ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਜਨਰਲ ਇਜਲਾਸ ਦੌਰਾਨ ਸ. ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ੪੨ਵੇਂ ਪ੍ਰਧਾਨ ਚੁਣ ਲਏ ਗਏ। ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਗਿਆਨੀ ਹਰਮਿੱਤਰ ਸਿੰਘ ਨੇ ਲਿਆ। ਜਨਰਲ ਹਾਊਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਮੌਜੂਦ ਸਨ।
ਜਨਰਲ ਇਜਲਾਸ ਦੀ ਕਾਰਵਾਈ ਆਰੰਭ ਕਰਦਿਆਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਅਗਲੀ ਕਾਰਵਾਈ ਚਲਾਉਣ ਦਾ ਸੱਦਾ ਦਿੱਤਾ, ਜਿਸ ‘ਤੇ ਉਨ੍ਹਾਂ ਨੇ ਅਕਾਲ ਚਲਾਣਾ ਕਰ ਚੁੱਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਮੱਲ ਸਿੰਘ, ਮਾਰਸ਼ਲ ਅਰਜਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਸੁਖਬੀਰ ਸਿੰਘ ਸੁਲਤਾਨਵਿੰਡ ਅਤੇ ਸ. ਜੋਗਿੰਦਰ ਸਿੰਘ ਸਾਹਨੀ ਚੰਡੀਗੜ੍ਹ ਸਬੰਧੀ ਸ਼ੋਕ ਮਤੇ ਪੇਸ਼ ਕੀਤੇ।
ਇਸ ਉਪਰੰਤ ਪ੍ਰੋ: ਬਡੂੰਗਰ ਨੇ ਪ੍ਰਧਾਨਗੀ ਪਦ ਲਈ ਨਾਮ ਦੀ ਮੰਗ ਕੀਤੀ ਜਿਸ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਗੀਰ ਕੌਰ ਨੇ ਸ. ਗੋਬਿੰਦ ਸਿੰਘ ਲੌਂਗੋਵਾਲ ਦਾ ਨਾਮ ਪੇਸ਼ ਕੀਤਾ। ਸ. ਲੌਂਗੋਵਾਲ ਦੇ ਨਾਮ ਦੀ ਤਾਈਦ ਸ. ਗੁਰਬਚਨ ਸਿੰਘ ਕਰਮੂੰਵਾਲਾ ਅਤੇ ਤਾਈਦ ਮਜੀਦ ਭਾਈ ਮਨਜੀਤ ਸਿੰਘ ਨੇ ਕੀਤੀ। ਸ. ਲੌਂਗੋਵਾਲ ਦੇ ਮੁਕਾਬਲੇ ‘ਤੇ ਸ. ਜਸਵੰਤ ਸਿੰਘ ਪੁੜੈਣ ਨੇ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਦਾ ਨਾਮ ਪੇਸ਼ ਕੀਤਾ, ਜਿਸਦੀ ਤਾਈਦ ਸ. ਕੁਲਦੀਪ ਸਿੰਘ ਨੱਸੂਪੁਰ ਅਤੇ ਤਾਈਦ ਮਜੀਦ ਸ. ਮਹਿੰਦਰ ਸਿੰਘ ਹੁਸੈਨਪੁਰ ਨੇ ਕੀਤੀ। ਇਸ ਦੌਰਾਨ ਕੁੱਲ ਪਈਆਂ ੧੬੯ ਵੋਟਾਂ ਵਿਚੋਂ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ੧੫੪ ਵੋਟਾਂ ਪ੍ਰਾਪਤ ਕਰਕੇ ਜਿੱਤ ਹਾਸਲ ਕੀਤੀ। ਵਿਰੋਧੀ ਧਿਰ ਦੇ ਉਮੀਦਵਾਰ ਸ.. ਅਮਰੀਕ ਸਿੰਘ ਸ਼ਾਹਪੁਰ ਨੂੰ ਕੇਵਲ ੧੫ ਵੋਟਾਂ ਹੀ ਮਿਲ ਸਕੀਆਂ। ਇਸ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ੪੨ਵੇਂ ਪ੍ਰਧਾਨ ਵਜੋਂ ਸ. ਗੋਬਿੰਦ ਸਿੰਘ ਲੌਂਗੋਵਾਲ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਦੇ ਪਦ ਲਈ ਸ. ਰਘੂਜੀਤ ਸਿੰਘ ਕਰਨਾਲ ਨੂੰ ਚੁਣਿਆ ਗਿਆ, ਜਿਨ੍ਹਾਂ ਦਾ ਨਾਮ ਜਥੇਦਾਰ ਤੋਤਾ ਸਿੰਘ ਨੇ ਪੇਸ਼ ਕੀਤਾ। ਉਨ੍ਹਾਂ ਦੇ ਨਾਮ ਦੀ ਤਈਦ ਸ. ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਅਤੇ ਮਜੀਦ ਸ. ਪਰਮਜੀਤ ਸਿੰਘ ਖਾਲਸਾ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਵਜੋਂ ਸ. ਹਰਪਾਲ ਸਿੰਘ ਜੱਲਾ ਨੂੰ ਚੁਣਿਆ ਗਿਆ। ਉਨ੍ਹਾਂ ਦਾ ਨਾਮ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਤਈਦ ਸ. ਪ੍ਰੀਤਮ ਸਿੰਘ ਮਲਸੀਹਾਂ ਅਤੇ ਤਾਈਦ ਮਜੀਦ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਕੀਤੀ। ਇਸੇ ਤਰ੍ਹਾਂ ਜਨਰਲ ਸਕੱਤਰ ਦੇ ਪਦ ਲਈ ਸ. ਗੁਰਬਚਨ ਸਿੰਘ ਕਰਮੂੰਵਾਲਾ ਚੁਣੇ ਗਏ। ਉਨ੍ਹਾਂ ਦਾ ਨਾਮ ਸ. ਅਲਵਿੰਦਰਪਾਲ ਸਿੰਘ ਪੱਖੋਕੇ ਨੇ ਪੇਸ਼ ਕੀਤਾ, ਤਾਈਦ ਸ. ਗੁਰਪ੍ਰੀਤ ਸਿੰਘ ਝੱਬਰ ਅਤੇ ਤਾਈਦ ਮਜੀਦ ਸ. ਗੁਰਮੇਲ ਸਿੰਘ ਸੰਗਤਪੁਰਾ ਨੇ ਕੀਤੀ।
ਇਸ ਉਪਰੰਤ ਨਵੇਂ ਚੁਣੇ ਗਏ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦਾ ਐਲਾਨ ਕੀਤਾ। ਅੰਤ੍ਰਿੰਗ ਕਮੇਟੀ ਦੇ ਇਨ੍ਹਾਂ ਮੈਂਬਰਾਂ ਵਿਚ ਸ. ਸੱਜਣ ਸਿੰਘ ਬੱਜੂਮਾਨ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂਵਾਲਾ, ਬੀਬੀ ਗੁਰਪ੍ਰੀਤ ਕੌਰ ਕਪੂਰਥਲਾ, ਸ. ਗੁਰਤੇਜ ਸਿੰਘ ਢੱਡੇ, ਸ. ਹਰਦੇਵ ਸਿੰਘ ਰੋਗਲਾ, ਸ. ਰਵਿੰਦਰ ਸਿੰਘ ਚੱਕਮੁਕੇਰੀਆਂ, ਸ. ਗੁਰਮੀਤ ਸਿੰਘ ਬੂਹ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਨਵਤੇਜ ਸਿੰਘ ਕਾਉਣੀ ਤੇ ਸ. ਅਮਰੀਕ ਸਿੰਘ ਸ਼ਾਹਪੁਰ ਨੂੰ ਚੁਣਿਆ ਗਿਆ।
ਜਨਰਲ ਹਾਊਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕੀਤਾ। ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸਮੁੱਚੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਉਹ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਪੰਥਕ ਮਜ਼ਬੂਤੀ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਕੌਮ ਨੂੰ ਦਰਪੇਸ਼ ਚੁਣੌਤੀਆਂ ਨੂੰ ਰਲ਼-ਮਿਲ਼ ਕੇ ਨਜਿੱਠਿਆ ਜਾਵੇਗਾ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਉਨ੍ਹਾਂ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਗੁਰਮਤਿ ਦੇ ਪ੍ਰਚਾਰ ਪ੍ਰਸਾਰ ਲਈ ਕੀਤੇ ਗਏ ਕਾਰਜਾਂ ਦੀ ਪ੍ਰਸ਼ੰਸਾ ਵੀ ਕੀਤੀ।
ਇਸ ਉਪਰੰਤ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਨੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਬਖਸ਼ਿਸ਼ ਕੀਤੇ।
ਜਨਰਲ ਹਾਊਸ ਦੌਰਾਨ ਸ਼੍ਰੋਮਣੀ ਕਮੇਟੀ ਦੇ ੧੭੦ ਮੈਂਬਰਾਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿਚ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਜਥੇਦਾਰ ਅਵਤਾਰ ਸਿੰਘ ਮੱਕੜ, ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਸ. ਸੁਰਜੀਤ ਸਿੰਘ ਭਿੱਟੇਵਡ, ਬੀਬੀ ਕਿਰਨਜੋਤ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਬਾਬਾ ਬੂਟਾ ਸਿੰਘ, ਸ. ਕੇਵਲ ਸਿੰਘ ਬਾਦਲ, ਸੰਤ ਬਲਬੀਰ ਸਿੰਘ ਘੁੰਨਸ, ਭਾਈ ਰਜਿੰਦਰ ਸਿੰਘ ਮਹਿਤਾ, ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਭਾਈ ਰਾਮ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਿੰਦਰਪਾਲ ਸਿੰਘ ਲਾਲੀ ਰਣੀਕੇ, ਸ. ਜੋਧ ਸਿੰਘ ਸਮਰਾ, ਸ. ਬਲਜੀਤ ਸਿੰਘ ਜਲਾਲਉਸਮਾਂ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਤੇ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਬਿਜੈ ਸਿੰਘ, ਸ. ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾ ਸਿੰਘਾ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ ਤੇ ਸ. ਜਗਜੀਤ ਸਿੰਘ ਜੱਗੀ ਸਮੇਤ ਹੋਰ ਹਾਜ਼ਰ ਸਨ।
ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਕੁਝ ਅਹਿਮ ਮਤੇ-
ਦਿੱਲੀ ਸਥਿਤ ਦਿਆਲ ਸਿੰਘ ਈਵਨਿੰਗ ਕਾਲਜ ਦਾ ਨਾਮ ਤਬਦੀਲ ਕਰਨ ਦੀ ਪੁਰਜ਼ੋਰ ਸ਼ਬਦਾਂ ਵਿਚ ਨਖੇਧੀ ਕੀਤੀ ਗਈ। ਕਾਲਜ ਦੀ ਗਵਰਨਿੰਗ ਬਾਡੀ ਦੇ ਇਸ ਫੈਸਲੇ ਨੂੰ ਬਿਲਕੁਲ ਗਲਤ ਕਰਾਰ ਦਿੰਦਿਆਂ ਇਸਨੂੰ ਇਤਿਹਾਸਕ ਵਿਰਾਸਤ ਦੀ ਹੋਂਦ ਖਤਮ ਕਰਨ ਵਾਲੀ ਕਾਰਵਾਈ ਕਿਹਾ। ਕਾਲਜ ਦੀ ਗਵਰਨਿੰਗ ਬਾਡੀ ਦੇ ਚੇਅਰਮੈਨ ਅਮਿਤਾਬ ਸਿਨਹਾ ਵੱਲੋਂ ਨਵੇਂ ਨਾਮ ਵੰਦੇ ਮਾਤਰਮ ਮਹਾਂਵਿਦਿਆਲਾ ਨੂੰ ਭਾਰਤੀ ਭਾਵਨਾ ਨੂੰ ਹੁਲਾਰਾ ਦੇਣ ਵਾਲਾ ਕਹਿਣਾ ਉਚਿਤ ਨਹੀਂ ਹੈ। ਕਿਉਂਕਿ ਸਿੱਖਾਂ ਨੇ ਦੇਸ਼ ਦੀ ਆਜ਼ਾਦੀ ਵਿਚ ੮੦% ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਇਸ ਕਾਲਜ ਦੀ ਵਿਰਾਸਤੀ ਹੋਂਦ ਖਤਮ ਕਰਕੇ ਘਟ ਗਿਣਤੀਆਂ ਵਿਚ ਬੇਗਾਨਗੀ ਦਾ ਅਹਿਸਾਸ ਕਰਾਉਣਾ ਸਿੱਖਾਂ ਦੀ ਦੇਸ਼ ਭਗਤੀ ਨਾਲ ਵੱਡਾ ਅਨਿਆ ਹੈ। ਜਨਰਲ ਇਜਲਾਜ ਵੱਲੋਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਸ. ਦਿਆਲ ਸਿੰਘ ਮਜੀਠੀਆ ਕਾਲਜ ਦੇ ਨਾਮ ਨੂੰ ਕਾਇਮ ਰੱਖਣ ਲਈ ਕਾਰਵਾਈ ਨੂੰ ਅਮਲੀ ਰੂਪ ਦੇਵੇ ਤਾਂ ਜੋ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤ੍ਰਿੰਗ ਕਮੇਟੀ ਦੀ ਇਕੱਤਰਤਾ ਮਿਤੀ ੧੦-੧੦-੨੦੧੭ ਦੀ ਮਤਾ ਨੰਬਰ ੧੧੬੩ ਰਾਹੀਂ ਹੋਏ ਫੈਸਲੇ ਅਨੁਸਾਰ ਧਰਮੀ ਫੌਜੀਆਂ ਨੂੰ ਅਪ੍ਰੈਲ ੨੦੧੮ ਤੋਂ ਅੱਗੋਂ ਪੰਜ ਸਾਲ ਲਈ ੫੦-੫੦ ਹਜ਼ਾਰ ਰੁਪਏ ਸਾਲਾਨਾ ਜਾਰੀ ਰੱਖਣ, ਧਰਮੀ ਫੌਜੀਆਂ ਦੇ ਬੱਚਿਆਂ ਜਿਨ੍ਹਾਂ ਦੀ ਕੰਟਰੈਕਟ ਜਾਂ ਆਰਜੀ ਸਰਵਿਸ ਵਿਚ ੨ ਸਾਲ ਹੋ ਗਈ ਹੈ, ਨੂੰ ਬਿਲਮੁਕਤਾ ਦੀ ਬਜਾਏ ਗ੍ਰੇਡ ਵਿਚ ਕਰਨ, ਜਿਨ੍ਹਾਂ ਦਾ ਜਨਰਲ ਕੋਰਟ ਮਾਰਸ਼ਲ, ਸਮਰੀਕੋਰਟ ਮਾਰਸ਼ਲ ਹੋਇਆ ਅੱਗੋਂ ਉਨ੍ਹਾਂ ਦੇ ਬੱਚਿਆਂ ਨੂੰ ਕੰਟਰੈਕਟ ਜਾਂ ਆਰਜੀ ਰੱਖਣ ਦੀ ਬਜਾਏ ਸਿੱਧਾ ਬਿਲਮੁਕਤਾ ਰੱਖਣ ਲਈ ਸਰਵਿਸ ਰੂਲ ਦੇ ਨਿਯਮ ਜਾਂ ਉਪਨਿਯਮ ਤੇ ਪ੍ਰਬੰਧ ਸਕੀਮ ਵਿਚ ਸੋਧ ਕਰਨ ਦਾ ਫੈਸਲਾ ਕੀਤਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤ੍ਰਿੰਗ ਕਮੇਟੀ ਦੀ ਇਕੱਤਰਤਾ ਮਿਤੀ ੧੦-੧੦-੨੦੧੭ ਦੀ ਮਤਾ ਨੰਬਰ ੧੧੮੩ ਰਾਹੀਂ ਹੋਏ ਫੈਸਲੇ ਅਨੁਸਾਰ ਗੁਰਦੁਆਰਾ ਕਮੇਟੀ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਲੋਪੋਂ (ਮੋਗਾ) ਦੀ ਸਾਲਾਨਾ ਆਮਦਨ ੩੫ ਲੱਖ ਤੋਂ ਵੱਧ ਜਾਣ ਕਾਰਨ ਸਿੱਖ ਗੁਰਦੁਆਰਾ ਐਕਟ ੧੯੨੫ ਦੀ ਧਾਰਾ ਸੈਕਸ਼ਨ ੮੭ (੧)ਬੀ ਤੋਂ ਸੈਕਸ਼ਨ ੮੫ ਵਿਚ ਤਬਦੀਲ ਕਰਨ ਦੀ ਪ੍ਰਵਾਨਗੀ ਦਿੰਦਿਆਂ ਅੱਗੋਂ ਲੋੜੀਂਦੀ ਕਾਰਵਾਈ ਲਈ ਭਾਰਤ ਸਰਕਾਰ ਪਾਸ ਸਿਫਾਰਸ਼ ਕੀਤੀ ਗਈ।
ਇਜਲਾਸ ਦੌਰਾਨ ਪੰਜਾਬੀ ਭਾਸ਼ਾ ਬਾਰੇ ਅਹਿਮ ਮਤਾ ਪਾਸ ਕਰਦਿਆਂ ਮਾਂ ਬੋਲੀ ਪੰਜਾਬੀ ਨਾਲ ਕੀਤੇ ਜਾ ਰਹੇ ਵਿਤਕਰੇ ਨੂੰ ਬੰਦ ਕਰਨ/ਕਰਵਾਉਣ ਲਈ ਸਰਕਾਰਾਂ ਪਾਸੋਂ ਮੰਗ ਕੀਤੀ ਗਈ। ਮਤੇ ਰਾਹੀਂ ਚਿੰਤਾ ਜ਼ਾਹਿਰ ਕੀਤੀ ਗਈ ਕਿ ਪੰਜਾਬ ਵਿਚ ਹੀ ਮਾਂ ਬੋਲੀ ਪੰਜਾਬੀ ਨਾਲ ਵਿਤਕਰਾ ਤੇ ਵਖਰੇਵਾਂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਵਾਸੀਆਂ ਦੀ ਬਦਕਿਸਮਤੀ ਹੈ ਕਿ ਉਹ ਆਪਣੀ ਮਾਂ ਬੋਲੀ ਨਾਲ ਵਿਤਕਰਾ ਕਰਦੇ ਹੋਏ ਵਿਦਿਅਕ, ਵਿੱਤੀ ਅਦਾਰਿਆਂ ‘ਤੇ ਆਪਣੇ ਨਾਵਾਂ ਦੀਆਂ ਤਖਤੀਆਂ ਮਾਂ ਬੋਲੀ ਪੰਜਾਬੀ ਦੀ ਥਾਂ ਹਿੰਦੀ ਤੇ ਅੰਗ੍ਰੇਜੀ ਵਿਚ ਲਿਖਦੀਆਂ ਹਨ, ਜੋ ਕਦਾਚਿਤ ਵੀ ਉਚਿਤ ਨਹੀਂ। ਘਰਾਂ ਵਿਚ ਹਿੰਦੀ ਬੋਲੀ ਜਾਣੀ, ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲਾ ਸਥਾਨ ਨਾ ਮਿਲਣਾ, ਕੌਮੀ ਰਾਜ ਮਾਰਗਾਂ ਦੇ ਚਿੰਨ੍ਹ ਹਿੰਦੀ ਅਤੇ ਅੰਗਰੇਜ਼ੀ ਵਿਚ ਪਹਿਲਾਂ ਲਿਖਣੇ, ਇਸ ਗੱਲ ਦਾ ਪ੍ਰਮਾਣ ਹਨ। ਭਾਸ਼ਾ ਵਿਭਾਗ ਪੰਜਾਬ ਮਾਂ ਬੋਲੀ ਪੰਜਾਬੀ ਦੇ ਵਿਕਾਸ ਤੇ ਵਿਸਥਾਰ ਲਈ ਸਥਾਪਤ ਕੀਤਾ ਗਿਆ ਸੀ ਪਰ ਹੁਣ ਇਸ ਨੇ ਵੀ ਅਵੇਸਲੇਪਨ ਦਾ ਸਬੂਤ ਦਿੰਦਿਆਂ ਪੰਜਾਬੀ ਸਪਤਾਹ ਹੀ ਨਹੀਂ ਮਨਾਇਆ। ਜਨਰਲ ਇਜਲਾਸ ਵੱਲੋਂ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ ਤੇ ਹੋਰ ਪੰਜਾਬੀ ਵੱਸੋਂ ਵਾਲੇ ਸੂਬਿਆਂ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਵਿਸ਼ੇਸ਼ ਉਪਰਾਲੇ ਕਰੇ। ਇਸਦੇ ਨਾਲ ਹੀ ਪੰਜਾਬ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਕਿ ਮਾਂ ਬੋਲੀ ਪੰਜਾਬੀ ਦਾ ਸਤਿਕਾਰ ਬਹਾਲ ਕਰਾਉਣ ਲਈ ਪਿਛਲੇ ਸਮੇਂ ਵਿਚ ਪੰਜਾਬੀ ਪ੍ਰੇਮੀਆਂ ‘ਤੇ ਦਰਜ ਕੀਤੇ ਕੇਸਾਂ ਨੂੰ ਰੱਦ ਕੀਤਾ ਜਾਵੇ।
ਸਾਲ ੨੦੧੯ ਵਿਚ ਆ ਰਹੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ਸਾਲਾ ਪ੍ਰਕਾਸ਼ ਪੁਰਬ ਸਬੰਧੀ ਇੱਕ ਪਾਸ ਕੀਤੇ ਗਏ ਮਤੇ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਰਾਇ ਬੁਲਾਰ ਅਹਿਮਦ ਭੱਟੀ ਦੇ ਨਾਮ ਪੁਰ ਲਾਇਬ੍ਰੇਰੀ ਬਣਾਉਣ, ਸਿੱਖ ਮਿਊਜ਼ੀਅਮ ਸਥਾਪਤ ਕਰਨ, ਸਿੱਖ ਬੱਚਿਆਂ ਨੂੰ ਗੁਰਮਤਿ ਸੰਗੀਤ ਦੀ ਸਿੱਖਿਆ ਦੇਣ ਲਈ ਭਾਈ ਮਰਦਾਨਾ ਜੀ ਦੇ ਨਾਮ ਪੁਰ ਅਕੈਡਮੀ ਸਥਾਪਤ ਕਰਨ, ਪਾਕਿਸਤਾਨ ਵਿਖੇ ਸਿੱਖੀ ਦੇ ਪ੍ਰਚਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈਬਸਾਈਟ ਪੰਜਾਬੀ/ਗੁਰਮੁਖੀ ਅਤੇ ਅੰਗ੍ਰੇਜ਼ੀ ਦੇ ਨਾਲ ਸ਼ਾਹਮੁਖੀ ਲਿੱਪੀ ਵਿਚ ਵੀ ਤਿਆਰ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਇਸਦੇ ਨਾਲ ਹੀ ਫੈਸਲਾ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿਨ ਸ਼ਰਧਾਲੂ ਰਾਇ ਬੁਲਾਰ ਅਹਿਮਦ ਭੱਟੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਉਣ ਸਮੇਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ਸਾਲਾ ਗੁਰਪੁਰਬ ਦੇ ਸਮਾਗਮਾਂ ਸਮੇਂ ਰਾਇ ਬੁਲਾਰ ਜੀ ਦੇ ਪਰਿਵਾਰਕ ਮੈਂਬਰਾਂ ਅਤੇ ਪਾਕਿਸਤਾਨ ਵਿਚ ਰਹਿ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂਆਂ ਦੇ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ‘ਤੇ ਨਿੱਘਾ ਸਵਾਗਤ ਕੀਤਾ ਜਾਵੇਗਾ।
ਜਨਰਲ ਇਜਲਾਸ ਵਿਚ ਪਾਸ ਕੀਤੇ ਗਏ ਇੱਕ ਮਤੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਲਈ ਪੁਰਜ਼ੋਰ ਮੰਗ ਕੀਤੀ। ਮਤੇ ਰਾਹੀਂ ਕਿਹਾ ਗਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਲ ਸਬੰਧਤ ਅਸਥਾਨ ਹੈ, ਜਿਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਇਹ ਅਸਥਾਨ ਭਾਰਤ ਦੇ ਸਰਹੱਦੀ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੀ ਸਰਹੱਦ ਤੋਂ ਕੋਈ ੫-੬ ਮੀਲ ਦੀ ਦੂਰੀ ‘ਤੇ ਸਥਿਤ ਹੋਣ ਕਾਰਨ ਸਾਫ ਨਜ਼ਰ ਆਉਂਦਾ ਹੈ। ਭਾਰਤ ਦੀ ਸਰਹੱਦ ਤੋਂ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਹਜ਼ਾਰਾਂ ਸੰਗਤਾਂ ਪੁੱਜਦੀਆਂ ਹਨ। ਇਸ ਲਈ ਜਨਰਲ ਇਜਲਾਸ ਵੱਲੋਂ ਇਸ ਅਸਥਾਨ ਦੇ ਖੁੱਲ੍ਹੇ ਲਾਂਘੇ ਲਈ ਮੰਗ ਕੀਤੀ ਗਈ। ਇਸੇ ਮਤੇ ਰਾਹੀਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਮੰਗ ਕੀਤੀ ਗਈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮਨਾਉਣ ਲਈ ਸੰਗਤਾਂ ਨੂੰ ਵੱਧ-ਵੱਧ ਵੀਜ਼ੇ ਦੇਣ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਖੁੱਲ੍ਹਾ ਲਾਂਘਾ ਵੀ ਦਿੱਤਾ ਜਾਵੇ।
ਇੱਕ ਮਤੇ ਰਾਹੀਂ ਗੁਰਦੁਆਰਾ ਗੁਰੂ ਡਾਂਗਮਾਰ ਤੇ ਗੁਰਦੁਆਰਾ ਚੁੰਗਥਾਮ (ਸਿੱਕਮ) ਵਿਖੇ ਵਾਪਰੀਆਂ ਘਟਨਾਵਾਂ ਅਤੇ ਪ੍ਰਸ਼ਾਸਨ ਵੱਲੋਂ ਮਿਲ ਕੇ ਕੀਤੇ ਗਏ ਕੋਝੇ ਯਤਨ ਦੀ ਨਿਖੇਧੀ ਕੀਤੀ ਗਈ। ਇਨ੍ਹਾਂ ਗੁਰੂ ਘਰਾਂ ਦੀ ਹੋਈ ਘੋਰ ਬੇਅਦਬੀ ਸਬੰਧੀ ਸਿੱਕਮ ਹਾਈਕੋਰਟ ਵਿਚ ਕੇਸ ਕੀਤਾ ਗਿਆ ਹੈ ਅਤੇ ਨਿਆਂਪ੍ਰਣਾਲੀ ਪਾਸੋਂ ਇਨਸਾਫ ਦੀ ਮੰਗ ਕੀਤੀ ਗਈ ਹੈ। ਮਤੇ ਵਿਚ ਗੁਰੂ ਘਰ ਦੀ ਮਾਣ ਮਰਯਾਦਾ ਨੂੰ ਬਹਾਲ ਰੱਖਣ ਲਈ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸਿੱਕਮ ਦੇ ਗਵਰਨਰ ਤੇ ਮੁੱਖ ਮੰਤਰੀ ਪਾਸੋਂ ਮੰਗ ਕੀਤੀ ਗਈ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਸੌਂਪਿਆ ਜਾਵੇ।
ਗੁਰਦੁਆਰਾ ਸਾਹਿਬਾਨ ਦੀ ਆਮਦਨ ਪੁਰ ਭਾਰਤ ਸਰਕਾਰ ਵੱਲੋਂ ਲਗਾਏ ਜੀ. ਐਸ. ਟੀ. ਦੀ ਸਖਤ ਨਿੰਦਾ ਕੀਤੀ ਗਈ। ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਸ਼ਰਧਾਲੂ ਤੇ ਵੱਖ-ਵੱਖ ਧਰਮਾਂ ਨਾਲ ਸਬੰਧਤ ਪ੍ਰੇਮੀ ਨਤਮਸਤਕ ਹੁੰਦੇ ਹਨ, ਗੁਰੂ ਰਾਮਦਾਸ ਲੰਗਰ ਵਿਚ ਇੱਕ ਲੱਖ ਤੋਂ ਵੱਧ ਸੰਗਤਾਂ ਰੋਜ਼ਾਨਾ ਪ੍ਰਸ਼ਾਦਾ ਛਕਦੀਆਂ ਹਨ ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਵਿਚ ਕੁਦਰਤੀ ਆਫਤਾਂ ਵਿਚ ਬਿਨਾਂ ਕਿਸੇ ਭੇਦ ਭਾਵ ਤੋਂ ਵੱਧ ਚੜ੍ਹ ਕੇ ਲੋਕਾਂ ਦੀ ਹਰ ਪੱਖ ਤੋਂ ਮਦਦ ਕੀਤੀ ਜਾਂਦੀ ਹੈ। ਗੁਰਦੁਆਰਾ ਸਾਹਿਬਾਨ ਦੀ ਆਮਦਨ ਸੰਗਤਾਂ ਵੱਲੋਂ ਕੀਤੇ ਦਾਨ ਉਪਰ ਹੀ ਨਿਰਭਰ ਹੈ। ਇਸ ਲਈ ਇਜਲਾਸ ਵੱਲੋਂ ਭਾਰਤ ਸਰਕਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲਦੇ ਗੁਰਦੁਆਰਾ ਸਾਹਿਬਾਨ ‘ਤੇ ਜੀ. ਐਸ. ਟੀ. ਤੋਂ ਛੋਟ ਦੇਣ ਦੀ ਪੁਰਜ਼ੋਰ ਮੰਗ ਕੀਤੀ ਗਈ।