ਅੰਮ੍ਰਿਤਸਰ – ਸਿੱਖ ਧਰਮ ਦੇ ਚੌਥੇ ਗੁਰੂ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਦੌਰਾਨ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਇਸੇ ਦੌਰਾਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਵਿਦਿਆਰਥੀਆਂ ਦੇ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਅੱਜ ਇਨਾਮ ਤਕਸੀਮ ਕੀਤੇ ਗਏ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਵੀ ਦਰਬਾਰ ਵੀ ਕਰਵਾਇਆ ਗਿਆ ਜਿਸ ਵਿਚ ਕਵੀਆਂ ਵੱਲੋਂ ਚੌਥੇ ਪਾਤਸ਼ਾਹ ਜੀ ਦੀ ਉਸਤਿਤ ਵਿਚ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ ਅਤੇ ਮੁੰਬਈ ਦੀਆਂ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਆਕਰਸ਼ਣ ਦਾ ਕੇਂਦਰ ਰਹੀ। ਇਸ ਤੋਂ ਇਲਾਵਾ ਪਹਿਲੀ ਵਾਰ ਐਲ।ਈ।ਡੀ। ਤਕਨੀਕ ਨਾਲ ਕੀਤੀ ਗਈ ਦੀਪਮਾਲਾ ਦਾ ਨਜ਼ਾਰਾ ਵੀ ਵੱਖਰੀ ਸੁੰਦਰਤਾ ਪੇਸ਼ ਕਰ ਰਿਹਾ ਸੀ।
ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਅਤੇ ਸੇਵਾ ਕਰਨ ਵਾਲੀਆਂ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਿੱਖੀ ਦਾ ਫਲਸਫਾ ਹੀ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਹੈ, ਇਸ ਵਿਚ ਸੇਵਾ, ਸਿਮਰਨ, ਪਰਉਪਕਾਰ ਵਰਗੀਆਂ ਉੱਤਮ ਕਦਰਾਂ-ਕੀਮਤਾਂ ਭਰੀਆਂ ਪਈਆਂ ਹਨ। ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਇਤਿਹਾਸਕ ਦਿਹਾੜੇ ਸਾਨੂੰ ਗੁਰੂ ਸਾਹਿਬਾਨ ਦੇ ਫਲਸਫੇ ਨਾਲ ਜੋੜਨ ਦਾ ਸਬੱਬ ਬਣਦੇ ਹਨ। ਉਨ੍ਹਾਂ ਕਿਹਾ ਕਿ ਆਪਣੇ ਜੀਵਨ ਵਿਚ ਗੁਰੂ ਸਾਹਿਬ ਦੀ ਵਿਚਾਰਧਾਰਾ ‘ਤੇ ਅਮਲ ਕਰਨਾ ਹੀ ਗੁਰੂ ਸਾਹਿਬਾਨ ਲਈ ਸੱਚੀ ਸ਼ਰਧਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਲੱਖਣ ਸਿੰਘ ਮੈਨੇਜਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਮੌਜੂਦ ਸਨ।