀ।
ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਸੱਟੀ ਬਾਜ਼ਾਰ, ਚੌਂਕ ਘੰਟਾ ਘਰ, ਬਾਜ਼ਾਰ ਮਾਈ ਸੇਵਾਂ, ਬਾਜ਼ਾਰ ਕਾਠੀਆਂ, ਬਾਜ਼ਾਰ ਪਾਪੜਾਂ, ਬਾਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਚੌਂਕ ਢਾਬ ਬਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਬਾਬਾ ਸਾਹਿਬ, ਚੌਂਕ ਪ੍ਰਾਗਦਾਸ ਤੋਂ ਹੁੰਦਾ ਹੋਇਆ ਫਿਰ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਪੂਰਨ ਹੋਇਆ।
ਇਸ ਮੌਕੇ ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਕਾਰ ਸੇਵਾ ਭੂਰੀ ਵਾਲੇ ਬਾਬਾ ਕਸ਼ਮੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸ. ਸੁਰਜੀਤ ਸਿੰਘ ਭਿੱਟੇਵਡ, ਮੈਂਬਰ ਭਾਈ ਮਨਜੀਤ ਸਿੰਘ, ਸ. ਅਜਾਇਬ ਸਿੰਘ ਅਭਿਆਸੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ ਤੇ ਬੀਬੀ ਕਿਰਨਜੋਤ ਕੌਰ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਤੇ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ ਤੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਤੇ ਸ. ਰਘਬੀਰ ਸਿੰਘ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਸਿੱਖ ਧਰਮਾ ਮਿਸ਼ਨ ਯੂ.ਐਸ.ਏ. ਤੋਂ ਭਾਈ ਕੁਲਬੀਰ ਸਿੰਘ, ਭਾਈ ਸਤਪਾਲ ਸਿੰਘ, ਡਾ. ਹਰਜੋਤ ਕੌਰ ਕੈਲਗਰੀ, ਬੀਬੀ ਸ਼ਾਂਤੀ ਕੌਰ ਖਾਲਸਾ ਨਿਊ ਮੈਕਸੀਕੋ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮੁੱਚਾ ਸਟਾਫ ਅਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।