ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹੁਕਮ ਅਨੁਸਾਰ ਸੰਸਾਰ ਭਰ ਦੇ ਸਿੱਖਾਂ, ਸਮੂਹ ਖ਼ਾਲਸਾ ਪੰਥ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਜੱਥੇਬੰਦੀਆਂ, ਟਕਸਾਲਾਂ, ਨਿਹੰਗ ਸਿੰਘ ਦਲਾਂ, ਧਾਰਮਿਕ ਸਭਾ-ਸੁਸਾਇਟੀਆਂ, ਸਿੰਘ ਸਭਾਵਾਂ, ਸੰਪ੍ਰਦਾਵਾਂ ਅਤੇ ਵਿਦਿਅਕ ਅਦਾਰਿਆਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਨਵੰਬਰ ੧੯੮੪ ਵਿਚ ਨਸਲਕੁਸ਼ੀ ਦੌਰਾਨ ਸ਼ਹੀਦ ਹੋਏ ਸਿੱਖਾਂ ਨੂੰ ਯਾਦ ਕਰਦਿਆਂ ਪਹਿਲੀ ਨਵੰਬਰ, ੨੦੧੭ ਨੂੰ ਮੂਲ ਮੰਤਰ ਦੇ ਪਾਠ ਕਰਕੇ ਅਰਦਾਸ ਕੀਤੀ ਜਾਵੇ।
ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਨਵੰਬਰ ੧੯੮੪ ਵਿਚ ਸਮੇਂ ਦੀ ਕੇਂਦਰੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ‘ਤੇ ਜ਼ਬਰ, ਜ਼ੁਲਮ, ਕਤਲੇਆਮ ਕਰਕੇ ਸਿੱਖ ਨਸਲਕੁਸ਼ੀ ਕੀਤੀ ਗਈ ਸੀ। ਜਿਸ ਵਿਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਅੰਦਰ ਸਿੰਘਾਂ, ਸਿੰਘਣੀਆਂ ਤੇ ਭੁਝੰਗੀਆਂ ਨੂੰ ਕੋਹ-ਕੋਹ ਕੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਕਾਰਾ ਅਣਮਨੁੱਖੀ ਅੱਤਿਆਚਾਰ ਦੀ ਸਿਖਰ ਸੀ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਸਰਕਾਰੀ ਤੰਤਰ ਦੀ ਦੁਰਵਰਤੋਂ ਕਰਦਿਆਂ ਸਿੱਖਾਂ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਉਪਰ ਫੌਜੀ ਹਮਲਾ ਕਰਕੇ ਢਹਿ ਢੇਰੀ ਕੀਤਾ ਅਤੇ ਫਿਰ ਦੇਸ਼ ਭਰ ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਨਿਆਂਪਾਲਿਕਾ ਵੱਲੋਂ ਸਿੱਖਾਂ ਨੂੰ ਅਜੇ ਤੀਕ ਇਨਸਾਫ ਨਾ ਮਿਲਣਾ ਲੋਕਤੰਤਰ ਅਤੇ ਸੰਵਿਧਾਨ ਉਪਰ ਕਲੰਕ ਹੈ। ਪ੍ਰੋ. ਬਡੂੰਗਰ ਨੇ ਸਮੁੱਚੇ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਨਸਲਕੁਸ਼ੀ ਦੌਰਾਨ ਸ਼ਹੀਦ ਹੋਏ ਸਿੱਖਾਂ ਨੂੰ ਯਾਦ ਕਰਦਿਆਂ ਪੀੜ੍ਹਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਜਾਵੇ।